ਬਿਊਰੋ ਰਿਪੋਰਟ (ਅੰਮ੍ਰਿਤਸਰ, 8 ਦਸੰਬਰ 2025): ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਆਪਣੀ ਸਰਕਾਰ ਦੀ ਸਮੁੱਚੀ ਕੈਬਨਿਟ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਨਾਲ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੁਲਾਕਾਤ ਕੀਤੀ।
ਇਸ ਇਕੱਤਰਤਾ ਮੌਕੇ ਗੱਲਬਾਤ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਆਖਿਆ ਕਿ ਉਨ੍ਹਾਂ ਦੀ ਸਰਕਾਰ ਦੇ ਕੋਲ ਬੰਦੀ ਸਿੰਘ ਪ੍ਰੋ. ਦੇਵਿੰਦਰਪਾਲ ਸਿੰਘ ਭੁੱਲਰ ਦਾ ਮਾਮਲਾ ਲਮਕਿਆ ਹੋਇਆ ਹੈ ਅਤੇ ਉਨ੍ਹਾਂ ਦੇ ਇੱਕ ਦਸਤਖ਼ਤ ਨਾਲ ਉਹ ਰਿਹਾਅ ਹੋ ਸਕਦੇ ਹਨ।
ਉਨ੍ਹਾਂ ਕਿਹਾ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪ੍ਰੋ ਦੇਵਿੰਦਰਪਾਲ ਸਿੰਘ ਦਾ ਮਾਮਲਾ ਲਮਕਾਇਆ ਗਿਆ ਹੈ ਅਤੇ ਮੌਜੂਦਾ ਭਾਜਪਾ ਸਰਕਾਰ ਦੇ ਕੋਲ ਉਨ੍ਹਾਂ ਨੂੰ ਰਿਹਾਅ ਕਰਨ ਦਾ ਇੱਕ ਚੰਗਾ ਮੌਕਾ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਦੇਸ਼ ਦੀ ਸੁਰੱਖਿਆ ਦੀ ਗੱਲ ਆਉਂਦੀ ਹੈ ਤਾਂ ਸਭ ਤੋਂ ਵੱਧ ਪੰਜਾਬ ਦੇ ਨੌਜਵਾਨ ਮੂਹਰੇ ਹੋ ਕੇ ਆਪਣੇ ਹਿੱਕ ਢਾਹੁੰਦੇ ਹਨ। ਜਥੇਦਾਰ ਗੜਗੱਜ ਵੱਲੋਂ ਚੁੱਕੇ ਗਏ ਮਾਮਲੇ ਨੂੰ ਦਿੱਲੀ ਦੀ ਮੁੱਖ ਮੰਤਰੀ ਵੱਲੋਂ ਗੌਰ ਨਾਲ ਸੁਣਿਆ ਗਿਆ ਅਤੇ ਭਰੋਸਾ ਦਿੱਤਾ ਗਿਆ ਕਿ ਉਹ ਇਸ ਮਾਮਲੇ ਨੂੰ ਹੱਲ ਕਰਨ ਲਈ ਯਤਨ ਕਰਨਗੇ।
ਇਸ ਮੌਕੇ ਸਕੱਤਰੇਤ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜੁਗਿੰਦਰ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਗਿਆਨੀ ਮੰਗਲ ਸਿੰਘ ਤੋਂ ਇਲਾਵਾ ਦਿੱਲੀ ਸਰਕਾਰ ਦੀ ਕੈਬਨਿਟ ਦੇ ਕੁਝ ਮੰਤਰੀ ਵੀ ਹਾਜ਼ਰ ਸਨ।

