Punjab

ਅਕਾਲ ਤਖਤ ਸਾਹਿਬ ਨੇ ਸੁਖਬੀਰ ਬਾਦਲ ਤੋਂ ਮੰਗਿਆ ਸ਼ਪੱਸਟੀਕਰਨ, ਅਕਾਲੀ ਦਲ ਨੇ ਦਿੱਤਾ ਇਹ ਜਵਾਬ

ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਲੀਗਲ ਸੈਲ ਦੇ ਪ੍ਰਧਾਨ ਅਰਸ਼ਦੀਪ ਸਿੰਘ ਕਲੇਰ ਨੇ ਅਕਾਲ ਤਖਤ ਸਾਹਿਬ ਵੱਲੋਂ ਮੰਗੇ ਸ਼ਪੱਸਟੀਕਰਨ ‘ਤੇ ਕਿਹਾ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਮਹਾਨ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਕਾਲ ਤਖਤ ਸਾਹਿਬ ਦੇ ਆਦੇਸ਼ ਦੀ ਇੰਨ ਬਿੰਨ ਪਾਲਣਾ ਕਰੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਗੁਰੂ ਘਰ ਦਾ ਕੂਕਰ ਹੈ। ਜੇਕਰ ਅਕਾਲ ਤਖਤ ਸਾਹਿਬ ਕਿਸੇ ਕਾਂ ਦੇ ਹੱਥ ਵੀ ਸੰਦੇਸ਼ ਭੇਜ ਦੇਣ ਤਾਂ ਵੀ ਅਕਾਲੀ ਦਲ ਨੰਗੇ ਪੈਰੀਂ ਚੱਲ ਕੇ ਜਾਵੇਗਾ। ਕਲੇਰ ਨੇ ਕਿਹਾ ਕਿ ਅਕਾਲ ਤਖਤ ਸਾਹਿਬ ਦੇ ਹਰ ਹੁਕਮ ਦੀ ਪਾਲਣਾ ਸ਼੍ਰੋਮਣੀ ਅਕਾਲੀ ਦਲ ਅਤੇ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਜਾਵੇਗੀ।

ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਨੇ ਅਕਾਲ ਤਖਤ ਸਾਹਿਬ ਤੇ ਪੇਸ਼ ਹੋ ਕੇ ਮੁਆਫੀਨਾਮਾ ਪੇਸ਼ ਕੀਤਾ ਸੀ। ਜਿਸ ਤੋਂ ਬਾਅਦ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਵਿੱਚ ਕਿਹਾ ਗਿਆ ਸੀ ਕਿ ਸ਼੍ਰੋਮਣੀ ਅਕਾਲੀ ਦਲ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੁੱਜੀ ਸ਼ਿਕਾਇਤ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਪੰਥਕ ਭਾਵਨਾਵਾਂ ਦੀ ਤਰਜਮਾਨੀ ਨਹੀਂ ਕੀਤੀ। ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਦੋਸ਼ਾਂ ਦਾ ਸਪੱਸ਼ਟੀਕਰਨ ਪੰਦਰਾਂ ਦਿਨ ਦੇ ਅੰਦਰ-ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਤੌਰ ’ਤੇ ਪੇਸ਼ ਹੋ ਕੇ ਲਿਖਤੀ ਰੂਪ ਵਿਚ ਦੇਣ ਲਈ ਕਿਹਾ ਗਿਆ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ 90 ਲੱਖ ਦੇ ਇਸ਼ਤਿਹਾਰ ਦੇਣ ਦੇ ਕੁਝ ਅਕਾਲੀ ਆਗੂਆਂ ਵੱਲੋਂ ਲਾਏ ਦੋਸ਼ਾਂ ਸਬੰਧੀ ਸਪੱਸ਼ਟੀਕਰਨ ਮੰਗਿਆ ਗਿਆ ਹੈ।

ਇਹ ਵੀ ਪੜ੍ਹੋ –   ਖੇਤੀਬਾੜੀ ਵਿਭਾਗ ਵੱਲੋਂ ਨਰਮੇ ਦੀ ਫ਼ਸਲ ਦੀ ਨਿਰੰਤਰ ਨਿਗਰਾਨੀ ਯਕੀਨੀ ਬਣਾਉਣ ਲਈ 128 ਟੀਮਾਂ ਗਠਿਤ