Khetibadi Punjab

ਡੱਲੇਵਾਲ ਨੂੰ ਮਿਲਣ ਪਹੁੰਚੇ ਅਮਿਤੋਜ ਮਾਨ, ਬੱਬੂ ਮਾਨ ਅਤੇ ਲੱਖਾ ਲਿਧਾਣਾ, ਕਿਸਾਨ ਜਥੇਬੰਦੀਆਂ ਸਮੇਤ ਵਿਰੋਧੀ ਪਾਰਟੀਆਂ ਨੂੰ ਕੀਤੀ ਇਹ ਅਪੀਲ…

ਖਨੌਰੀ ਬਾਰਡਰ : ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਹਰਿਆਣਾ ਦੀ ਸਰਹੱਦ ’ਤੇ ਡਟੇ ਹੋਏ ਹਨ। ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ’ਤੇ ਬੈਠੇ 18 ਦਿਨ ਬੀਤ ਚੁੱਕੇ ਹਨ। ਅੱਜ ਉਨ੍ਹਾਂ ਦਾ 19ਵਾਂ ਦਿਨ ਹੈ। ਅਜਿਹੇ ‘ਚ ਉਨ੍ਹਾਂ ਦੀ ਸਿਹਤ ਵਿਗੜਦੀ ਜਾ ਰਹੀ ਹੈ।

ਇਸੇ ਦੌਰਾਨ ਅਦਾਕਾਰ ਅਤੇ ਨਿਰਦੇਸ਼ਕ ਅਮਿਤੋਜ ਮਾਨ, ਅਦਾਕਾਰ ਬੱਬੂ ਮਾਨ ਅਤੇ ਸਮਾਜ ਸੇਵੀ ਲੱਖਾ ਲਿਧਾਣਾ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਪਹੁੰਚੇ ਹਨ। ਮੀਡੀਆ ਨਾਲ ਗੱਲ ਕਰਦਿਆਂ ਅਮਿਤੋਜ ਮਾਨ ਨੇ ਸਰਕਾਰ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਸਾਡੀ ਸਰਕਾਰ ਅੰਗਰੇਜ਼ਾਂ ਨਾਲੋਂ ਵੀ ਵੱਧ ਕਠੋਰ ਹੋ ਗਈ ਹੈ ਕਿਉਂਕਿ ਅੰਗਰੇਜ਼ਾਂ ਨੇ ਮਹਾਤਮਾ ਗਾਂਧੀ ਨੂੰ ਡਾਂਡੀ ਮਾਰਚ ਕਰਨ ਲਈ ਕਿਹਾ ਸੀ ਪਰ ਸਾਡੀਆਂ ਸਰਕਾਰਾਂ ਸਾਨੂੰ ਸ਼ੰਭੂ ਤੋਂ ਅੱਗੇ ਹੀ ਨਹੀਂ ਜਾਣ ਦੇ ਰਹੀਆਂ।

ਉਨ੍ਹਾਂ ਨੇ ਅਪੀਲ ਕੀਤੀ ਕਿ ਪੰਜਾਬ ਦੇ ਰਾਜ ਸਭਾ ਅਤੇ ਐੱਮਪੀ ਸਰਕਾਰ ਦੇ ਕੋਲ ਆਪਣੀ ਆਵਾਜ਼ ਉਠਾਉਣ ਤਾਂ ਜੋ ਕਿਸਾਨਾਂ ਦੇ ਮਸਲੇ ਦਾ ਕੋਈ ਹੱਲ ਕੱਢਿਆ ਜਾ ਸਕੇ।

ਪੰਜਾਬੀ ਗਾਇਕ ਅਤੇ ਅਦਾਕਾਰ ਬੱਬੂ ਮਾਨ ਨੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ  ਪੰਜਾਬ ਦੇ ਰਾਜ ਸਭਾ ਅਤੇ ਐੱਮਪੀ, ਵਿਰੋਧੀ ਧਿਰਾਂ,ਅਕਾਲੀ ਦਲ, ਕਾਂਗਰਸ ਅਤੇ ਹਰ ਪਾਰਟੀ ਨੂੰ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ ਹੈ। ਇਸਦੇ ਨਾਲ ਉਨ੍ਹਾਂ ਨੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਆਪਸੀ ਰੰਜਿਸ਼ਾਂ ਛੱਡ ਕੇ ਸਾਰਿਆਂ ਨੂੰ ਇਕੱਠੇ ਹੋ ਕੇ ਪਹਿਲਾ ਵਾਂਗ ਮੋਰਚਾ ਫਤਿਹ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ – ਖਨੌਰੀ ਬਾਰਡਰ ‘ਤੇ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 18ਵੇਂ ਦਿਨ ਵੀ ਜਾਰੀ