ਚੰਡੀਗੜ੍ਹ : ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਹਾਈ ਕੋਰਟ ਵਿੱਚ ਹੋਵੇਗੀ। ਇਹ ਪਟੀਸ਼ਨ ਖਡੂਰ ਸਾਹਿਬ ਤੋਂ ਆਜ਼ਾਦ ਚੋਣ ਲੜ ਰਹੇ ਵਿਕਰਮਜੀਤ ਸਿੰਘ ਦੀ ਤਰਫੋਂ ਦਾਇਰ ਕੀਤੀ ਗਈ ਹੈ। ਪਟੀਸ਼ਨ ‘ਚ ਉਸ ਨੇ ਅੰਮ੍ਰਿਤਪਾਲ ਸਿੰਘ ‘ਤੇ ਜਾਣਕਾਰੀ ਲੁਕਾਉਣ ਦੇ ਗੰਭੀਰ ਦੋਸ਼ ਲਾਏ ਹਨ।
ਅੰਮ੍ਰਿਤਪਾਲ ਦੀ ਐਮਪੀ ਸੀਟ ਨੂੰ ਵੀ ਚੁਣੌਤੀ
ਅੰਮ੍ਰਿਤਪਾਲ ਸਿੰਘ ਦੀ ਐਮਪੀ ਸੀਟ ਨੂੰ ਵੀ ਹੁਣ ਚੁਣੌਤੀ ਦਿੱਤੀ ਗਈ ਹੈ। ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਿਕਰਮਜੀਤ ਸਿੰਘ ਨੇ ਇਸ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿੱਚ ਪੰਜ ਗੱਲਾਂ ਦਾ ਜ਼ਿਕਰ ਕੀਤਾ ਗਿਆ ਹੈ। ਦਲੀਲ ਦਿੱਤੀ ਗਈ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਆਪਣੇ ਨਾਮਜ਼ਦਗੀ ਪੱਤਰਾਂ ਵਿੱਚ ਕਈ ਜਾਣਕਾਰੀਆਂ ਛੁਪਾਈਆਂ ਸਨ।
ਇਸ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਨਾਮਜ਼ਦਗੀ ਫਾਰਮ ਅਧੂਰਾ ਹੈ। ਫੰਡਾਂ, ਦਾਨ ਅਤੇ ਖ਼ਰਚਿਆਂ ਬਾਰੇ ਜਾਣਕਾਰੀ ਛੁਪਾਈ ਗਈ ਹੈ। ਵੋਟਾਂ ਮੰਗਣ ਲਈ ਧਾਰਮਿਕ ਸਥਾਨਾਂ ਦੀ ਵਰਤੋਂ ਕੀਤੀ ਗਈ ਹੈ। ਬਿਨਾਂ ਪ੍ਰਵਾਨਗੀ ਤੋਂ ਚੋਣ ਪ੍ਰਚਾਰ ਸਮੱਗਰੀ ਛਾਪੀ ਗਈ। ਚੋਣ ਕਮਿਸ਼ਨ ਦੀ ਇਜਾਜ਼ਤ ਤੋਂ ਬਿਨਾਂ ਸੋਸ਼ਲ ਮੀਡੀਆ ’ਤੇ ਪ੍ਰਚਾਰ ਕੀਤਾ ਗਿਆ। ਇਸ ਮਾਮਲੇ ਦੀ ਸੁਣਵਾਈ 5 ਅਗਸਤ ਨੂੰ ਹੋਵੇਗੀ