‘ਦ ਖ਼ਾਲਸ ਬਿਊਰੋ :- ਭਾਰਤ ’ਚ ਐਮਨੈਸਟੀ ਇੰਟਰਨੈਸ਼ਨਲ ਨੇ ਆਪਣੇ ਖਾਤੇ ਜਾਮ ਹੋਣ ਕਾਰਨ ਆਪਣੀਆਂ ਸਾਰੀਆਂ ਗਤੀਵਿਧੀਆਂ ਰੋਕ ਰਿਹਾ ਹੈ ਅਤੇ ਐਮਨੈਸਟੀ ਨੇ ਦਾਅਵਾ ਕੀਤਾ ਕਿ ਉਸ ਨੂੰ ਬੇਬੁਨਿਆਦ ਦੋਸ਼ਾਂ ਤਹਿਤ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਉਧਰ ਦੂਜੇ ਪਾਸੇ ਐਮਨੈਸਟੀ ਇੰਡੀਆ ਨੇ ਇੱਕ ਬਿਆਨ ’ਚ ਕਿਹਾ ਕਿ ਜਥੇਬੰਦੀ ਨੂੰ ਭਾਰਤ ’ਚ ਕਰਮਚਾਰੀ ਕੱਢਣ ਤੇ ਉਸ ਵੱਲੋਂ ਚਲਾਈਆਂ ਜਾ ਰਹੀਆਂ ਸਾਰੀਆਂ ਮੁਹਿੰਮਾਂ ਤੇ ਖੋਜ ਕਾਰਜ ਰੋਕਣ ਲਈ ਮਜਬੂਰ ਕੀਤਾ ਗਿਆ ਹੈ। ਉਨ੍ਹਾਂ ਕਿਹਾ, ‘ਭਾਰਤ ਸਰਕਾਰ ਨੇ ਐਮਨੈਸਟੀ ਇੰਟਰਨੈਸ਼ਨਲ ਇੰਡੀਆ ਦੇ ਬੈਂਕ ਖਾਤਿਆਂ ਨੂੰ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਹੈ, ਜਿਸ ਬਾਰੇ 10 ਸਤੰਬਰ 2020 ਨੂੰ ਪਤਾ ਚੱਲਿਆ। ਇਸ ਲਈ ਜਥੇਬੰਦੀ ਵੱਲੋਂ ਕੀਤੇ ਜਾ ਰਹੇ ਸਾਰੇ ਕੰਮਾਂ ਨੂੰ ਰੋਕ ਦਿੱਤਾ ਗਿਆ ਹੈ।’ ਹਾਲਾਂਕਿ ਸਰਕਾਰ ਨੇ ਕਿਹਾ ਹੈ ਕਿ ਐਮਨੈਸਟੀ ਨੂੰ ਗ਼ੈਰਕਾਨੂੰਨੀ ਢੰਗ ਨਾਲ ਵਿਦੇਸ਼ੀ ਧਨ ਪ੍ਰਾਪਤ ਹੋ ਰਿਹਾ ਹੈ।
ਜਥੇਬੰਦੀ ਨੇ ਦਾਅਵਾ ਕੀਤਾ ਕਿ ਐਮਨੈਸਟੀ ਇੰਟਰਨੈਸ਼ਨਲ ਇੰਡੀਆ ਤੇ ਹੋਰ ਮੁੱਖ ਮਨੁੱਖੀ ਅਧਿਕਾਰ ਜਥੇਬੰਦੀਆਂ, ਕਾਰਕੁਨਾਂ ਤੇ ਮਨੁੱਖੀ ਅਧਿਕਾਰ ਰੱਖਿਅਕਾਂ ’ਤੇ ਹਮਲੇ ਸਿਰਫ਼ ਆਵਾਜ਼ ਦਬਾਉਣ ਵਾਲੀਆਂ ਸਰਕਾਰੀ ਨੀਤੀਆਂ ਅਤੇ ਸੱਚ ਬੋਲਣ ਵਾਲਿਆਂ ’ਤੇ ਸਰਕਾਰ ਵੱਲੋਂ ਲਗਾਤਾਰ ਕੀਤੇ ਜਾ ਰਹੇ ਹਮਲਿਆਂ ਦਾ ਹੀ ਵਾਧਾ ਹੈ। ਐਮਨੈਸਟੀ ਇੰਟਰਨੈਸ਼ਨਲ ਇੰਡੀਆ ਨੇ ਕਿਹਾ, ‘ਭਾਰਤ ਸਰਕਾਰ ਵੱਲੋਂ ਮਨੁੱਖੀ ਅਧਿਕਾਰ ਜਥੇਬੰਦੀਆਂ ਨੂੰ ਬੇਬੁਨਿਆਦ ਦੋਸ਼ ਲਗਾ ਕੇ ਲਗਾਤਾਰ ਕੀਤੇ ਜਾ ਰਹੇ ਹਮਲਿਆਂ ਦੀ ਲੜੀ ’ਚ ਇਹ ਨਵੀਂ ਘਟਨਾ ਹੈ।’ ਜਥੇਬੰਦੀ ਨੇ ਕਿਹਾ ਕਿ ਉਹ ਸਾਰੇ ਭਾਰਤੀ ਤੇ ਕੌਮਾਂਤਰੀ ਕਾਨੂੰਨਾਂ ਦਾ ਪੂਰੀ ਤਰ੍ਹਾਂ ਪਾਲਣ ਕਰਦੀ ਆਈ ਹੈ। ਜ਼ਿਕਰਯੋਗ ਹੈ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਨੇ 2018 ’ਚ ਬੰਗਲੂਰੂ ’ਚ ਐਮਨੈਸਟੀ ਇੰਟਰਨੈਸ਼ਨਲ ਦੇ ਮੁੱਖ ਦਫ਼ਤਰ ਦੀ ਤਲਾਸ਼ੀ ਲਈ ਸੀ। ਇਹ ਛਾਪੇ ਵਿਦੇਸ਼ੀ ਮੁਦਰਾ ਐਕਟ ਦੀ ਕਥਿਤ ਉਲੰਘਣਾ ਦੇ ਦੋਸ਼ ਹੇਠ ਮਾਰੇ ਗਏ ਸਨ।
ਈਡੀ ਨਹੀਂ ਕਰ ਰਹੀ ਕੋਈ ਜਾਂਚ
ਸਰਕਾਰੀ ਸੂਤਰਾਂ ਦਾ ਕਹਿਣਾ ਹੈ ਕਿ ਅਮਨੈਸਟੀ ਐੱਨਜੀਓ ਖ਼ਿਲਾਫ਼ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਕੋਈ ਵੀ ਜਾਂਚ ਨਹੀਂ ਕੀਤੀ ਜਾ ਰਹੀ ਸਗੋਂ ਈਡੀ ਵੱਲੋਂ ਇਹ ਜਾਂਚ ਜਥੇਬੰਦੀ ਨਾਲ ਸਬੰਧਤ ਇੱਕ ਪ੍ਰਾਈਵੇਟ ਕੰਪਨੀ ਖ਼ਿਲਾਫ਼ ਕੀਤੀ ਜਾ ਰਹੀ ਹੈ ਜਿਸ ’ਤੇ 51 ਕਰੋੜ ਰੁਪਏ ਤੋਂ ਵੱਧ ਦਾ ਵਿਦੇਸ਼ੀ ਚੰਦਾ ਗ਼ੈਰਕਾਨੂੰਨੀ ਢੰਗ ਨਾਲ ਲੈਣ ਦਾ ਦੋਸ਼ ਹੈ। ਸਰਕਾਰੀ ਸੂਤਰਾਂ ਨੇ ਕਿਹਾ ਕਿ ਈਡੀ ਵੱਲੋਂ ਐਮਨੈਸਟੀ ਇੰਟਰਨੈਸ਼ਨਲ ਇੰਡੀਆ ਪ੍ਰਾਈਵੇਟ ਲਿਮਿਟਡ ਤੇ ਇੰਡੀਅਨਜ਼ ਫਾਰ ਐਮਨੈਸਟੀ ਇੰਟਰਨੈਸ਼ਨਲ ਟਰੱਸਟ ਖ਼ਿਲਾਫ਼ ਪੀਐੱਮਐੱਲਏ ਤੇ ਫੇਮਾ ਤਹਿਤ ਜਾਂਚ ਕੀਤੀ ਜਾ ਰਹੀ ਹੈ।
ਸਰਕਾਰ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ, ‘ਐਮਨੈਸਟੀ ਇੰਟਰਨੈਸ਼ਨਲ ਇੰਡੀਆ ਪ੍ਰਾਈਵੇਟ ਲਿਮਿਟਡ ਨੇ ਵਿੱਤੀ ਵਰ੍ਹੇ 2013-14 ਤੋਂ 2018-19 ਵਿਚਾਲੇ ਐਮਨੈਸਟੀ ਇੰਟਰਨੈਸ਼ਨਲ, ਯੂਕੇ ਤੋਂ 51.72 ਕਰੋੜ ਰੁਪਏ ਦਾ ਵਿਦੇਸ਼ੀ ਚੰਦਾ ਹਾਸਲ ਕੀਤਾ ਸੀ। ਇਸੇ ਕਾਰਨ ਐਮਨੈਸਟੀ ਇੰਡੀਆ ਇੰਟਰਨੈਸ਼ਨਲ ਪ੍ਰਾਈਵੇਟ ਲਿਮਿਟਡ ਤੇ ਇੰਡੀਅਨਜ਼ ਫਾਰ ਐਮਨੈਸਟੀ ਇੰਟਰਨੈਸ਼ਨਲ ਟਰੱਸਟ ਦੇ ਬੈਂਕ ਖਾਤੇ ਜਾਮ ਕੀਤੇ ਗਏ ਹਨ।’