Punjab

ਪੰਜਾਬ ਦੇ ਸਾਰੇ ਨਿੱਜੀ ਹਸਪਤਾਲ ਵਾਪਸ ਕਰ ਦੇਣ ਕਰੋਨਾ ਵੈਕਸੀਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪ੍ਰਾਈਵੇਟ ਹਸਪਤਾਲਾਂ ਤੋਂ ਕੋਵਿਡ ਵੈਕਸੀਨ ਵਾਪਸ ਲੈਣ ਦੇ ਹੁਕਮ ਜਾਰੀ ਕੀਤੇ ਹਨ। 18 ਤੋਂ 44 ਸਾਲ ਦੇ ਉਮਰ ਵਰਗ ਨੂੰ ਸਰਕਾਰੀ ਟੀਕਾਕਰਨ ਕੇਂਦਰਾਂ ਵਿਖੇ ਕਰੋਨਾ ਵੈਕਸੀਨ ਹੁਣ ਮੁਫਤ ਦਿੱਤੀਆਂ ਜਾਣਗੀਆਂ। ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬੇ ਵੱਲੋਂ ਨਿੱਜੀ ਹਸਪਤਾਲਾਂ ਨੂੰ ਇੱਕ ਸਮੇਂ ਦੀ ਸੀਮਤ ਟੀਕਾ ਖੁਰਾਕ ਮੁਹੱਈਆ ਕਰਵਾਉਣ ਦੀਆਂ ਹਦਾਇਤਾਂ ਵਾਪਸ ਲੈ ਲਈਆਂ ਗਈਆਂ ਹਨ।

ਸਿੱਧੂ ਨੇ ਕਿਹਾ ਕਿ ਕੋਵਿਡ ਟੀਕਾਕਰਨ ਲਈ ਸੂਬਾ ਇੰਚਰਾਜ ਵਿਕਾਸ ਗਰਗ ਦੁਆਰਾ ਦਿੱਤੀ ਜਾਣਕਾਰੀ ਅਨੁਸਾਰ ਪ੍ਰਾਈਵੇਟ ਹਸਪਤਾਲਾਂ ਨੂੰ 42 ਹਜ਼ਾਰ ਖੁਰਾਕਾਂ ਵੰਡੀਆਂ ਗਈਆਂ, ਜਿਸ ਵਿੱਚੋਂ ਸਿਰਫ 600 ਖੁਰਾਕਾਂ ਲੋਕਾਂ ਨੂੰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਰੇ ਸਿਵਲ ਸਰਜਨਾਂ ਨੂੰ ਹਦਾਇਤ ਜਾਰੀ ਕੀਤੀ ਗਈ ਹੈ ਕਿ ਕਿਸੇ ਵੀ ਪ੍ਰਾਈਵੇਟ ਹਸਪਤਾਲ ਨੂੰ ਕੋਈ ਨਵੀਂ ਅਲਾਟਮੈਂਟ ਨਾ ਕੀਤੀ ਜਾਵੇ ਅਤੇ ਪ੍ਰਾਈਵੇਟ ਹਸਪਤਾਲਾਂ ਕੋਲ ਮੌਜੂਦ ਵੈਕਸੀਨ ਦੀ ਖੁਰਾਕ ਤੁਰੰਤ ਵਾਪਸ ਲਈ ਜਾਵੇ।

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ

ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਨਿੱਜੀ ਹਸਪਤਾਲ ਹੁਣ ਨਿਰਮਾਤਾਵਾਂ ਤੋਂ ਟੀਕੇ ਦੀ ਸਿੱਧੀ ਸਪਲਾਈ ਪ੍ਰਾਪਤ ਕਰਨਗੇ। ਉਨ੍ਹਾਂ ਕਿਹਾ ਕਿ ਨਿੱਜੀ ਹਸਪਤਾਲਾਂ ਵੱਲੋਂ ਟੀਕਾ ਫੰਡ ਵਿੱਚ ਜਮ੍ਹਾ ਕੀਤੀ ਗਈ ਰਕਮ ਜਲਦੀ ਹੀ ਵਾਪਸ ਕਰ ਦਿੱਤੀ ਜਾਵੇਗੀ।

ਸਿੱਧੂ ਨੇ ਸਾਰੇ ਲੋਕਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਜਿਵੇਂ ਪੰਜਾਬ ਸਰਕਾਰ ਕੋਵਿਡ ਦੇ ਮਰੀਜ਼ਾਂ ਨੂੰ ਸਰਕਾਰੀ ਹਸਪਤਾਲਾਂ ਵਿਖੇ ਬਿਨਾਂ ਕਿਸੇ ਭੇਦ-ਭਾਵ ਤੋਂ ਸਾਰੀਆਂ ਇਲਾਜ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ, ਉਸੇ ਤਰ੍ਹਾਂ ਲਾਭਪਾਤਰੀਆਂ ਦਾ ਟੀਕਾਕਰਣ ਵੀ ਮੁਫਤ ਕੀਤਾ ਜਾਵੇਗਾ। ਪੰਜਾਬ ਸਰਕਾਰ ਨੇ ਬਜਟ 2021-22 ਵਿੱਚ ਐਲਾਨ ਕੀਤਾ ਸੀ ਕਿ ਹਰੇਕ ਯੋਗ ਲਾਭਪਾਤਰੀ ਨੂੰ ਮੁਫਤ ਟੀਕਾਕਰਣ ਮੁਹੱਈਆ ਕਰਵਾਇਆ ਜਾਣਾ ਚਾਹੀਦਾ ਹੈ ਅਤੇ ਲੋਕਾਂ ਦੀ ਭਲਾਈ ਲਈ ਇਸ ਦੇ ਸਾਰੇ ਖਰਚੇ ਸੂਬਾ ਸਰਕਾਰ ਵੱਲੋਂ ਚੁੱਕੇ ਜਾਣਗੇ।

ਉਨ੍ਹਾਂ ਕਿਹਾ ਕਿ ਕਰੋਨਾ ਵਾਇਰਸ ਨਾਲ ਲੜਨ ਲਈ ਇੱਕ ਵੱਡੇ ਕਦਮ ਵਜੋਂ ਪੰਜਾਬ ਸਰਕਾਰ ਨੇ ਪਹਿਲਾਂ ਹੀ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਆਉਂਦੇ ਕੋਵਿਡ -19 ਦੇ ਮਰੀਜ਼ਾਂ ਦਾ ਮੁਫਤ ਇਲਾਜ ਕਰਨ ਦਾ ਐਲਾਨ ਕੀਤਾ ਹੈ, ਜਿਸ ਵਿੱਚ ਸੂਬੇ ਦੇ ਕਰੀਬ 39.57 ਲੱਖ ਗਰੀਬ ਅਤੇ ਕਮਜ਼ੋਰ ਪਰਿਵਾਰਾਂ ਨੂੰ ਵਿੱਤੀ ਜੋਖਮ ਸੁਰੱਖਿਆ ਦਿੱਤੀ ਜਾਂਦੀ ਹੈ। ਸਿੱਧੂ ਨੇ ਪ੍ਰਾਈਵੇਟ ਹਸਪਤਾਲਾਂ ਵੱਲੋਂ ਮਰੀਜ਼ਾਂ ਕੋਲੋਂ ਕੀਤੀ ਜਾ ਰਹੀ ਵਾਧੂ ਵਸੂਲੀ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਨਿੱਜੀ ਕੋਵਿਡ ਕੇਅਰ ਸੈਂਟਰਾਂ ਵਿਰੁੱਧ ਮਹਾਂਮਾਰੀ ਰੋਗ ਐਕਟ ਅਤੇ ਆਫ਼ਤ ਪ੍ਰਬੰਧਨ ਐਕਟ ਤਹਿਤ ਤੁਰੰਤ ਕਾਰਵਾਈ ਕਰਨ ਲਈ ਸਖਤ ਨਿਰਦੇਸ਼ ਜਾਰੀ ਕੀਤੇ ਗਏ ਹਨ।