The Khalas Tv Blog Punjab ਚੰਡੀਗੜ੍ਹ ‘ਚ ਸ਼ਰਾਬ ਦੇ ਸ਼ੌਕੀਨਾਂ ਨੂੰ ਇਹ ਖਬਰ ਕਰ ਦੇਵੇਗੀ ਪਰੇਸ਼ਾਨ
Punjab

ਚੰਡੀਗੜ੍ਹ ‘ਚ ਸ਼ਰਾਬ ਦੇ ਸ਼ੌਕੀਨਾਂ ਨੂੰ ਇਹ ਖਬਰ ਕਰ ਦੇਵੇਗੀ ਪਰੇਸ਼ਾਨ

‘ਦ ਖ਼ਾਲਸ ਬਿਊਰੋ :- ਕਰੋਨਾ ਮਹਾਂਮਾਰੀ ਨੇ ਸਾਰੀ ਦੁਨੀਆ ਨੂੰ ਸਹਿਮ ਦੇ ਮਾਹੌਲ ਵਿੱਚ ਪਾ ਦਿੱਤਾ ਹੈ। ਵੱਖ-ਵੱਖ ਸੂਬਾ ਸਰਕਾਰਾਂ ਇਸ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਕਈ ਅਹਿਮ ਫੈਸਲੇ ਲੈ ਰਹੀ ਹੈ। ਇਸਦੇ ਬਾਵਜੂਦ ਵੀ ਕਈ ਲੋਕਾਂ ਵੱਲੋਂ ਕਰੋਨਾ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਸੀ, ਜਿਸ ਕਰਕੇ ਸੂਬਾ ਸਰਕਾਰਾਂ ਨੇ ਸੂਬਿਆਂ ਵਿੱਚ ਸਖਤੀ ਵਧਾ ਦਿੱਤੀ ਹੈ ਅਤੇ ਗੈਰ-ਜ਼ਰੂਰੀ ਦੁਕਾਨਾਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ।

ਚੰਡੀਗੜ੍ਹ ਵਿੱਚ ਕਰੋਨਾ ਦੇ ਵੱਧ ਰਹੇ ਕੇਸਾਂ ਦੀ ਰੋਕਥਾਮ ਲਈ ਯੂਟੀ ਪ੍ਰਸ਼ਾਸਨ ਨੇ 7 ਦਿਨਾਂ ਲਈ ਸਖ਼ਤੀ ਹੋਰ ਵਧਾ ਦਿੱਤੀ ਹੈ। ਪ੍ਰਸ਼ਾਸਨ ਨੇ ਸ਼ਹਿਰ ਵਿੱਚ ਗੈਰ-ਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ। ਸ਼ਹਿਰ ਵਿੱਚ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਹਾਲਾਂਕਿ, ਸ਼ਰਾਬ ਕਾਰੋਬਾਰੀਆਂ ਅਤੇ ਹਾਰਡਵੇਅਰ ਦੀਆਂ ਦੁਕਾਨਾਂ ਨੇ ਪੰਜਾਬ ਦੀ ਤਰਜ਼ ’ਤੇ ਦੁਕਾਨਾਂ ਖੋਲ੍ਹਣ ਦੀ ਮੰਗ ਕੀਤੀ ਸੀ, ਪਰ ਪ੍ਰਸ਼ਾਸਨ ਨੇ ਉਨ੍ਹਾਂ ਦੀ ਮੰਗ ਨੂੰ ਨਕਾਰ ਦਿੱਤਾ।

ਹਾਈਕੋਰਟ ਨੇ ਮੰਗਿਆ ਯੂਟੀ ਪ੍ਰਸ਼ਾਸਨ ਕੋਲੋਂ ਹਸਪਤਾਲਾਂ ਵਿੱਚ ਬੈੱਡਾਂ ਦਾ ਵੇਰਵਾ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਯੂਟੀ ਪ੍ਰਸ਼ਾਸਨ ਨੂੰ ਸ਼ਹਿਰ ਵਿੱਚ ਹਸਪਤਾਲਾਂ ਵਿੱਚ ਬੈੱਡਾਂ ਦਾ ਵੇਰਵਾ ਪ੍ਰਸ਼ਾਸਨ ਦੀ ਵੈੱਬਸਾਈਟ ’ਤੇ ਅਪਲੋਡ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ। ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਾਈਕੋਰਟ ਦੇ ਆਦੇਸ਼ ’ਤੇ ਹਸਪਤਾਲਾਂ ਦੇ ਸਾਰੇ ਬੈੱਡਾਂ ਦੀ ਜਾਣਕਾਰੀ ਪ੍ਰਸ਼ਾਸਨ ਦੀ ਵੈੱਬਸਾਈਟ ਤੋਂ ਮਿਲ ਸਕੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਕਸੀਜਨ ਮੁਹੱਈਆ ਕਰਵਾਉਣ ਲਈ ਸੈਕਟਰ-16 ਦੇ ਸਰਕਾਰੀ ਹਸਪਤਾਲ ਵਿੱਚ ਆਕਸੀਜਨ ਲਈ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ।

ਦਰਅਸਲ, ਚੰਡੀਗੜ੍ਹ ਦੇ ਪ੍ਰਾਈਵੇਟ ਹਸਪਤਾਲਾਂ ਵਿੱਚ ਤਾਂ ਲਗਭਗ ਸਾਰੇ ਬੈੱਡ ਭਰ ਚੁੱਕੇ ਹਨ ਜਦਕਿ ਪੀਜੀਆਈ ਸਮੇਤ ਹੋਰਨਾਂ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਗਿਣਤੀ ਮੁਤਾਬਕ ਬੈੱਡਾਂ ਦੀ ਗਿਣਤੀ ਨਾ-ਮਾਤਰ ਹੀ ਰਹਿ ਗਈ ਹੈ।

ਦੋ ਮਿੰਨੀ ਕੋਵਿਡ ਕੇਅਰ ਸੈਂਟਰ ਸਥਾਪਿਤ

ਯੂ.ਟੀ. ਪ੍ਰਸ਼ਾਸਨ ਨੇ ਦੋ ਮਿੰਨੀ ਕੋਵਿਡ ਕੇਅਰ ਸੈਂਟਰ ਸਥਾਪਿਤ ਕੀਤੇ ਹਨ। ਇਹ ਸੈਂਟਰ ਸੈਕਟਰ-23 ਬੀ ਵਿੱਚ ਸਥਿਤ ਹਾਲ ਭਵਨ ਅਤੇ ਇੰਡੀਆ ਹੋਲੀਡੇਅ ਹੋਮ ਵਿੱਚ ਬਣਾਇਆ ਗਿਆ ਹੈ, ਜਿਸ ਨੂੰ ਸ਼ੁਰੂ ਕਰ ਦਿੱਤਾ ਗਿਆ ਹੈ। ਦੋਵਾਂ ਮਿੰਨੀ ਕੋਵਿਡ ਕੇਅਰ ਸੈਂਟਰਾਂ ਵਿੱਚ ਮਰੀਜ਼ਾਂ ਦੇ ਇਲਾਜ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ।

ਸੱਤ ਮਾਈਕਰੋ ਕੰਟੇਨਮੈਂਟ ਜ਼ੋਨ ਬਣੇ

ਡਿਪਟੀ ਕਮਿਸ਼ਨਰ ਮਨਦੀਪ ਸਿੰਘ ਬਰਾੜ ਨੇ ਕਿਹਾ ਕਿ ਸ਼ਹਿਰ ਵਿੱਚ ਕਰੋਨਾ ਕੇਸਾਂ ਦਾ ਅੰਕੜਾ ਵਧਣ ਕਰਕੇ 7 ਮਾਈਕ੍ਰੋ ਕੰਟੇਨਮੈਂਟ ਜ਼ੋਨ ਬਣਾਏ ਗਏ ਹਨ। ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮਾਈਕ੍ਰੋ ਕੰਟੇਨਮੈਂਟ ਜ਼ੋਨ ਵਿੱਚ 14 ਦਿਨਾਂ ਵਿੱਚ ਕੋਈ ਨਵਾਂ ਕੇਸ ਸਾਹਮਣੇ ਨਾ ਆਉਣ ’ਤੇ ਇਸਨੂੰ ਹਟਾ ਦਿੱਤਾ ਜਾਂਦਾ ਹੈ।

Exit mobile version