ਚੰਡੀਗੜ੍ਹ : ਪੰਜਾਬ ਵਿੱਚ ਮੁੜ ਤੋਂ ਮੀਂਹ ਅਤੇ ਗੜੇਮਾਰੀ ਦੀ ਚੇਤਾਵਨੀ ਜਾਰੀ ਹੋਈ ਹੈ। ਇੰਨਾ ਹੀ ਨਹੀਂ ਸੂਬੇ ਵਿੱਚ ਅਗਲੇ 05 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 3-5 ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ। ਇਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਚੰਡੀਗੜ੍ਹ ਮੌਸਮ ਕੇਂਦਰ ਨੇ ਆਉਣ ਵਾਲੇ ਦਿਨਾਂ ਦੇ ਮੌਸਮ ਦੀ ਤਾਜ਼ਾ ਜਾਣਕਾਰੀ ਸਾਂਝੀ ਕੀਤੀ ਹੈ।
ਮੌਸਮ ਕੇਂਦਰ ਮੁਤਾਬਕ 28 ਅਪ੍ਰੈਲ ਯਾਨੀ ਕੱਲ ਨੂੰ ਗਰਜ ਚਮਕ ਨਾਲ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ 30 ਤੋਂ 40 ਕਿਲੋਮੀਟਰ ਦੀ ਤੇਜ਼ ਰਫ਼ਤਾਰ ਨਾਲ ਹਵਾਵਾਂ ਵੀ ਚੱਲਣ ਬਾਰੇ ਦੱਸਿਆ ਗਿਆ ਹੈ। ਇਸ ਤੋਂ ਬਾਅਦ ਅਗਲੇ ਦੋ ਦਿਨ ਸੂਬੇ ਦਾ ਮੌਸਮ ਜ਼ਿਆਦਾ ਖ਼ਰਾਬ ਹੋਣ ਦਾ ਖ਼ਦਸ਼ਾ ਜਤਾਇਆ ਗਿਆ ਹੈ।
ਮੌਸਮ ਵਿਭਾਗ ਮੁਤਾਬਕ 29 ਅਤੇ 30 ਅਪ੍ਰੈਲ ਨੂੰ ਸਾਰੇ ਪੰਜਾਬ ਦੇ ਮਾਲਵਾ, ਮਾਝਾ ਅਤੇ ਦੋਆਬੇ ਖੇਤਰ ਵਿੱਚ ਗਰਜ ਚਮਕ ਨਾਲ ਮੀਂਹ ਅਤੇ ਗੜੇਮਾਰੀ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਇਨ੍ਹਾਂ ਦੋਹਾਂ ਦਿਨਾਂ ਵਿੱਚ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਜਤਾਈ ਗਈ ਹੈ।
ਇੰਨਾ ਹੀ ਨਹੀਂ ਮੌਸਮ ਵਿਭਾਗ ਮੁਤਾਬਕ ਅਗਲੇ ਮਹੀਨੇ ਦੇ ਪਹਿਲੇ ਦਿਨ ਇੱਕ ਮਈ ਨੂੰ ਪੂਰੇ ਮਾਝਾ, ਦੋਆਬਾ ਅਤੇ ਪੂਰਬੀ ਮਾਲਵਾ ਵਿੱਚ 50 ਤੋਂ 70 ਫ਼ੀਸਦੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।