ਬਿਊਰੋ ਰਿਪੋਰਟ (ਅੰਮ੍ਰਿਤਸਰ, 8 ਦਸੰਬਰ 2025): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਲੀ ਦੀ ਨਵੀਂ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਸਲਾ ਤੁਰੰਤ ਹੱਲ ਕਰਨ ਦੀ ਅਪੀਲ ਕੀਤੀ ਹੈ।
ਇੱਕ ਵੀਡੀਓ ਸੰਦੇਸ਼ ਰਾਹੀਂ ਜਥੇਦਾਰ ਗੜਗੱਜ ਨੇ ਮੁੱਖ ਮੰਤਰੀ ਨੂੰ ਸੰਬੋਧਨ ਕਰਦਿਆਂ ਕਿਹਾ, “ਤੁਹਾਡੇ ਕੋਲ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਫਾਈਲ ਪਈ ਹੈ, ਤੁਹਾਡੇ ਇੱਕ ਸਾਈਨ ਵੱਜਣੇ ਆ, ਉਹ ਮਸਲਾ ਹੱਲ ਹੋ ਜਾਏਗਾ। ਕੇਜਰੀਵਾਲ [ਸਾਬਕਾ ਮੁੱਖ ਮੰਤਰੀ] ਨੇ ਮਾਮਲਾ ਲਟਕਾ ਛੱਡਿਆ ਸੀ।”
ਜਥੇਦਾਰ ਗੜਗੱਜ ਨੇ ਜ਼ੋਰ ਦੇ ਕੇ ਕਿਹਾ ਕਿ ਪ੍ਰੋ. ਭੁੱਲਰ ਦੀ ਰਿਹਾਈ ਦੀ ਫਾਈਲ ਲੰਬੇ ਸਮੇਂ ਤੋਂ ਦਿੱਲੀ ਸਰਕਾਰ ਕੋਲ ਪੈਂਡਿੰਗ ਪਈ ਹੈ ਅਤੇ ਇਸ ਨੂੰ ਹੁਣ ਹੋਰ ਲਟਕਾਇਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਮਨੁੱਖੀ ਹਮਦਰਦੀ ਦੇ ਅਧਾਰ ’ਤੇ ਤੁਰੰਤ ਫੈਸਲਾ ਲੈਣ ਦੀ ਅਪੀਲ ਕੀਤੀ ਤਾਂ ਜੋ ਇਸ ਲੰਬੇ ਸਮੇਂ ਤੋਂ ਚੱਲ ਰਹੇ ਮੁੱਦੇ ਦਾ ਨਿਪਟਾਰਾ ਹੋ ਸਕੇ।

