The Khalas Tv Blog Punjab ਅੰਮ੍ਰਿਤਪਾਲ ਸਿੰਘ ਦੇ ਮਾਮਲੇ ਦੀ ਸੁਣਵਾਈ ਟਲੀ, 31 ਜੁਲਾਈ ਨੂੰ ਮੁੜ ਹੋਵੇਗੀ
Punjab

ਅੰਮ੍ਰਿਤਪਾਲ ਸਿੰਘ ਦੇ ਮਾਮਲੇ ਦੀ ਸੁਣਵਾਈ ਟਲੀ, 31 ਜੁਲਾਈ ਨੂੰ ਮੁੜ ਹੋਵੇਗੀ

ਬਿਉਰੋ ਰਿਪੋਰਟ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਆਪਣੇ ’ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਦੀ ਮਿਆਦ ਵਧਾਉਣ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਣੀ ਸੀ ਪਰ ਇਸ ਨੂੰ ਫਿਲਹਾਲ ਟਾਲ ਦਿੱਤਾ ਗਿਆ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 31 ਜੁਲਾਈ ਨੂੰ ਹੋਵੇਗੀ। ਇਸ ਪਟੀਸ਼ਨ ’ਚ ਅੰਮ੍ਰਿਤਪਾਲ ਸਿੰਘ ਨੇ ਕਿਹਾ ਹੈ ਕਿ ਸੰਸਦ ਮੈਂਬਰ ’ਤੇ NSA ਲਗਾਉਣਾ ਗ਼ਲਤ ਹੈ।

ਇਸ ਸਮੇਂ ਅੰਮ੍ਰਿਤਪਾਲ ਸਿੰਘ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਅਦਾਲਤ ਵਿੱਚ ਆਪਣੀ ਤਰਫੋਂ ਦਾਇਰ ਪਟੀਸ਼ਨ ’ਚ ਉਨ੍ਹਾਂ ਕਿਹਾ ਹੈ ਕਿ NSA ਦੀ ਮਿਆਦ ਇਕ ਸਾਲ ਵਧਾਉਣਾ ਪੂਰੀ ਤਰ੍ਹਾਂ ਗ਼ਲਤ ਹੈ। ਉਨ੍ਹਾਂ ਨੇ ਆਪਣੇ ਖ਼ਿਲਾਫ਼ ਕੀਤੀ ਗਈ ਕਾਰਵਾਈ ਨੂੰ ਗੈਰ-ਸੰਵਿਧਾਨਕ ਦੱਸਿਆ ਹੈ। ਉਨ੍ਹਾਂ ਕਿਹਾ ਕਿ ਉਹ ਇੱਕ ਸਾਲ ਤੋਂ ਵੱਧ ਸਮੇਂ ਤੋਂ ਆਪਣੇ ਰਾਜ, ਰਿਸ਼ਤੇਦਾਰਾਂ ਅਤੇ ਲੋਕਾਂ ਤੋਂ ਦੂਰ ਹਨ। ਉਨ੍ਹਾਂ ਦੀ ਜ਼ਿੰਦਗੀ ਤੇ ਆਜ਼ਾਦੀ ਨੂੰ ਅਸਾਧਾਰਨ ਅਤੇ ਬੇਰਹਿਮ ਤਰੀਕੇ ਨਾਲ ਖੋਹ ਲਿਆ ਗਿਆ ਹੈ।

ਅੰਮ੍ਰਿਤਪਾਲ ਦੀ ਐਮਪੀ ਸੀਟ ਨੂੰ ਵੀ ਚੁਣੌਤੀ

ਅੰਮ੍ਰਿਤਪਾਲ ਸਿੰਘ ਦੀ ਐਮਪੀ ਸੀਟ ਨੂੰ ਵੀ ਹੁਣ ਚੁਣੌਤੀ ਦਿੱਤੀ ਗਈ ਹੈ। ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਿਕਰਮਜੀਤ ਸਿੰਘ ਨੇ ਇਸ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿੱਚ ਪੰਜ ਗੱਲਾਂ ਦਾ ਜ਼ਿਕਰ ਕੀਤਾ ਗਿਆ ਹੈ। ਦਲੀਲ ਦਿੱਤੀ ਗਈ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਆਪਣੇ ਨਾਮਜ਼ਦਗੀ ਪੱਤਰਾਂ ਵਿੱਚ ਕਈ ਜਾਣਕਾਰੀਆਂ ਛੁਪਾਈਆਂ ਸਨ।

ਇਸ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਨਾਮਜ਼ਦਗੀ ਫਾਰਮ ਅਧੂਰਾ ਹੈ। ਫੰਡਾਂ, ਦਾਨ ਅਤੇ ਖ਼ਰਚਿਆਂ ਬਾਰੇ ਜਾਣਕਾਰੀ ਛੁਪਾਈ ਗਈ ਹੈ। ਵੋਟਾਂ ਮੰਗਣ ਲਈ ਧਾਰਮਿਕ ਸਥਾਨਾਂ ਦੀ ਵਰਤੋਂ ਕੀਤੀ ਗਈ ਹੈ। ਬਿਨਾਂ ਪ੍ਰਵਾਨਗੀ ਤੋਂ ਚੋਣ ਪ੍ਰਚਾਰ ਸਮੱਗਰੀ ਛਾਪੀ ਗਈ। ਚੋਣ ਕਮਿਸ਼ਨ ਦੀ ਇਜਾਜ਼ਤ ਤੋਂ ਬਿਨਾਂ ਸੋਸ਼ਲ ਮੀਡੀਆ ’ਤੇ ਪ੍ਰਚਾਰ ਕੀਤਾ ਗਿਆ। ਇਸ ਮਾਮਲੇ ਦੀ ਸੁਣਵਾਈ 5 ਅਗਸਤ ਨੂੰ ਹੋਵੇਗੀ

Exit mobile version