Punjab

ਸੰਸਦ ‘ਚ ਸਰਕਾਰ ਖਿਲਾਫ਼ ਭਿੜੇ ਅਕਾਲੀ-ਕਾਂਗਰਸੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਤਿੰਨ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਬਰੂਹਾਂ ‘ਤੇ ਦੇਸ਼ ਭਰ ਦੇ ਕਿਸਾਨ ਲੰਮੇ ਸਮੇਂ ਤੋਂ ਲੜਾਈ ਲੜ ਰਹੇ ਹਨ। ਪਰ ਅੱਜ ਪੰਜਾਬ ਦੇ ਕਾਂਗਰਸੀਆਂ ਅਤੇ ਅਕਾਲੀਆਂ ਨੇ ਰਲ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਬੀਬੀ ਹਰਸਿਮਰਤ ਕੌਰ ਬਾਦਲ ਆਪਣੇ ਸਾਬਕਾ ਆਕਾ ਮੂਹਰੇ ਪੂਰੇ ਜੋਸ਼ ਨਾਲ ਗਰਜੇ। ਸੰਸਦ ਕੰਪਲੈਕਸ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਸੰਸਦਾਂ ਨੇ ਇਕੱਠਿਆਂ ਨੇ ਖੇਤੀ ਕਾਨੂੰਨਾਂ ਦੇ ਖ਼ਿਲਾਫ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਵਿੱਚ ਹਰਸਿਮਰਤ ਕੌਰ ਬਾਦਲ, ਬਲਵਿੰਦਰ ਸਿੰਘ ਭੂੰਦੜ, ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਮੁਹੰਮਦ ਸਦੀਕ ਅਤੇ ਜਸਵੀਰ ਸਿੰਘ ਡਿੰਪਾ ਸਮੇਤ ਬਹੁਜਨ ਸਮਾਜ ਪਾਰਟੀ ਦੇ ਮੈਂਬਰ ਵੀ ਮੌਜੂਦ ਸਨ।

ਹਰਸਿਮਰਤ ਕੌਰ ਬਾਦਲ ਨੇ ਸੰਸਦ ਵਿੱਚ ਕਿਸਾਨ ਅੰਦੋਲਨ ਦੇ ਸ਼ਹੀਦਾਂ ਦੀਆਂ ਤਸਵੀਰਾਂ ਲਹਿਰਾਈਆਂ ਅਤੇ ਬੈਨਰ ਲਹਿਰਾਏ ਸਨ, ਜਿਹਨਾਂ ’ਤੇ “ਕੇਂਦਰ ਸਰਕਾਰ ਕਰ ਲੇ ਪਹਿਚਾਨ ਯੇਹ ਹੈ ਹਮਾਰਾ ਸ਼ਹੀਦ ਕਿਸਾਨ” ਲਿਖਿਆ ਹੋਇਆ ਸੀ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ 2024 ਵਿੱਚ ਐਨਡੀਏ ਸਰਕਾਰ ਚੱਲਦਾ ਹੋਵੇਗੀ ਤੇ ਕਿਸਾਨ ਪੱਖੀ ਸਰਕਾਰ ਬਣਨ ਦਾ ਰਾਹ ਪੱਧਰਾ ਹੋਵੇਗਾ।

ਤਿੰਨ ਖੇਤੀ ਕਾਨੂੰਨਾਂ ਖਿਲਾਫ ਕਾਂਗਰਸ ਤੇ ਅਕਾਲੀਆਂ ਦੀ ਸਾਂਝੀ ਤਾਕਤ ਕਿਸਾਨ ਅੰਦੋਲਨ ਨੂੰ ਜ਼ਰੂਰ ਤਾਕਤ ਦੇਵੇਗੀ। ਉਹ ਵੀ ਉਸ ਵੇਲੇ ਜਦੋਂ ਗੁਰਨਾਮ ਸਿੰਘ ਚੜੂਨੀ ਵੱਲੋਂ ਚੁਣੇ ਵਖਰੇ ਰਾਹ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਚਰਚਾਵਾਂ ਛਿੜ ਗਈਆਂ ਹਨ। ਦੂਜੇ ਪਾਸੇ ਪਤਾ ਲੱਗਾ ਹੈ ਕਿ ਰਾਜ ਸਭਾ ਵਿੱਚ ਵੀ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਪੂਰੇ ਜ਼ੋਰ ਨਾਲ ਹੰਗਾਮਾ ਕੀਤਾ ਹੈ। ਪੰਜਾਬ ਤੋਂ ਰਾਜ ਸਭਾ ਦੇ ਮੈਂਬਰ ਅਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਤਾਂ ਜੋਸ਼ ਵਿੱਚ ਆ ਕੇ ਵੇਲ੍ਹ ‘ਤੇ ਜਾ ਵੜੇ। ਉਨ੍ਹਾਂ ਨੇ ਗੁੱਸੇ ਵਿੱਚ ਆ ਕੇ ਸਪੀਕਰ ਦੀ ਕੁਰਸੀ ਵੱਲ ਫਾਈਲ ਵੀ ਵਗ੍ਹਾ ਮਾਰੀ। ਰਾਜ ਸਭਾ ਵਿੱਚ ਸਮੁੱਚੀ ਵਿਰੋਧੀ ਧਿਰ ਨੇ ਜ਼ੋਰ ਦਾ ਹੰਗਾਮਾ ਕੀਤਾ ਅਤੇ ਸਦਨ ਦੀ ਕਾਰਵਾਈ ਵਿੱਚ ਵਿਘਨ ਪਾਇਆ। ਕਾਂਗਰਸ ਅਤੇ ਅਕਾਲੀਆਂ ਵਿੱਚ ਨੇੜਤਾ ਦੇ ਸੰਕੇਤ ਪਹਿਲਾਂ ਹੀ ਮਿਲਣ ਲੱਗ ਗਏ ਸਨ ਜਦੋਂ ਸਾਬਕਾ ਕੇਂਦਰੀ ਮੰਤਰੀ ਕਪਿਲ ਸਿੱਬਲ ਦੇ ਘਰ ਹੋਈ ਵਿਰੋਧੀ ਪਾਰਟੀਆਂ ਦੀ ਮੀਟਿੰਗ ਵਿੱਚ ਪੰਜਾਬ ਦੀਆਂ ਇਹ ਦੋਵੇਂ ਵਿਰੋਧੀ ਪਾਰਟੀਆਂ ਦੇ ਨੇਤਾ ਸ਼ਾਮਿਲ ਹੋਏ।