ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਫਰੀਦਕੋਟ ਹਲਕਾ ਇੰਚਾਰਜ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਕੈਨੇਡਾ ਵਿਚ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ ਹੈ। ਟੋਰਾਂਟੋ ਏਅਰਪੋਰਟ ਉੱਤੇ ਕੈਨੇਡੀਅਨ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਰੋਕਿਆ ਗਿਆ ਅਤੇ ਉਹ ਹੁਣ ਵਾਪਸ ਭਾਰਤ ਪਰਤ ਆਏ ਹਨ।
ਬੰਟੀ ਰੋਮਾਣਾ ਨੇ ਖੁਦ ਇਸ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰਾਲੇ ਅਤੇ ਏਅਰਪੋਰਟ ਅਥਾਰਟੀ ਕੋਲ ਉਨ੍ਹਾਂ ਖਿਲਾਫ਼ ਇੱਕ ਬਹੁਤ ਵੱਡੀ ਸ਼ਿਕਾਇਤ ਦਰਜ ਕਰਵਾਈ ਗਈ ਸੀ। ਸ਼ਿਕਾਇਤ ਵਿਚ ਉਨ੍ਹਾਂ ਦੇ ਸਾਰੇ ਕੇਸਾਂ ਦੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਸੀ ਅਤੇ ਇਹ ਦਾਅਵਾ ਵੀ ਕੀਤਾ ਗਿਆ ਸੀ ਕਿ ਉਹ ਸਿਆਸੀ ਦੌਰੇ ਉੱਤੇ ਆਏ ਹਨ, ਜਿਸ ਲਈ ਕੈਨੇਡੀਅਨ ਨਿਯਮਾਂ ਅਨੁਸਾਰ ਆਗਿਆ ਨਹੀਂ ਹੈ। ਇਸੇ ਸ਼ਿਕਾਇਤ ਦੇ ਆਧਾਰ ਉੱਤੇ ਉਨ੍ਹਾਂ ਨੂੰ ਐਂਟਰੀ ਨਹੀਂ ਦਿੱਤੀ ਗਈ।
ਬੰਟੀ ਰੋਮਾਣਾ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਖਿਲਾਫ਼ ਸ਼ਿਕਾਇਤ ਦਰਜ ਕਰਵਾਉਣ ਵਾਲਾ ਵਿਅਕਤੀ ਮਨੀਲਾ ਵਿਚ ਬੈਠਾ ਹੈ ਅਤੇ ਇਹ ਸ਼ਿਕਾਇਤ ਪੂਰੀ ਤਰ੍ਹਾਂ ਪੰਜਾਬ ਵਿਚ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਸਾਜਿਸ਼ ਅਤੇ ਸ਼ਹਿ ਉੱਤੇ ਕੀਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਪ ਸਰਕਾਰ ਪਰਵਾਸੀ ਭਾਰਤੀ ਭਾਈਚਾਰੇ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਮਿਲ ਰਹੇ ਭਰਵੇਂ ਸਮਰਥਨ ਤੋਂ ਬੁਖਲਾਈ ਹੋਈ ਹੈ।

