ਲੋਕ ਸਭਾ ਚੋਣਾਂ 2024 (Lok sabha Elections 2024) ਦੀ ਹੌਟ ਸੀਟ ਖਡੂਰ ਸਾਹਿਬ ਤੋਂ ਬਤੌਰ ਆਜ਼ਾਦ ਉਮੀਦਵਾਰ ਚੋਣ ਲੜ ਰਹੇ ਅੰਮ੍ਰਿਤਪਾਲ ਸਿੰਘ ਦਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਦੇ ਖਡੂਰ ਸਾਹਿਬ ਤੋਂ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੂੰ ਸਮਰਥਨ ਨਹੀਂ ਦੇਵੇਗਾ। ਉਹਨਾਂ ਨੇ ਕਿਹਾ ਕਿ ਜੇ ਸ਼੍ਰੋਮਣੀ ਅਕਾਲੀ ਦਲ ਚਾਹੁੰਦੀ ਹੈ ਕਿ ਉਹਨਾਂ ਦੀ ਸਾਖ ਬਚੇ ਤਾਂ ਉਨ੍ਹਾਂ ਨੂੰ ਅੰਮ੍ਰਿਤਪਾਲ ਸਿੰਘ ਦੇ ਹੱਕ ਦੇ ਵਿੱਚ ਨਿੱਤਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਜਾਣਕਾਰੀ ਦਿੱਤੀ ਕਿ ਕੱਲ੍ਹ (30 ਅਪ੍ਰੈਲ, 2024) ਤੋਂ ਅੰਮ੍ਰਿਤਪਾਲ ਸਿੰਘ ਦਾ ਚੋਣ ਪ੍ਰਚਾਰ ਸ਼ੁਰੂ ਕੀਤਾ ਜਾਵੇਗਾ।
ਅੱਜ ਸਵੇਰੇ ਵਲਟੋਹਾ ਤੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਦੀ ਬੈਠਕ ਹੋਈ ਸੀ, ਜਿਸ ਤੋਂ ਬਾਅਦ ਇਹ ਚਰਚਾ ਹੋ ਰਹੀ ਸੀ ਕਿ ਵਲਟੋਹਾ ਨੂੰ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਉਹ ਚੋਣ ਮੈਦਾਨ ਵਿੱਚ ਨਹੀਂ ਉਤਰਣਗੇ, ਪਰ ਹੁਣ ਪਿਤਾ ਤਰਸੇਮ ਸਿੰਘ ਨੇ ਗੱਲ ਸਪਸ਼ਟ ਕਰ ਦਿੱਤੀ ਹੈ।
ਤਰਸੇਮ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਦਾ ਅਕਾਲੀ ਦਲ ਦੇ ਵਿਰਸਾ ਸਿੰਘ ਵਲਟੋਹਾ ਨਾਲ ਕਿਸੇ ਤਰ੍ਹਾਂ ਦਾ ਕੋਈ ਸਮਝੌਤਾ ਨਹੀਂ ਹੋਇਆ ਹੈ ਤੇ ਉਨ੍ਹਾਂ ਦਾ ਪੁੱਤਰ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਹਲਕੇ ਤੋਂ ਚੋਣ ਜ਼ਰੂਰ ਲੜਨਗੇ। ਉਨ੍ਹਾਂ ਕਿਹਾ ਕਿ ਇਹ ਪੰਥ ਦੀ ਆਵਾਜ਼ ਹੈ। ਨਾਲ ਉਨ੍ਹਾਂ ਸਪਸ਼ਟ ਕੀਤਾ ਕਿ ਉਨ੍ਹਾਂ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਕਿਸੇ ਵੀ ਤਰ੍ਹਾਂ ਦਾ ਸਮਰਥਨ ਨਹੀਂ ਦਿੱਤਾ ਗਿਆ, ਭਾਵੇਂ ਕਿ ਵਿਰਸਾ ਸਿੰਘ ਵਲਟੋਹਾ ਵੱਲੋਂ ਉਨ੍ਹਾਂ ਨੂੰ ਵਾਰ-ਵਾਰ ਮਿਲਣ ਲਈ ਕਿਹਾ ਜਾ ਰਿਹਾ ਸੀ।
ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਨਾਰਾਜ਼ਗੀ ਵੀ ਜਤਾਈ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਖਡੂਰ ਸਾਹਿਬ ਤੋਂ ਆਪਣਾ ਉਮੀਦਵਾਰ ਨਹੀਂ ਐਲਾਨਣਾ ਚਾਹੀਦਾ ਸੀ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਸਪਸ਼ਟ ਕਰ ਦਿੱਤਾ ਕਿ ਵਲਟੋਹਾ ਨੂੰ ਅਸੀਂ ਕੋਈ ਚੁਣੌਤੀ ਨਹੀਂ ਮੰਨਦੇ।
ਉਨ੍ਹਾਂ ਕਿਹਾ ਕਿ ਜੇ ਸ਼੍ਰੋਮਣੀ ਅਕਾਲੀ ਦਲ ਆਪਣੀ ਸਾਖ ਬਚਾਉਣਾ ਚਾਹੁੰਦਾ ਹੈ ਤਾਂ 12 ਸੀਟਾਂ ਤੇ ਉਹ ਆਪ ਚੋਣ ਲੜ ਸਕਦਾ ਹੈ ਤੇ ਖਡੂਰ ਸਾਹਿਬ ਵਾਲੀ ਸੀਟ ਨੂੰ ਭਾਈ ਅੰਮ੍ਰਿਤ ਪਾਲ ਸਿੰਘ ਦੇ ਹੱਕ ਦੇ ਵਿੱਚ ਭੁਗਤਾ ਸਕਦਾ ਹੈ। ਪਰ ਸੱਤਾ ਦੇ ਲਾਲਚ ਵਿੱਚ ਵਿਰਸਾ ਸਿੰਘ ਵਲਟੋਹਾ ਤੇ ਸ਼੍ਰੋਮਣੀ ਅਕਾਲੀ ਦਲ ਆਪਣੀ ਪਾਰਟੀ ਦਾ ਹੋਰ ਨੁਕਸਾਨ ਕਰ ਰਹੇ ਹਨ। ਉਨ੍ਹਾਂ ਜਾਣਕਾਰੀ ਸਾਂਝੀ ਕੀਤੀ ਕਿ ਉਹ ਜਲਦ ਹੀ ਅੰਮ੍ਰਿਤ ਪਾਲ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਸ਼ੁਰੂ ਕਰਨ ਜਾ ਰਹੇ ਹਨ।