‘ਵਾਰਿਸ ਪੰਜਾਬ ਦੇ’ (Waris Punjab de) ਜਥੇਬੰਦੀ ਦੇ ਨੌਜਵਾਨ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਨੂੰ ਲੈ ਇਨੀ ਦਿਨੀਂ ਪੰਜਾਬ (Punjab) ਵਿੱਚ ਕਾਫ਼ੀ ਚਰਚਾ ਛਿੜੀ ਹੋਈ ਹੈ। ਕੁਝ ਲੋਕ ਉਨ੍ਹਾਂ ਦਾ ਪੂਰਾ ਸਮਰਥਨ ਕਰ ਰਹੇ ਹਨ, ਪੰਥ ਦੇ ਦਰਦ ਦੀ ਆਵਾਜ਼ ਕਹਿ ਰਹੇ ਹਨ ਤਾਂ ਕੁਝ ਲੋਕ ਅੰਮ੍ਰਿਤਪਾਲ ਸਿੰਘ ਨੂੰ ਏਜੰਸੀਆਂ (Agencies) ਦਾ ਬੰਦਾ ਕਹਿ ਰਹੇ ਹਨ।
ਇਸੇ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਪਾਲ ਸਿੰਘ ਬਾਰੇ ਵੱਡਾ ਬਿਆਨ ਦਿੱਤਾ ਹੈ । ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਵਿਗੜ ਰਹੇ ਹਾਲਾਤ ਪਿੱਛੇ ਪਾਕਿਸਤਾਨ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੇ ਹੀ ਅੰਮ੍ਰਿਤਪਾਲ ਸਿੰਘ ਨੂੰ ਭੇਜਿਆ ਹੈ। ਪਾਕਿਸਤਾਨ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦਾ ਹੈ। ਪਾਕਿਸਤਾਨ ਪੰਜਾਬ ਦੇ ਨੌਜਵਾਨਾਂ ਨੂੰ ਹਥਿਆਰ ਚੁਕਾਉਣਾ ਚਾਹੁੰਦਾ ਹੈ।
ਕੈਪਟਨ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਡਰੋਨਾਂ ਰਾਹੀਂ ਪੰਜਾਬ ਵਿਚ ਭਾਰੀ ਮਾਤਰਾ ਵਿਚ ਹਥਿਆਰ ਤੇ ਨਸ਼ੀਲੇ ਪਦਾਰਥ ਭੇਜੇ ਜਾ ਰਹੇ ਹਨ, ਜਿਸ ਨੂੰ ਰੋਕਿਆ ਜਾਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਇਸ ਨੂੰ ਰੋਕਣ ਵਿਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਪੰਜਾਬ ਦੇ ਭਵਿੱਖ ਨੂੰ ਸੰਵਾਰਨਾ ਤੇ ਸੰਭਾਲਣਾ ਸਭ ਦੀ ਜ਼ਿੰਮੇਵਾਰੀ ਹੈ। ਇਸ ਦੇ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਸਮਝਣ ਵਾਲੀ ਗੱਲ ਹੈ ਕਿ ਇਕਦਮ ਇਹ ਅੰਮ੍ਰਿਤਪਾਲ ਕਿਥੋਂ ਆ ਗਿਆ।
ਇਹ ਸਭ ਸੂਬੇ ਦੇ ਹਾਲਾਤ ਖਰਾਬ ਕਰਨ ਦੀ ਕੋਸ਼ਿਸ਼ ਹੈ। ਇਸ ਪਿੱਛੇ ਪਾਕਿਸਤਾਨ ਕੰਮ ਕਰ ਰਿਹਾ। ਨੌਜਵਾਨਾਂ ਨੂੰ ਭੜਕਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਦੁਬਈ ਤੋਂ ਆਇਆ ਹੈ, ਇਸਦਾ ਪਰਿਵਾਰ ਦੁਬਈ ਰਹਿੰਦਾ ਹੈ। ਪੰਜਾਬ ਸਰਕਾਰ ਨੂੰ ਇਸ ਦੀ ਜਾਂਚ ਕਰਨੀ ਚਾਹੀਦੀ ਹੈ ਕਿ ਇਹਦੀ ਮਨਸ਼ਾ ਕੀ ਹੈ।