Punjab Religion

ਸ਼ਹੀਦੀ ਦਿਹਾੜੇ ਸਬੰਧੀ ਅਕਾਲੀ ਦਲ ਦੀ ਅਪੀਲ, ਸ਼ਹੀਦੀ ਦਿਹਾੜੇ ‘ਤੇ ਨਾ ਹੋਣ ਨਿਗਮ ਚੋਣਾਂ

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ 4 ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਦਿਨਾਂ ਦੌਰਾਨ ਸਥਾਨਕ ਸਰਕਾਰਾਂ ਦੀਆਂ ਚੋਣਾਂ ਕਰਵਾਉਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ। ਇਹ ਸ਼ਹੀਦੀ ਸਮਾਰੌਹ 15 ਤੋਂ 31 ਦਸੰਬਰ ਤੱਕ ਮਨਾਇਆ ਜਾਂਦਾ ਹੈ।

ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਸ ਸਮਾਰੌਹ ਦੌਰਾਨ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਅਤੇ ਸਬੰਧਤ ਸਥਾਨਾਂ ’ਤੇ ਮੱਥਾ ਟੇਕਦੀਆਂ ਹਨ। ਇਤਿਹਾਸ ਦੀ ਇਸ ਅਦੁੱਤੀ ਸ਼ਹਾਦਤ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਂਦੇ ਹਨ। ਇਸ ਲਈ ਇਸ ਸਮੇਂ ਦੌਰਾਨ ਕੋਈ ਵੀ ਚੋਣ ਕਰਵਾਉਣਾ ਸ਼ਾਂਤਮਈ ਅਤੇ ਪਵਿੱਤਰ ਮਾਹੌਲ ਨੂੰ ਵਿਗਾੜ ਕੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਏਗਾ।

ਚੋਣਾਂ ਦੌਰਾਨ ਇਤਿਹਾਸਕ ਮਹੱਤਤਾ ਵੱਲ ਧਿਆਨ ਦਿਓ

ਉਨ੍ਹਾਂ ਕਿਹਾ ਕਿ ਸਾਡਾ ਮੰਨਣਾ ਹੈ ਕਿ ਸਥਾਨਕ ਸਰਕਾਰਾਂ ਸੰਸਥਾਵਾਂ ਲਈ ਚੋਣਾਂ ਬਹੁਤ ਮਹੱਤਵਪੂਰਨ ਹਨ। ਪਰ ਚੋਣਾਂ ਕਰਵਾਉਣ ਸਮੇਂ ਇਤਿਹਾਸਕ ਮਹੱਤਤਾ ਵਾਲੇ ਦਿਨਾਂ ਨੂੰ ਧਿਆਨ ਵਿਚ ਰੱਖਣਾ ਚਾਹੀਦਾ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਉਮੀਦ ਹੈ ਕਿ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਚੋਣਾਂ ਦੀਆਂ ਤਰੀਕਾਂ ਦਾ ਫੈਸਲਾ ਕਰਨ ਸਮੇਂ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖੇਗਾ। ਚੋਣ ਕਮਿਸ਼ਨ ਅਤੇ ਪੰਜਾਬ ਸਰਕਾਰ ਨੂੰ ਇਨ੍ਹਾਂ ਪਹਿਲੂਆਂ ਨੂੰ ਧਿਆਨ ਵਿੱਚ ਰੱਖ ਕੇ ਹੀ ਕੋਈ ਫੈਸਲਾ ਲੈਣਾ ਚਾਹੀਦਾ ਹੈ। ਕਿਉਂਕਿ ਇਸ ਮੁੱਦੇ ਨਾਲ ਸੂਬੇ ਦੇ ਲੋਕਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ।