ਅੰਮ੍ਰਿਤਸਰ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫ਼ੇ ਨੇ ਪੰਥਕ ਹਲਚਲ ਮਚਾ ਦਿੱਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵੀ ਜਥੇਦਾਰਾਂ ਦੇ ਹੱਕ ‘ਚ ਨਿਤਰਨ ਲੱਗ ਪਏ ਹਨ। ਸ੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਅਕਾਲੀ ਦਲ ਦਾ ਵਫਦ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਲਈ ਉਹਨਾਂ ਦੀ ਰਿਹਾਇਸ਼ ’ਤੇ ਪੁੱਜਾ। ਵਫਦ ਵਿਚ ਡਾ. ਦਲਜੀਤ ਸਿੰਘ ਚੀਮਾ ਤੇ ਅਰਸ਼ਦੀਪ ਸਿੰਘ ਕਲੇਰ ਵੀ ਸ਼ਾਮਲ ਹਨ।
ਸਿੰਘ ਸਾਹਿਬਾਨ ਤੋਂ ਮੰਗੀ ਮੁਆਫੀ
ਅਕਾਲੀ ਦਲ ਨੇ ਪਿਛਲੇ ਦੋ ਦਿਨਾਂ ਤੋਂ ਵਾਪਰੇ ਘਟਨਾਕ੍ਰਮ ਦੇ ਮਾਮਲੇ ਵਿਚ ਸਿੰਘ ਸਾਹਿਬਾਨ ਕੋਲੋਂ ਮੁਆਫੀ ਮੰਗੀ ਹੈ। ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਅਕਾਲੀ ਦਲ ਦੇ ਵਫਦ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਅਕਾਲੀ ਦਲ ਵੱਲੋਂ ਸਿੰਘ ਸਾਹਿਬਾਨ ਤੋਂ ਜਾਣੇ ਅਣਜਾਣੇ ਵਿਚ ਹੋਈ ਭੁੱਲ ਲਈ ਮੁਆਫੀ ਮੰਗਦੇ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਹੀ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਰਿਹਾ ਹੈ।
ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ’ਚ ਨਿਤਰਿਆ ਅਕਾਲੀ ਦਲ
ਚੀਮਾ ਨੇ ਕਿਹਾ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਅਕਾਲੀ ਦਲ ਡਟ ਕੇ ਖੜ੍ਹਾ ਹੈ। ਉਨ੍ਹਾਂ ਨੇ ਕਿਹਾ ਕਿ ਸਿੰਘ ਸਾਹਿਬਾਨ ਦੀਆਂ ਧੀਆਂ, ਸਾਡੀਆਂ ਵੀ ਧੀਆਂ ਹਨ ਅਤੇ ਅਸੀਂ ਸਾਰੇ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਹਾਂ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਅਕਾਲੀ ਦਲ ਖ਼ਿਲਾਫ ਵੱਡੀ ਸਾਜਿਜ਼ ਰਚੀ ਜਾ ਰਹੀ ਹੈ ਜਿਸ ਵਿੱਚ ਕਈ ਸਰਕਾਰਾਂ ਸ਼ਾਮਲ ਹਨ। ਉਨ੍ਹਾਂ ਨੇ ਕਿਹਾ ਕਿ ਪਾਰਟੀ ਵਿਰੋਧੀ ਤਾਕਤਾਂ ਪਾਰਟੀ ਦੀ ਮਾਨਤਾ ਰੱਦ ਕਰਵਾਉਣੀ ਚਾਹੁੰਦੀ
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਅਸਤੀਫ਼ਾ ਦਿੱਤੇ ਜਾਣ ਸੰਬੰਧੀ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਅਸਤੀਫ਼ਾ ਪਰਵਾਨ ਕਰਨਾ ਜਾਂ ਨਾ ਕਰਨਾ ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਅਧਿਕਾਰ ਖੇਤਰ ਵਿਚ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਿੰਘ ਸਾਹਿਬ ਨੂੰ ਭਰੋਸਾ ਦਿੱਤਾ ਹੈ ਕਿ ਸਮੁੱਚੀ ਪਾਰਟੀ ਵਲੋਂ ਸਿੰਘ ਸਾਹਿਬਾਨ ਦਾ ਬਹੁਤ ਸਤਿਕਾਰ ਹੈ।
ਸੁਖਬੀਰ ਸਿੰਘ ਬਾਦਲ ‘ਤੇ ਜਲਦ ਫੈਸਲਾ ਕਰਨ ਜਥੇਦਾਰ ਸਾਹਿਬ
ਉਨ੍ਹਾਂ ਨੇ ਜਥੇਦਾਰ ਸਾਹਿਬ ਨੂੰ ਸੁਖਬੀਰ ਸਿੰਘ ਬਾਦਲ ‘ਤੇ ਜਲਦ ਫੈਸਲਾ ਕਰਨ ਲਈ ਬੇਨਤੀ ਕੀਤੀ ਹੈ। ਵਿਰਸਾ ਸਿੰਘ ਵਲਟੋਹਾ ਦੇ ਮਾਮਲੇ ’ਤੇ ਬੋਲਦਿਆਂ ਚੀਮਾ ਨੇ ਕਿਹਾ ਕਿ ਜੇਕਰ ਵਿਰਸਾ ਸਿੰਘ ਵਲਟੋਹਾ ਤੋਂ ਸਿੰਘ ਸਾਹਿਬਾਨਾਂ ਦੇ ਸ਼ਾਨ ਖ਼ਿਲਾਫ ਕੋਈ ਸ਼ਬਦ ਮੂੰਹੋ ਨਿਕਲਿਆ ਤਾਂ ਉਸ ਲਈ ਵੀ ਅਕਾਲੀ ਦਲ ਹੱਛ ਜੋੜ ਕੇ ਸਿੰਘ ਸਾਹਿਬਾਨਾਂ ਤੋਂ ਮੁਆਫੀ ਮੰਗਦਾ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਨਤਮਸਤਕ ਰਿਹਾ ਹੈ ਅਤੇ ਰਹੇਗਾ। ਚੀਮਾ ਨੇ ਕਿਹਾ ਕਿ ਅਕਾਲੀ ਦਲ ਦਾ ਜਨਮ ਹੀ ਅਕਾਲ ਤਖਤ ਸਾਹਿਬ ਤੋਂ ਹੋਇਆ ਹੈ।
ਇਸਦੇ ਨਾਲ ਉਨ੍ਹਾਂ ਵੱਲੋਂ ਪਾਰਟੀ ਦੇ ਆਗੂਆਂ ਨੂੰ ਸਖਤ ਨਿਰਦੇਸ਼ ਦਿੱਤੇ ਗਏ ਹਨ ਕਿ ਕੋਈ ਲੀਡਰ ਸਿੰਘ ਸਾਹਿਬਾਨ ਖ਼ਿਲਾਫ਼ ਬਿਆਨਬਾਜ਼ੀ ਨਾ ਕਰੇ ਪਰ ਜੇਕਰ ਕੋਈ ਬਿਆਨਬਾਜ਼ੀ ਕਰੇਗਾ ਪਾਰਟੀ ਉਸ ਨਾਲ ਸਖ਼ਤੀ ਨਾਲ ਨਜਿੱਠੇਗੀ।