India International Punjab

ਜ਼ਮਹੂਰੀ ਹੱਕਾਂ ਲਈ ਲੜਦੇ ਲੋਕਾਂ ਨੂੰ ਤੰਗ ਕਰਨਾ ਬੰਦ ਕਰੇ ਭਾਰਤ ਸਰਕਾਰ : ਅਮਨੈਸਟੀ ਇੰਟਰਨੈਸ਼ਨਲ

‘ਦ ਖ਼ਾਲਸ ਬਿਊਰੋ(ਜਗਜੀਵਨ ਮੀਤ):-ਮਨੁੱਖੀ ਅਧਿਕਾਰਾਂ ਬਾਰੇ ਸੰਸਥਾਂ ਅਮਨੈਸਟੀ ਇੰਟਰਨੈਸ਼ਨਲ ਨੇ ਇਕ ਬਿਆਨ ਜਾਰੀ ਕਰਕੇ ਭਾਰਤ ਸਰਕਾਰ ਨੂੰ ਪੱਤਰਕਾਰਾਂ, ਮੁਜ਼ਾਹਰਾਕਾਰੀਆਂ ਤੇ ਕਿਸਾਨ ਲੀਡਰਾਂ ਨੂੰ ਟਾਰਗੇਟ ਕਰਨ ਦੀਆਂ ਕੋਸ਼ਿਸ਼ਾਂ ਬੰਦ ਕਰਨ ਲਈ ਕਿਹਾ ਹੈ।
ਆਪਣੇ ਬਿਆਨ ਵਿੱਚ ਸ਼ਾਂਤਮਈ ਤਰੀਕੇ ਨਾਲ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਗ੍ਰਿਫ਼ਤਾਰ ਕੀਤੇ ਲੋਕਾਂ ਨੂੰ ਰਿਹਾਅ ਕਰਨ ਦੀ ਵੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ‘ਦਿ ਕਾਰਵਾਂ’ ਦੇ ਲਈ ਕੰਮ ਕਰਦੇ ਫਰੀਲਾਂਸ ਪੱਤਰਕਾਰ ਮਨਦੀਪ ਪੂਨੀਆ ਨੂੰ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਸੀ ਤੇ ਉਸ ਨੂੰ 14 ਦਿਨ ਲਈ ਹਿਰਾਸਤ ’ਚ ਰੱਖਿਆ ਗਿਆ ਸੀ। ਇਸ ਘਟਨਾਂ ਤੋਂ ਬਾਅਦ ਅਮਨੈਸਟੀ ਇੰਟਰਨੈਸ਼ਨਲ ਦਾ ਇਹ ਬਿਆਨ ਆਇਆ ਹੈ। ਹਾਲਾਂਕਿ ਮਨਦੀਪ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਸੰਸਥਾ ਨੇ ਕਿਹਾ ਕਿ ਸਰਕਾਰ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਹੋਈ ਹਿੰਸਾ ਦੀ ਪੜਤਾਲ ਕਰਨ ਤੇ ਸ਼ੱਕੀ ਦੋਸ਼ੀਆਂ ਨੂੰ ਫੜਨ ਦੀ ਥਾਂ ਧਰਨੇ ਵਾਲੀਆਂ ਥਾਵਾਂ ’ਤੇ ਲੋਕਾਂ ਨੂੰ ਪਰੇਸ਼ਾਨ ਕਰ ਰਹੀ ਹੈ ਤੇ ਸੋਸ਼ਲ ਮੀਡੀਆ ’ਤੇ ਵੀ ਰੋਕ ਲਾ ਰਹੀ ਹੈ।