Lok Sabha Election 2024 Punjab

ਅੰਮ੍ਰਿਤਪਾਲ ਦੇ ਪਰਿਵਾਰ ਨੇ ਗੁਰੂਘਰ ਤੋਂ ਆਸ਼ੀਰਵਾਦ ਲੈ ਕੇ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ

ਡਿਬਰੂਗੜ੍ਹ ਜੇਲ੍ਹ ‘ਚ ਬੰਦ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਅਤੇ ਸਮਰਥਕਾਂ ਵੱਲੋਂ ਸ੍ਰੀ ਅਕਾਲ ਤਖਤ ਵਿਖੇ ਅਰਦਾਸ ਕਰਨ ਉਪਰੰਤ ਭਾਈ ਅੰਮ੍ਰਿਤਪਾਲ ਦੇ ਹੱਕ ’ਚ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।

ਅਕਾਲ ਤਖਤ ਸਾਹਿਬ ਤੋਂ ਅਰਦਾਸ ਕਰਨ ਉਪਰੰਤ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਪਰਿਵਾਰ ਨੇ ਜਿੱਥੇ ਚੋਣ ਮੁਹਿੰਮ ਦਾ ਆਗਾਜ਼ ਕੀਤਾ, ਓਥੇ ਹੀ ਜੇਲ੍ਹ ‘ਚ ਬੰਦ ਸਿੰਘਾਂ ਦੀ ਰਿਹਾਈ ਲਈ ਦਰਬਾਰ ਸਾਹਿਬ ਦੇ ਰਸਤੇ ਵਿੱਚ ਚੱਲ ਰਹੇ ਪੱਕੇ ਮੋਰਚੇ ਨੂੰ ਵੀ ਚੋਣ ਮੁਹਿੰਮ ਦੇ ਚੱਲਦਿਆਂ ਖਤਮ ਕਰ ਦਿੱਤਾ ਗਿਆ।

ਬੀਤੇ ਦਿਨ ਉਸ ਦੇ ਮਾਪਿਆਂ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਅੰਮ੍ਰਿਤਪਾਲ ਸਿੰਘ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੇਗਾ। ਪਰਿਵਾਰ ਅਤੇ ਸਮਰਥਕਾਂ ਵੱਲੋਂ ਅੱਜ ਉਸ ਦੀ ਚੋਣ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਉਸ ਦੇ ਪਿਤਾ ਤਰਸੇਮ ਸਿੰਘ ਅਤੇ ਮਾਤਾ ਬਲਵਿੰਦਰ ਕੌਰ ਨੇ ਆਖਿਆ ਕਿ ਸੰਗਤ ਦੀ ਵੱਡੇ ਪੱਧਰ ’ਤੇ ਆਈ ਮੰਗ ਅਤੇ ਪੰਥਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਅੰਮ੍ਰਿਤਪਾਲ ਸਿੰਘ ਨੇ ਇਹ ਚੋਣ ਲੜਨ ਵਾਸਤੇ ਸਹਿਮਤੀ ਦਿੱਤੀ ਹੈ।

ਉਨ੍ਹਾਂ ਪੰਥਕ ਅਤੇ ਸਿੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਵਡੇਰੇ ਪੰਥਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਅੰਮ੍ਰਿਤਪਾਲ ਨੂੰ ਹਮਾਇਤ ਦੇਣ ਤੇ ਉਸ ਦੀ ਜਿੱਤ ਨੂੰ ਪੱਕਾ ਕਰਨ ਤਾਂ ਜੋ ਬੰਦੀ ਸਿੱਖਾਂ ਦੀ ਰਿਹਾਈ ਹੋ ਸਕੇ। ਉਨ੍ਹਾਂ ਦੱਸਿਆ ਕਿ ਅੱਜ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਦੀ ਰਿਹਾਈ ਅਤੇ ਪੰਜਾਬ ਦੀ ਜੇਲ੍ਹ ’ਚ ਤਬਦੀਲ ਕਰਨ ਦੀ ਮੰਗ ਸਬੰਧੀ ਹੈਰੀਟੇਜ ਸਟਰੀਟ ’ਚ ਲਾਇਆ ਮੋਰਚਾ ਸਮਾਪਤ ਕਰ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਵੱਲੋਂ ਜੇਲ ਦੇ ਅੰਦਰੋਂ ਹੀ ਚੋਣ ਲੜਨ ਦੇ ਐਲਾਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਐਲਾਨ ਕਰ ਦਿੱਤਾ ਸੀ ਕਿ ਜੇਕਰ ਅੰਮ੍ਰਿਤਪਾਲ ਸਿੰਘ ਚੋਣ ਲੜਨਗੇ ਤਾਂ ਉਨ੍ਹਾਂ ਦੀ ਪਾਰਟੀ ਵੱਲੋ। ਕੋਈ ਵੀ ਉਮੀਦਵਾਰ ਚੋਣ ਮੈਦਾਨ ਵਿੱਚ ਨਹੀਂ ਉਤਾਰਿਆ ਜਾਵੇਗਾ। ਹਾਲਾਂਕਿ ਮਾਨੀ ਦੀ ਪਾਰਟੀ ਵੱਲੋਂ ਇਸ ਸੀਟ ਤੋਂ ਹਰਪਾਲ ਸਿੰਘ ਬਲੇਰ ਦੇ ਨਾਮ ਦਾ ਐਲਾਨ ਕਰ ਦਿੱਤਾ ਗਿਆ ਸੀ। ਪਰ ਅੰਮ੍ਰਿਤਪਾਲ ਸਿੰਘ ਦੇ ਐਲਾਨ ਤੋਂ ਬਾਅਦ ਉਨ੍ਹਾਂ ਆਪਣੀ ਉਮਦੀਵਾਰੀ ਵਾਪਿਸ ਲਈ ਅਤੇ ਅੰਮ੍ਰਿਤਪਾਲ ਸਿੰਘ ਦਾ ਸਮਰਥਨ ਕਰਨ ਦਾ ਵੀ ਐਲਾਨ ਕੀਤਾ।