ਪੰਜਾਬ ਦੀ ਸਿਆਸਤ ਵਿੱਚ ਗੁਰਪੁਰਬ ਦੇ ਪਵਿੱਤਰ ਦਿਹਾੜੇ ’ਤੇ ਇੱਕ ਵੱਡਾ ਸਿਆਸੀ ਧਮਾਕਾ ਹੋਇਆ ਹੈ। ਕਰੀਬ ਛੇ ਸਾਲਾਂ ਦੇ ਲੰਬੇ ਵਕਫ਼ੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣਾ ਪੁਰਾਣਾ ਗੱਠਜੋੜ ਮੁੜ ਬਹਾਲ ਕਰਨ ਦਾ ਰਸਮੀ ਐਲਾਨ ਕਰ ਦਿੱਤਾ ਹੈ। ਇਸ ਐਲਾਨ ਨਾਲ ਪੰਜਾਬ ਦੀ ਸਿਆਸਤ ਵਿੱਚ ਨਵੇਂ ਸਮੀਕਰਨ ਬਣਨ ਦੀ ਸੰਭਾਵਨਾ ਤੇਜ਼ ਹੋ ਗਈ ਹੈ ਅਤੇ ਆਉਣ ਵਾਲੀਆਂ ਚੋਣਾਂ ਲਈ ਸਿਆਸੀ ਪਾਰਟੀਆਂ ਦੀਆਂ ਤਿਆਰੀਆਂ ਵੀ ਨਵੇਂ ਸਿਰੇ ਤੋਂ ਸ਼ੁਰੂ ਹੋਣਗੀਆਂ।
ਨਵੀਂ ਦਿੱਲੀ ਵਿੱਚ ਹੋਈ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਨਿਤਿਨ ਨਬੀਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗੱਠਜੋੜ ਦੀ ਵਾਪਸੀ ਦਾ ਐਲਾਨ ਕੀਤਾ। ਇਸ ਮੌਕੇ ਅਮਿਤ ਸ਼ਾਹ ਨੇ ਕਿਹਾ ਕਿ ਅਕਾਲੀ ਦਲ ਹੁਣ ਅਧਿਕਾਰਤ ਤੌਰ ’ਤੇ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ ਯਾਨੀ ਐਨ.ਡੀ.ਏ. ਦਾ ਹਿੱਸਾ ਬਣ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੁਖਬੀਰ ਸਿੰਘ ਬਾਦਲ ਨਾਲ ਫ਼ੋਨ ’ਤੇ ਗੱਲਬਾਤ ਕਰਕੇ ਇਸ ਫੈਸਲੇ ’ਤੇ ਖ਼ੁਸ਼ੀ ਜ਼ਾਹਰ ਕੀਤੀ ਹੈ। ਪ੍ਰਧਾਨ ਮੰਤਰੀ ਨੇ ਅਕਾਲੀ ਦਲ ਦੀ ਵਾਪਸੀ ਨੂੰ ਐਨ.ਡੀ.ਏ. ਲਈ ਅਹਿਮ ਦੱਸਿਆ ਅਤੇ ਕਿਹਾ ਕਿ ਇਸ ਨਾਲ ਗੱਠਜੋੜ ਮੁੜ ਪੂਰਾ ਹੋ ਗਿਆ ਹੈ।
ਵੱਡੇ ਭਰਾ ਦੀ ਭੂਮਿਕਾ ਅਕਾਲੀ ਦਲ ਹੀ ਨਿਭਾਏਗਾ -ਅਮਿਤ ਸ਼ਾਹ
ਗੱਠਜੋੜ ਦੇ ਐਲਾਨ ਦੌਰਾਨ ਅਮਿਤ ਸ਼ਾਹ ਨੇ ਪੰਜਾਬ ਵਿੱਚ ਅਕਾਲੀ ਦਲ ਦੀ ਭੂਮਿਕਾ ਨੂੰ ਸਪੱਸ਼ਟ ਕਰਦਿਆਂ ਕਿਹਾ ਕਿ ਸੂਬੇ ਵਿੱਚ ਅਕਾਲੀ ਦਲ ਵੱਡੇ ਭਰਾ ਦੀ ਭੂਮਿਕਾ ਨਿਭਾਏਗਾ। ਉਨ੍ਹਾਂ ਮੁੱਖ ਮੰਤਰੀ ਦੇ ਚਿਹਰੇ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਵੱਡਾ ਭਰਾ ਹੀ ਮੁੱਖ ਮੰਤਰੀ ਦਾ ਚਿਹਰਾ ਹੁੰਦਾ ਹੈ। ਇਸ ਬਿਆਨ ਨਾਲ ਇਹ ਸੰਕੇਤ ਮਿਲਿਆ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਗੱਠਜੋੜ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਕਰੇਗਾ ਅਤੇ ਮੁੱਖ ਮੰਤਰੀ ਦੇ ਅਹੁਦੇ ਲਈ ਅਕਾਲੀ ਦਲ ਦਾ ਉਮੀਦਵਾਰ ਹੀ ਅੱਗੇ ਹੋਵੇਗਾ। ਇਸ ਐਲਾਨ ਨੂੰ ਦੋਵਾਂ ਪਾਰਟੀਆਂ ਵਿਚਾਲੇ ਸੀਟਾਂ ਦੀ ਵੰਡ ਅਤੇ ਚੋਣ ਰਣਨੀਤੀ ਲਈ ਵੀ ਅਹਿਮ ਮੰਨਿਆ ਜਾ ਰਿਹਾ ਹੈ।
BJP ਤੇ SAD ਦਾ ਹੈ ਨਹੁੰ-ਮਾਸ ਦਾ ਰਿਸ਼ਤਾ – ਸੁਖਬੀਰ ਬਾਦਲ
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਗੱਠਜੋੜ ਨੂੰ ਸਿਰਫ਼ ਸਿਆਸੀ ਸਮਝੌਤਾ ਨਹੀਂ, ਸਗੋਂ ਪੰਜਾਬ ਦੀ ਭਲਾਈ ਲਈ ਇੱਕ ਭਾਵਨਾਤਮਕ ਰਿਸ਼ਤਾ ਦੱਸਿਆ। ਉਨ੍ਹਾਂ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਦਾ ਨਹੁੰ-ਮਾਸ ਦਾ ਰਿਸ਼ਤਾ ਹੈ, ਜਿਸ ਦੀ ਨੀਂਹ ਉਨ੍ਹਾਂ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੇ ਰੱਖੀ ਸੀ। ਬਾਦਲ ਨੇ ਦਾਅਵਾ ਕੀਤਾ ਕਿ ਇਹ ਗੱਠਜੋੜ ਪੰਜਾਬ, ਦੇਸ਼ ਅਤੇ ਸਿੱਖ ਕੌਮ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਗਿਆ ਹੈ ਅਤੇ ਦੋਵੇਂ ਪਾਰਟੀਆਂ ਮਿਲ ਕੇ ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਕੰਮ ਕਰਨਗੀਆਂ।
ਸੁਖਬੀਰ ਬਾਦਲ ਨੇ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਵੀ ਤਿੱਖੇ ਹਮਲੇ ਕੀਤੇ। ਉਨ੍ਹਾਂ ਦੋਸ਼ ਲਾਇਆ ਕਿ ‘ਟੀਮ ਕੇਜਰੀਵਾਲ’ ਪੰਜਾਬ ਨੂੰ ਲੁੱਟਣ ਵਿੱਚ ਲੱਗੀ ਹੋਈ ਹੈ ਅਤੇ ਸੂਬੇ ਦੀ ਮੌਜੂਦਾ ਹਾਲਤ ਨੂੰ ਬਦਲਣ ਲਈ ਨਵੀਂ ਸਰਕਾਰ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਗੱਠਜੋੜ ਦੀ ਸਰਕਾਰ ਪੰਜਾਬ ਦੀ ਜਵਾਨੀ ਨੂੰ ਬਚਾਉਣ, ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਅਤੇ ਗੈਂਗਸਟਰ ਕਲਚਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਕੰਮ ਕਰੇਗੀ। ਬਾਦਲ ਨੇ ਇਹ ਵੀ ਦਾਅਵਾ ਕੀਤਾ ਕਿ ਜਦੋਂ ਵੀ ਪੰਜਾਬ ਵਿੱਚ ਅਕਾਲੀ ਦਲ ਅਤੇ ਭਾਜਪਾ ਦੀ ਸਾਂਝੀ ਸਰਕਾਰ ਰਹੀ ਹੈ, ਸੂਬੇ ਨੇ ਤਰੱਕੀ ਕੀਤੀ ਹੈ ਅਤੇ ਪੰਜਾਬ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਿਹਾ ਹੈ।
ਆਪਣੇ ਸੰਬੋਧਨ ਵਿੱਚ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸ ਅਤੇ ਸੰਘਰਸ਼ਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ 106 ਸਾਲ ਪੁਰਾਣੀ ਇਹ ਪਾਰਟੀ ਦੇਸ਼ ਦੀਆਂ ਸਭ ਤੋਂ ਪੁਰਾਣੀਆਂ ਸਿਆਸੀ ਜਥੇਬੰਦੀਆਂ ਵਿੱਚੋਂ ਇੱਕ ਹੈ ਅਤੇ ਇਸ ਨੇ ਪੰਜਾਬ, ਸਿੱਖ ਕੌਮ ਅਤੇ ਲੋਕਾਂ ਦੇ ਹੱਕਾਂ ਲਈ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਹੈ। ਉਨ੍ਹਾਂ ਐਮਰਜੈਂਸੀ ਦੌਰਾਨ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਕੀਤੇ ਸੰਘਰਸ਼ ਨੂੰ ਵੀ ਯਾਦ ਕੀਤਾ।
ਅਕਾਲੀ ਦਲ ਅਤੇ ਭਾਜਪਾ ਦੇ ਮੁੜ ਇਕੱਠੇ ਹੋਣ ਨਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਨਵੀਂ ਸਿਆਸੀ ਜੰਗ ਸ਼ੁਰੂ ਹੋਣ ਦੇ ਆਸਾਰ ਹਨ। ਇਹ ਗੱਠਜੋੜ ਹੁਣ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਸਿੱਧੀ ਚੁਣੌਤੀ ਦੇਣ ਅਤੇ ਸੂਬੇ ਵਿੱਚ ਆਪਣੀ ਸਿਆਸੀ ਪਕੜ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰੇਗਾ। ਦੋਵਾਂ ਪਾਰਟੀਆਂ ਦੀ ਮੁੜ ਸਾਂਝ ਪੰਜਾਬ ਦੀ ਸਿਆਸਤ ਵਿੱਚ ਕਿੰਨਾ ਵੱਡਾ ਬਦਲਾਅ ਲਿਆਉਂਦੀ ਹੈ, ਇਹ ਆਉਣ ਵਾਲੇ ਸਮੇਂ ਵਿੱਚ ਸਪੱਸ਼ਟ ਹੋਵੇਗਾ।

