Punjab

ਕੱਲ੍ਹ ਸਕੂਲ ਜਾਣ ਦੀ ਕਰ ਲਉ ਤਿਆਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਕੌਮਾਂਤਰੀ ਯੋਗ ਦਿਵਸ ਮੌਕੇ 21 ਜੂਨ ਨੂੰ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਬਿਨਾਂ ਅਗਾਊਂ ਸੂਚਨਾ ਦੇ ਤਲਬ ਕਰ ਲਿਆ ਹੈ। ਹੁਣ ਜਦੋਂ ਕਿ ਗਰਮੀ ਦੀਆਂ ਛੁੱਟੀਆਂ ਕਾਰਨ ਅਧਿਆਪਕ ਅਤੇ ਬੱਚੇ ਘਰਾਂ ਵਿੱਚ ਨਹੀਂ ਹਨ ਤਾਂ ਮੁੱਖ ਅਧਿਆਪਕਾਂ ਲਈ ਕੌਮਾਂਤਰੀ ਯੋਗ ਦਿਵਸ ਮੌਕੇ ਇਕੱਠ ਕਰਨਾ ਮੁਸ਼ਕਿਲ ਹੋ ਗਿਆ ਹੈ।

ਪੰਜਾਬ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 1 ਜੂਨ ਤੋਂ 30 ਜੂਨ ਤੱਕ ਗਰਮੀ ਦੀਆਂ ਛੁੱਟੀਆਂ ਚੱਲ ਰਹੀਆਂ ਹਨ। ਇਸੇ ਵਿਚਕਾਰ ਹੀ ਸਿੱਖਿਆ ਵਿਭਾਗ ਨੇ 1 ਦਿਨ ਲਈ ਸਕੂਲ ਖੋਲ੍ਹਣ ਦਾ ਹੁਕਮ ਜਾਰੀ ਕਰ ਦਿੱਤਾ ਹੈ। ਸਿੱਖਿਆ ਵਿਭਾਗ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ 21 ਜੂਨ ਨੂੰ ਹਰ ਸਾਲ ਅੰਤਰ-ਰਾਸ਼ਟਰੀ ਪੱਧਰ ਉੱਤੇ ਯੋਗ ਦਿਵਸ ਮਨਾਇਆ ਮਨਾਇਆ ਜਾਂਦਾ ਹੈ, ਜਿਸ ਵਿੱਚ ਪੰਜਾਬ ਦੇ ਸਮੂਹ ਸਰਕਾਰੀ ਸਕੂਲ ਵੱਡੇ ਪੱਧਰ ਉੱਤੇ ਹਿੱਸਾ ਲੈਂਦੇ ਹਨ। ਪਿਛਲੇ ਕਰੀਬ 2 ਸਾਲਾਂ ਦੌਰਾਨ ਕਰੋਨਾਵਾਇਰਸ ਦੇ ਕਾਰਨ ਯੋਗ ਦਿਵਸ ਸਿਰਫ਼ ਆਨਲਾਈਨ ਹੀ ਮਨਾਇਆ ਜਾਂਦਾ ਰਿਹਾ ਹੈ।

ਵਿਭਾਗ ਨੇ ਸਾਰੇ ਸਕੂਲ ਮੁਖੀਆਂ ਨੂੰ ਆਪਣੇ ਸਕੂਲਾਂ ਵਿੱਚ ਅੰਤਰ-ਰਾਸ਼ਟਰੀ ਪੱਧਰ ਉੱਤੇ ਯੋਗ ਦਿਵਸ ਦੇ ਮੌਕੇ ਕਰੋਨਾ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਯੋਗ ਦਿਵਸ ਮਨਾਉਣਾ ਯਕੀਨੀ ਬਣਾਉਣ ਦਾ ਆਦੇਸ਼ ਦਿੱਤੇ ਗਏ ਹਨ। ਪੱਤਰ ਵਿੱਚ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ ਹੈ।