‘ਦ ਖ਼ਾਲਸ ਬਿਊਰੋ :- ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਰਾਹੀਂ ਭਾਜਪਾ ਪੰਜਾਬ ‘ਚ ਸੱਤਾ ਦਾ ਆਨੰਦ ਮਾਣਦੀ ਰਹੀ ਹੈ ਪਰ ਇਸ ਵਾਰ ਪੰਜਾਬ ਦੀਆਂ ਕੁੱਲ 117 ਸੀਟਾਂ ‘ਤੇ ਪਹਿਲੀ ਵਾਰ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਚੋਣਾਂ ਵਿੱਚ ਆਹਮੋ-ਸਾਹਮਣੇ ਹੋਣਗੀਆਂ। ਭਾਜਪਾ ਦੇ ਸੀਨੀਅਰ ਨੇਤਾ ਅਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਭਾਜਪਾ ਦੀ ਚੋਣ ਮੁੰਹਿਮ ਦੀ ਸ਼ੁਰੂਆਤ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਹਲਕੇ ਅਤੇ ਬਾਦਲ ਪਰਿਵਾਰ ਦੇ ਗੜ੍ਹ ਮੰਨੇ ਜਾਂਦੇ ਹਲਕਾ ਲੰਬੀ ਤੋਂ ਕੀਤੀ ਜਾ ਰਹੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਨਾਲ ਅਲੱਗ ਹੋਣ ਤੋਂ ਬਾਅਦ ਇਸ ਵਾਰ ਭਾਰਤੀ ਜਨਤਾ ਪਾਰਟੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਪੰਜਾਬ ਲੋਕ ਕਾਂਗਰਸ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨਾਲ ਮਿਲ ਕੇ ਚੋਣਾਂ ਲੜ ਰਹੀ ਹੈ। ਜਾਣਕਾਰੀ ਮੁਤਾਬਕ ਵਰਚੁਅਲ ਰੈਲੀਆਂ 16 ਜਨਵਰੀ ਨੂੰ ਕੀਤੀਆਂ ਜਾ ਰਹੀਆਂ ਹਨ। ਅਮਿਤ ਸ਼ਾਹ ਭਾਜਪਾ ਦੇ ਤਿੰਨ ਮੰਡਲਾਂ ਦੇ ਵਿੱਚ ਇਹ ਰੈਲੀਆਂ ਕਰਨਗੇ। ਕੋਵਿਡ ਨਿਯਮਾਂ ਤਹਿਤ ਇਨ੍ਹਾਂ ਵਰਚੁਅਲ ਰੈਲੀਆਂ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ।