‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਜਗਮੀਤ ਸਿੰਘ ਬਰਾੜ ਤੇ ਸ਼੍ਰੋਮਣੀ ਅਕਾਲੀ ਦਲ ਨੇ ਵੱਡਾ ਫੈਸਲਾ ਲਿਆ ਹੈ। ਜਗਮੀਤ ਬਰਾੜ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਹੈ,ਉਹਨਾਂ ਦੀ ਮੁੱਢਲੀ ਮੈਂਬਰਸ਼ਿਪ ਵੀ ਖ਼ਤਮ ਕਰ ਦਿੱਤੀ ਗਈ ਹੈ। ਇਹ ਐਲਾਨ ਅਨੁਸ਼ਾਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਅੱਜ ਦੁਪਹਿਰ ਇਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ।
ਪਾਰਟੀ ਆਗੂ ਸਿਕੰਦਰ ਸਿੰਘ ਮਲੂਕਾ ਨੇ ਚੰਡੀਗੜ ਵਿੱਖੇ ਪਾਰਟੀ ਦੇ ਦਫਤਰ ਤੋਂ ਕੀਤੀ ਗਈ ਇੱਕ ਪ੍ਰੈਸ ਕਾਨਫਰੰਸ ਵਿੱਚ ਪਾਰਟੀ ਦੇ ਇਸ ਫੈਸਲੇ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਦੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਨੂੰ ਅਨੁਸ਼ਾਸਨੀ ਕਮੇਟੀ ਅੱਗੇ ਪੇਸ਼ ਹੋਣ ਲਈ 12.30 ਤੋਂ ਲੈ ਕੇ 3 ਵਜੇ ਤੱਕ ਦਾ ਸਮਾਂ ਦਿੱਤਾ ਗਿਆ ਸੀ ਪਰ ਜਗਮੀਤ ਬਰਾੜ ਕਮੇਟੀ ਅੱਗੇ ਪੇਸ਼ ਨਹੀਂ ਹੋਏ। ਉਨ੍ਹਾਂ ਨੇ ਕਿਹਾ ਕਿ ਜਗਮੀਤ ਬਰਾੜ ਜਾਣ ਬੁੱਝ ਕੇ ਕਮੇਟੀ ਅੱਗੇ ਪੇਸ਼ ਨਹੀਂ ਹੋਏ ਤੇ ਉਲਟਾ ਬੀਬੀ ਜਗੀਰ ਕੌਰ ਵਰਗਿਆਂ ਨਾਲ ਸਟੇਜਾਂ ਸਾਂਝੀਆਂ ਕਰਦੇ ਰਹੇ ਹਨ।
ਪਾਰਟੀ ਆਗੂ ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਕਿ ਜਗਮੀਤ ਬਰਾੜ ਦੇ ਪਾਰਟੀ ਵਿੱਚ ਆਉਣ ਤੋਂ ਬਾਅਦ ਉਹਨਾਂ ਨੂੰ ਪੂਰਾ ਮਾਨ-ਸਨਮਾਨ ਮਿਲਿਆ ਪਰ ਉਨ੍ਹਾਂ ਨੇ ਪਾਰਟੀ ਵਿਰੁੱਧ ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ ਸਨ। ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਬਰਾੜ ਨੇ ਪੱਤਰ ਭੇਜ ਕੇ ਸਪੱਸ਼ਟ ਕੀਤਾ ਹੈ ਕਿ ਉਹ ਸਿਰਫ਼ ਪਾਰਟੀ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪੈਨਲ ਨੇ ਫੈਸਲਾ ਕੀਤਾ ਕਿ ਬਰਾੜ ਪਾਰਟੀ ਅਨੁਸ਼ਾਸਨ ਨੂੰ ਤੋੜ ਰਹੇ ਹਨ ਤੇ ਪੈਨਲ ਦੇ ਸਾਹਮਣੇ ਪੇਸ਼ ਨਹੀਂ ਹੋਏ ਸਨ, ਇਸ ਲਈ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢਿਆ ਜਾਂਦਾ ਹੈ।
ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਪਾਰਟੀ ਦਾ ਹੁਣ ਉਹਨਾਂ ਨਾਲ ਕੋਈ ਸਬੰਧ ਨਹੀਂ ਹੈ। ਜਗਮੀਤ ਬਰਾੜ ਦੀ ਮੁੱਢਲੀ ਮੈਂਬਰਸ਼ਿਪ ਵੀ ਖ਼ਤਮ ਕਰ ਦਿੱਤੀ ਗਈ ਹੈ ਤੇ ਨਾਲ ਹੀ ਅਕਾਲੀ ਵਰਕਰਾਂ ਨੂੰ ਵੀ ਨਿਰਦੇਸ਼ ਦਿਤੇ ਗਏ ਹਨ ਕਿ ਬੀਬੀ ਨਾਲ ਕੋਈ ਵੀ ਸੰਪਰਕ ਨਾ ਰੱਖਿਆ ਜਾਵੇ।
ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਬਰਾੜ ‘ਤੇ ਪਾਰਟੀ ਵਿਰੋਧੀ ਕਾਰਵਾਈਆਂ ਦਾ ਇਲਜ਼ਾਮ ਲਗਾਇਆ ਹੈ । ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਸਿਰਮੋਰ ਕਮੇਟੀ ਹੈ । ਇਸ ਵਿੱਚ ਰਾਜਸੀ ਤੌਰ ਤੇ ਬਾਹਰੀ ਪਾਰਟੀਆਂ ਦਾ ਦਖਲ ਠੀਕ ਨਹੀਂ ਪਰ ਹੁਣ ਇਹ ਸ਼ਰੇਆਮ ਹੋ ਰਿਹਾ ਹੈ ।
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੇ 6 ਦਸੰਬਰ ਨੂੰ ਅਨੁਸ਼ਾਸਨੀ ਕਮੇਟੀ ਅੱਗੇ ਪੇਸ਼ ਹੋਣ ਤੋਂ ਅਸਮਰੱਥਾ ਪ੍ਰਗਟਾਈ ਸੀ। ਉਨ੍ਹਾਂ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੂੰ ਫੋਨ ਕਰਕੇ ਮੀਟਿੰਗ ਦਾ ਸਮਾਂ ਵਧਾਉਣ ਦੀ ਬੇਨਤੀ ਕੀਤੀ ਸੀ। ਇਸ ‘ਤੇ ਉਨ੍ਹਾਂ ਨੂੰ 6 ਦਸੰਬਰ ਦੀ ਬਜਾਏ 10 ਦਸੰਬਰ ਨੂੰ ਦੁਪਹਿਰ 1 ਵਜੇ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਅਨੁਸ਼ਾਸਨੀ ਕਮੇਟੀ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਸੀ।
ਜ਼ਿਕਰਯੋਗ ਹੈ ਕਿ ਜਗਮੀਤ ਬਰਾੜ ਨੇ 12 ਮੈਂਬਰੀ ਯੂਨਿਟੀ ਕਮੇਟੀ ਬਣਾਉਣ ਦਾ ਐਲਾਨ ਕੀਤਾ ਸੀ,ਜਿਸ ਵਿੱਚ ਕਈ ਮੈਂਬਰਾਂ ਦੇ ਨਾਂ ਸ਼ਾਮਲ ਕੀਤੇ ਸਨ ਤੇ ਆਉਣ ਵਾਲੀ 9 ਦਸੰਬਰ ਨੂੰ ਇਸ ਦੀ ਬੈਠਕ ਕਰਨ ਦਾ ਵੀ ਐਲਾਨ ਕੀਤਾ ਸੀ। ਪਰ ਰਵੀਕਰਨ ਕਾਹਲੋਂ ਤੇ ਅਲਵਿੰਦਰਪਾਲ ਪੱਖੋਕੇ ਪਹਿਲਾਂ ਹੀ ਇਸ ਕਮੇਟੀ ਤੋਂ ਕਿਨਾਰਾ ਕਰ ਗਏ ਹਨ ਤੇ ਪਾਰਟੀ ਵੱਲ ਆਪਣੀ ਵਫਾਦਾਰੀ ਨੂੰ ਦਰਸਾ ਰਹੇ ਹਨ।