‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਸੀਨੀਅਰ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਇਹ ਫੈਸਲਾ ਕੀਤਾ ਹੈ ਕਿ 17 ਸਤੰਬਰ ਨੂੰ ਜਿਸ ਦਿਨ ਤਿੰਨੇ ਕਾਲੇ ਖੇਤੀ ਕਾਨੂੰਨਾਂ ਦਾ ਸੰਸਦ ਵਿੱਚ ਪਾਸ ਹੋਣ ਦਾ ਇੱਕ ਸਾਲ ਪੂਰਾ ਹੁੰਦਾ ਹੈ, ਉਸ ਦਿਨ ਕਾਲੇ ਦਿਨ ਵਜੋਂ ਮਨਾਇਆ ਜਾਵੇਗਾ। ਉਸ ਦਿਨ ਦਿੱਲੀ ਦੇ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਸੰਸਦ ਤੱਕ ਰੋਸ ਮਾਰਚ ਕੱਢਿਆ ਜਾਵੇਗਾ। ਇਸ ਦਿਨ ਸਾਰੇ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਵਰਕਰ ਦਿੱਲੀ ਪਹੁੰਚ ਕੇ ਇਸਨੂੰ ਕਾਲੇ ਦਿਵਸ ਵਜੋ ਮਨਾਉਣਗੇ ਅਤੇ ਰੋਸ ਮਾਰਚ ਵਿੱਚ ਹਿੱਸਾ ਲੈਣਗੇ।
ਤੁਹਾਨੂੰ ਦੱਸ ਦਈਏ ਕਿ ਜਦੋਂ ਖੇਤੀ ਕਾਨੂੰਨ ਲੋਕ ਸਭਾ ਵਿੱਚ ਪਾਸ ਕੀਤੇ ਗਏ ਸਨ ਤਾਂ ਉਦੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਵੀ ਮੌਜੂਦ ਸਨ। ਇਨ੍ਹਾਂ ਤਿੰਨਾਂ ਖੇਤੀ ਕਾਨੂੰਨਾਂ ਦੇ ਖਿਲਾਫ਼ ਕਿਸਾਨਾਂ ਵੱਲੋਂ ਪਿਛਲੇ ਕਈ ਮਹੀਨਿਆਂ ਦਿੱਲੀ ਦੇ ਬਾਰਡਰਾਂ ‘ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਸਰਕਾਰ ਨੂੰ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਲਈ ਕਹਿ ਰਹੇ ਹਨ ਪਰ ਸਰਕਾਰ ਆਪਣੀ ਜ਼ਿੱਦ ‘ਤੇ ਅੜੀ ਹੋਈ ਹੈ। ਕਿਸਾਨਾਂ ਵੱਲੋਂ ਸਾਰੇ ਸਿਆਸੀ ਲੀਡਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ, ਜੋ ਖੇਤੀ ਕਾਨੂੂੰਨਾਂ ਦੇ ਹੱਕ ਵਿੱਚ ਭੁਗਤੇ ਹਨ।