Punjab Religion

ਜਥੇਦਾਰ ਗੜਗੱਜ ਨੇ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਦੇ ਚਲਾਣੇ ’ਤੇ ਪ੍ਰਗਟਾਇਆ ਦੁੱਖ

ਬਿਊਰੋ ਰਿਪੋਰਟ (ਅੰਮ੍ਰਿਤਸਰ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਾਬਕਾ ਰਾਜਪਾਲ ਸ੍ਰੀ ਸਤਿਆਪਾਲ ਮਲਿਕ ਦੇ ਚਲਾਣੇ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਜਥੇਦਾਰ ਗੜਗੱਜ ਨੇ ਕਿਹਾ ਕਿ ਸ੍ਰੀ ਸਤਿਆਪਾਲ ਮਲਿਕ ਨੇ ਨਿਧੜਕ ਹੋ ਕੇ ਪੰਜਾਬ ਅਤੇ ਖ਼ਾਸਕਰ ਸਿੱਖਾਂ ਲਈ ਅਵਾਜ਼ ਉਠਾਈ, ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਦੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਉੱਪਰ ਸੰਘਰਸ਼ ਕਰ ਰਹੇ ਸਨ ਤਾਂ ਸ੍ਰੀ ਸਤਿਆਪਾਲ ਮਲਿਕ ਨੇ ਉਨ੍ਹਾਂ ਦੇ ਹੱਕ ਵਿੱਚ ਸਰਕਾਰ ਕੋਲ ਅਵਾਜ਼ ਚੁੱਕੀ।

ਇਸ ਦੇ ਨਾਲ ਹੀ ਸ੍ਰੀ ਮਲਿਕ ਨੇ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ 1984 ਵਿੱਚ ਕੀਤੇ ਗਏ ਫ਼ੌਜੀ ਹਮਲੇ ਨੂੰ ਵੀ ਗ਼ਲਤ ਕਰਾਰ ਦਿੱਤਾ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਿਸ਼ ਕਰਨ।