ਅੰਮ੍ਰਿਤਸਰ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਪੰਜਾਬ ਵਿੱਚ ਤਬਦੀਲ ਕਰਨ ਦੀ ਮੰਗ ਸਬੰਧੀ ਅੱਜ ਅੰਮ੍ਰਿਤਸਰ ਹੈਰੀਟੇਜ ਸਟਰੀਟ ਵਿੱਚ ਸਾਰਾਗੜ੍ਹੀ ਗੁਰਦੁਆਰੇ ਦੇ ਨੇੜੇ ਉਸ ਦੀ ਮਾਂ ਬਲਵਿੰਦਰ ਕੌਰ ਅਤੇ ਹੋਰ ਨੌਜਵਾਨਾਂ ਦੇ ਮਾਪਿਆਂ ਵੱਲੋਂ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ।
ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਦੱਸਿਆ ਕਿ ਕਿ ਨੌਜਵਾਨਾਂ ਦੇ ਮਾਪਿਆਂ ਵੱਲੋਂ ਸਰਕਾਰ ਨੂੰ ਅਲਟੀਮੇਟਮ ਦਿੱਤਾ ਗਿਆ ਸੀ ਕਿ ਜੇ 24 ਘੰਟਿਆਂ ਦੇ ਵਿੱਚ ਉਨ੍ਹਾਂ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਨਾ ਕੀਤਾ ਤਾਂ ਉਹ ਵੀ ਭੁੱਖ ਹੜਤਾਲ ਸ਼ੁਰੂ ਕਰ ਦੇਣਗੇ। ਸਰਕਾਰ ਅਤੇ ਜੇਲ੍ਹ ਪ੍ਰਸ਼ਾਸਨ ਵੱਲੋਂ ਮੰਗ ਨੂੰ ਅਣਗੌਲ਼ਿਆ ਕਰ ਦਿੱਤਾ ਗਿਆ, ਸਿੱਟੇ ਵਜੋਂ ਉਨ੍ਹਾਂ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਹ ਭੁੱਖ ਹੜਤਾਲ ਉਨ੍ਹਾਂ ਨੂੰ ਪੰਜਾਬ ਦੀਆਂ ਜੇਲ੍ਹਾਂ ’ਚ ਤਬਦੀਲ ਕਰਨ ਤੱਕ ਜਾਰੀ ਰਹੇਗੀ।
ਡਿਬਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਵੱਲੋਂ 16 ਫਰਵਰੀ ਤੋਂ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ਇਸੇ ਸੰਦਰਭ ਵਿੱਚ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਕੁਝ ਨੌਜਵਾਨਾਂ ਵੱਲੋਂ ਵੀ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਕੱਲ੍ਹ ਉਨ੍ਹਾਂ ਡਿਪਟੀ ਕਮਿਸ਼ਨਰ ਦੇ ਰਾਹੀ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ ਸੀ।
ਡਿਬਰੂਗੜ ਜੇਲ੍ਹ ਪ੍ਰਸ਼ਾਸਨ ਵੱਲੋਂ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਦੋਸ਼ ਲਾਇਆ ਗਿਆ ਹੈ ਕਿ ਉਨ੍ਹਾਂ ਕੋਲੋਂ ਮੋਬਾਈਲ ਫੋਨ ਅਤੇ ਹੋਰ ਸਾਮਾਨ ਬਰਾਮਦ ਹੋਇਆ। ਦੂਜੇ ਪਾਸੇ ਅੰਮ੍ਰਿਤਪਾਲ ਸਿੰਘ ਵੱਲੋਂ ਦੋਸ਼ ਲਾਇਆ ਗਿਆ ਸੀ ਕਿ ਜੇਲ੍ਹ ਵਿੱਚ ਉਨ੍ਹਾਂ ਦੀਆਂ ਬੈਰਕਾਂ ਵਿੱਚ ਖ਼ੁਫ਼ੀਆ ਸੀਸੀ ਟੀਵੀ ਕੈਮਰੇ ਲਾਏ ਗਏ ਹਨ, ਜੋ ਉਨ੍ਹਾਂ ਦੇ ਨਿੱਜਤਾ ਦੇ ਹੱਕ ਸਬੰਧੀ ਕਾਨੂੰਨ ਦੀ ਉਲੰਘਣਾ ਹੈ।
ਇਸ ਖ਼ਿਲਾਫ਼ ਅੰਮ੍ਰਿਤਪਾਲ ਤੇ ਉਸ ਦੇ ਸਾਥੀਆਂ ਵੱਲੋਂ ਭੁੱਖ ਹੜਤਾਲ ਕੀਤੀ ਜਾ ਰਹੀ। ਇਸ ਤੋਂ ਪਹਿਲਾਂ ਨੌਜਵਾਨਾਂ ਦੇ ਮਾਪੇ ਇੱਥੇ ਅਕਾਲ ਤਖ਼ਤ ਦੇ ਸਨਮੁਖ ਇਕੱਠੇ ਹੋਏ, ਜਿੱਥੇ ਮੀਟਿੰਗ ਤੋਂ ਬਾਅਦ ਵਿੱਚ ਅਰਦਾਸ ਵੀ ਕੀਤੀ। ਉਨ੍ਹਾਂ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਵਿੱਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਅਤੇ ਬਾਅਦ ਵਿੱਚ ਸਾਰਾਗੜ੍ਹੀ ਗੁਰਦੁਆਰੇ ਨੇੜੇ ਆ ਗਏ।
ਇਸ ਇਕੱਠ ਵਿੱਚ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਚੜ੍ਹਤ ਸਿੰਘ ਫੈਡਰੇਸ਼ਨ ਪੰਜਾਬ ਦੇ ਪ੍ਰਧਾਨ ਭਾਈ ਗੁਰਬਚਨ ਸਿੰਘ ਗਰੇਵਾਲ, ਬਲਵੰਤ ਸਿੰਘ ਗੋਪਾਲਾ, ਉਪਕਾਰ ਸਿੰਘ ਸੰਧੂ ਅਤੇ ਹਰਪਾਲ ਸਿੰਘ ਬਲੇਰ ਤੋਂ ਇਲਾਵਾ ਅੰਮ੍ਰਿਤਪਾਲ ਸਮੇਤ ਜੇਲ੍ਹ ਵਿੱਚ ਬੰਦ ਨੌਜਵਾਨਾਂ ਦੇ ਮਾਪੇ ਵੀ ਸ਼ਾਮਲ ਹੋਏ। ਇੱਥੇ ਉਸ ਦੀ ਮਾਂ ਨੇ ਵੀ ਮੰਗਾਂ ਪੂਰੀਆਂ ਹੋਣ ਤੱਕ ਭੁੱਖੇ ਰਹਿਣ ਦਾ ਐਲਾਨ ਕੀਤਾ ਹੈ।