ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਖਿਲਾਫ਼ ਲਗਾਈ ਗਈ ਸਜ਼ਾ ਤੋਂ ਬਾਅਦ ਸ਼ੁਰੂ ਹੋਇਆ ਵਿਵਾਦ ਰੁਕਣ ਦਾ ਨਾਮ ਨਹੀਂ ਲੈ ਰਿਹਾ। ਸੁਖਬੀਰ ਬਾਦਲ ਦੇ ਅਸਤੀਫ਼ੇ ’ਤੇ ਬੋਲਦਿਆਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ SGPC ਨੂੰ ਹੁਕਮ ਦਿੱਤੇ ਹਨ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਸੁਣਾਏ ਫੈਸਲੇ ਨੂੰ ਅਕਾਲੀ ਦਲ ਤੁਰੰਤ ਲਾਗੂ ਕਰੇ।
ਜਥੇਦਾਰ ਨੇ ਸੁਖਬੀਰ ਸਿੰਘ ਬਾਦਲ ਸਮੇਤ ਹੋਰ ਆਗੂਆਂ ਦੇ ਅਸਤੀਫੇ ਤਿੰਨ ਦਿਨਾਂ ਵਿਚ ਪ੍ਰਵਾਨ ਕਰਨ ਦੇ ਹੁਕਮ ਸੁਣਾਏ ਸਨ ਪਰ ਇਕ ਮਹੀਨੇ ਤੋਂ ਵੱਧ ਸਮਾਂ ਬੀਤਣ ’ਤੇ ਵੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਅਸਤੀਫੇ ਪ੍ਰਵਾਨ ਨਹੀਂ ਕੀਤੇ। ਜਥੇਦਾਰ ਨੇ ਕਿਹਾ ਕਿ ਅਕਾਲੀ ਦਲ ਨੂੰ ਆਨਾ ਕਾਨੀ ਨਹੀਂ ਕਰਨੀ ਚਾਹੀਦੀ, ਤੁਰੰਤ ਫੈਸਲਾ ਲਾਗੂ ਕਰਨਾ ਚਾਹੀਦਾ ਹੈ।
ਰਘਬੀਰ ਸਿੰਘ ਨੇ ਕਿਹਾ ਕਿ ਜੋ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਫੈਸਲਾ ਸੁਣਾਇਆ ਗਿਆ ਹੈ। ਉਸ ਨੂੰ ਸ਼੍ਰੋਮਣੀ ਅਕਾਲੀ ਦਲ ਲਾਗੂ ਕਰੇ ਅਤੇ ਜਿਹੜੇ ਆਗੂਆਂ ਨੇ ਅਸਤੀਫੇ ਦਿੱਤੇ ਹਨ। ਉਹਨਾਂ ਨੂੰ ਮਨਜ਼ੂਰ ਕਰੇ। ਜ਼ਿਕਰਯੋਗ ਹੈ ਕਿ 16 ਨਵੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਮਗਰੋਂ ਬਲਵਿੰਦਰ ਸਿੰਘ ਭੂੰਦੜ ਨੂੰ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਸੀ। ਹਾਲਾਂਕਿ ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰਨੀ ਵੱਲੋਂ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਮਨਜ਼ੂਰ ਨਹੀਂ ਕੀਤਾ ਗਿਆ।