Punjab

ਅੰਮ੍ਰਿਤਪਾਲ ‘ਤੇ ਵਧਾਇਆ NSA, ਪਰਿਵਾਰ ਨੇ ਕੀਤਾ ਵਿਰੋਧ

ਬਿਉਰੋ ਰਿਪੋਰਟ – ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁੱਖੀ ਅਤੇ ਖਡੂਰ ਸਾਹਿਬ ਤੋਂ ਨਵੇਂ ਐਮਪੀ ਅੰਮ੍ਰਿਤਪਾਲ ਸਿੰਘ (Amritpal Singh) ਅਤੇ ਉਨ੍ਹਾਂ ਦੇ ਸਾਥੀਆਂ ‘ਤੇ ਲਗਾਇਆ NSA ਇਕ ਵਾਰ ਫਿਰ ਵਧਾ ਦਿੱਤਾ ਹੈ। ਜਿਸ ‘ਤੇ ਅੰਮ੍ਰਿਤਪਾਲ ਦੇ ਮਾਪਿਆਂ ਨੇ ਸਖਤ ਇਤਰਾਜ਼ ਕੀਤਾ ਹੈ। ਨਿੱਜੀ ਚੈਨਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਸ਼ਰੇਆਮ ਧੱਕੇਸ਼ਾਹੀ ਕੀਤੀ ਹੈ। ਅੰਮ੍ਰਿਤਪਾਲ ਦੇ ਪਿਤਾ ਨੇ ਕਿਹਾ ਕਿ ਐਨਐਸਏ ਨੂੰ ਵਧਾਉਣਾ ਮਨੁੱਖੀ ਅਧਿਕਾਰਾਂ ਦਾ ਘਾਣ ਹੈ। ਅੰਮ੍ਰਿਤਪਾਲ ਨੂੰ ਚੋਣਾਂ ਵਿੱਚ ਬਹੁਤ ਪਿਆਰ ਦਿੱਤਾ ਗਿਆ ਹੈ, ਇਕ ਚੁਣੇ ਹੋਏ ਐਮ ਪੀ ਬਾਰੇ ਕਿਹਾ ਜਾ ਰਿਹਾ ਹੈ ਕਿ ਉਸ ਤੋਂ ਦੇਸ਼ ਨੂੰ ਖਤਰਾ ਹੈ ਜੋ ਬਹੁਤ ਗਲਤ ਹੈ ਅਤੇ NSA ਨੂੰ ਵਧਾਉਣਾ ਇਕ ਘਟੀਆ ਹਰਕਤ ਹੈ। ਉਨ੍ਹਾਂ ਇਸ ਨੂੰ ਸਰਕਾਰ ਦੀ ਧੱਕੇਸ਼ਾਹੀ ਕਰਾਰ ਦਿੱਤਾ ਹੈ।

ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕਿਹਾ ਜੇਕਰ ਸਰਕਾਰ ਨੇ ਲੋਕਾਂ ਦੀਆਂ ਭਾਵਨਾਵਾਂ ਦੀ ਕਦਰ ਨਾ ਕੀਤੀ ਤਾਂ ਸਾਡੇ ਵੱਲੋਂ ਵੀ ਸ਼ਾਤਮਈ ਅੰਦੋਲਨ ਵੱਡੇ ਪੱਧਰ ‘ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ NSA ਹਟਾ ਕੇ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕਰਨਾ ਚਾਹਿਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਤਿੰਨ-ਤਿੰਨ ਮਹੀਨੇ ਬਾਅਦ NSA ਨੂੰ ਵਧਾਇਆ ਜਾਂਦਾ ਸੀ ਪਰ ਹੁਣ ਇਸ ਨੂੰ ਇਕੱਠੇ ਇਕ ਸਾਲ ਲਈ ਵਧਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕਰਨ ਦੀ ਤਾਂ ਕਾਨੂੰਨ ਵੀ ਇਜਾਜ਼ਤ ਨਹੀਂ ਦਿੰਦਾ ਪਰ ਪਤਾ ਨਹੀ ਸਰਕਾਰ ਕਿਉਂ ਕਰ ਰਹੀ ਹੈ।

ਅੰਮ੍ਰਿਤਪਾਲ ਦੀ ਮਾਤਾ ਬਲਵਿੰਦਰ ਕੌਰ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ 4 ਲੱਖ ਤੋਂ ਵੱਧ ਲੋਕਾਂ ਨੇ ਵੋਟਾਂ ਪਾ ਕੇ ਜਿਤਾਇਆ ਹੈ। ਇਹ ਸ਼ਰੇਆਮ ਧੱਕਾ ਕਰ ਰਹੇ ਹਨ। ਸਿਰਫ ਇਕ ਸਾਲ ਦੀ NSA ਲੱਗੀ ਸੀ, ਇਸ ਨੂੰ ਵਧਾਉਣ ਦਾ ਕੋਈ ਮਤਲਬ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਪੰਜਾਬ ਦਾ ਮਾਹੌਲ ਸਹੀ ਰੱਖਣਾ ਚਾਹੁੰਦੀ ਹੈ ਤਾਂ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕਰਨਾ ਚਾਹੀਦਾ ਹੈ।

ਉਧਰ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਅਸੀਂ NSA ਵਧਾਉਣ ਦੇ ਖਿਲਾਫ ਹਾਂ, ਭਾਵੇ ਅੰਮ੍ਰਿਤਪਾਲ ਹੋਵੇ ਜਾਂ ਫਿਰ ਕੋਈ ਹੋਰ ਹੋਵੇ। ਕੇਂਦਰ ਅਤੇ ਸੂਬਾ ਸਰਕਾਰਾਂ ਦੋਵੇ ਮਿਲ ਕੇ ਧੱਕਾ ਕਰ ਰਹੀਆਂ ਹਨ, ਸੰਵਿਧਾਨ ਦੀ ਸਹੁੰ ਖਾ ਕੇ ਜਿਸ ਬੰਦੇ ਨੇ ਚੋਣ ਲੜੀ ਅਤੇ ਜਿੱਤੀ ਉਸ ਨੂੰ ਕਿਵੇਂ ਜੇਲ੍ਹ ਵਿੱਚ ਰੱਖਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ –  ਨੀਟ ਪ੍ਰੀਖਿਆ ਨੂੰ ਲੈ ਕੇ ਆਮ ਆਦਮੀ ਪਾਰਟੀ ਹੋਈ ਹਮਲਾਵਰ, ਜਲੰਧਰ ‘ਚ ਕੀਤਾ ਪ੍ਰਦਰਸ਼ਨ