Punjab Religion

ਜੈਕਾਰਿਆਂ ਦੀ ਗੂੰਜ ਨਾਲ ਅਕਾਲ ਤਖ਼ਤ ਸਾਹਿਬ ਤੋਂ ਪਾਕਿ ਲਈ ਰਵਾਨਾ ਹੋਇਆ ਸਿੱਖ ਜਥਾ

Amritsar : ਸ੍ਰੀ ਗੁਰੂ ਨਾਨਕ ਦੇਵ ਜੀ ਦੇ 5 ਨਵੰਬਰ ਨੂੰ ਆਉਣ ਵਾਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਸਿੱਖ ਸ਼ਰਧਾਲੂਆਂ ਦਾ ਇੱਕ ਵਿਸ਼ੇਸ਼ ‘ਜਥਾ’ ਅੱਜ ਨੂੰ ਪਾਕਿਸਤਾਨ ਲਈ ਰਵਾਨਾ ਹੋ ਗਿਆ ਹੈ। ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਤੋਂ ਸਿੱਖ ਸ਼ਰਧਾਲੂਆਂ ਦਾ ਜੱਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਵਲੋਂ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ।

ਇਸ ਮੌਕੇ ਜਥੇਦਾਰ ਗੜਗੱਜ ਨੇ ਸਿੱਖ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਦੱਸਿਆ ਕਿ ਉਹ ਖੁਦ ਵੀ ਇਸ ਜਥੇ ਨਾਲ ਪਾਕਿਸਤਾਨ ਵਿਖੇ ਗੁਰਧਾਮ ਦਰਸ਼ਨਾ ਨੂੰ ਜਾ ਰਹੇ ਹਨ। ਇਸ ਜਥੇ ਦੇ ਲੀਡਰ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਿੰਦਰ ਕੌਰ ਹਨ ਜਦੋਂ ਕਿ ਡਿਪਟੀ ਲੀਡਰ ਗੁਰਮੀਤ ਸਿੰਘ ਬੂਹ ਹਨ। ਜਥੇਦਾਰ ਨੇ ਕਿਹਾ, “ਇਹ ਲਾਂਘਾ ਸਿਰਫ਼ ਯਾਤਰਾ ਦਾ ਰਸਤਾ ਨਹੀਂ, ਸਗੋਂ ਦਿਲਾਂ ਨੂੰ ਜੋੜਨ ਵਾਲਾ ਪੁਲ ਹੈ।” ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਜਿਸ ਤਰ੍ਹਾਂ ਪਹਿਲਾਂ ਸਰਕਾਰ ਨੇ ਸਿੱਖ ਸੰਗਤਾਂ ਦੀ ਅਰਦਾਸ ਸਵੀਕਾਰ ਕੀਤੀ ਹੈ, ਉਸੇ ਤਰ੍ਹਾਂ ਹੁਣ ਜਲਦੀ ਹੀ ਕਰਤਾਰਪੁਰ ਕਾਰੀਡੋਰ ਵੀ ਪੂਰੀ ਤਰ੍ਹਾਂ ਖੋਲ੍ਹ ਦਿੱਤਾ ਜਾਵੇਗਾ। ਇਹ ਜੱਥਾ ਅੱਜ ਅਟਾਰੀ- ਵਾਹਗਾ ਸਰਹੱਦ ਰਸਤੇ ਪਾਕਿਸਤਾਨ ਰਵਾਨਾ ਹੋਵੇਗਾ ਅਤੇ ਸ਼ਾਮ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪਹੁੰਚੇਗਾ।