India Punjab

ਅੰਮ੍ਰਿਤਪਾਲ ਦੀ ਚੇਤਾਵਨੀ , ਸਿਰਸੇ ਵਾਲੇ ਦਾ ਸੁਨਾਮ ‘ਚ ਨਹੀਂ ਖੁੱਲਣ ਦੇਵਾਂਗੇ ਕੋਈ ਡੇਰਾ

ਬਲਾਤਕਾਰੀ ਰਾਮ ਰਹੀਮ ਵੱਲੋਂ ਜ਼ਿਲ੍ਹਾ ਸੰਗਰੂਰ ਦੇ ਸੁਨਾਮ ‘ਚ ਨਵਾਂ ਡੇਰਾ ਖੋਲ੍ਹਣ ਦੀ ਗੱਲ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਿੱਚ ਭਾਰੀ ਰੋਸ ਪੈਦਾ ਹੋ ਗਿਆ ਹੈ। ਪੰਜਾਬ ਦੀਆਂ ਵੱਖ ਵੱਖ ਜਥੇਬੰਦੀਆਂ ਵੱਲੋਂ ਡੇਰਾ ਸਿਰਸਾ ਮੁਖੀ ਵੱਲੋਂ ਸੁਨਾਮ ’ਚ ਡੇਰਾ ਖੋਲ੍ਹਣ ਦੇ ਐਲਾਨਣ ‘ਤੇ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਵਾਰਿਸ ਪੰਜਾਬ ਜੱਥੇਬੰਦੀ ਦੇ ਮੁਖੀ  ਭਾਈ ਅੰਮ੍ਰਿਤਪਾਲ ਸਿੰਘ ਨੇ ਇਸ ਗੱਲ ਦਾ ਸਖ਼ਤ ਵਿਰੋਧ ਕੀਤਾ ਹੈ।

ਵਾਰਿਸ ਪੰਜਾਬ ਜੱਥੇਬੰਦੀ ਦੇ ਮੁਖੀ  ਭਾਈ ਅੰਮ੍ਰਿਤਪਾਲ ਸਿੰਘ ਮਾਨਸਾ ਜ਼ਿਲ੍ਹੇ ਦੇ ਪਿੰਡ ਬੱਛੋਆਣਾ ਵਿਖੇ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਸੁਨਾਮ ਵਿੱਚ ਕੋਈ ਡੇਰਾ ਨਹੀਂ ਬਣਨ ਦਿਆਂਗੇ। ਉਨ੍ਹਾਂ ਕਿਹਾ  ਜੇਕਰ ਸਰਕਾਰ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦਾ ਵਿਰੋਧ ਨਹੀਂ ਕਰਦੀ ਤਾਂ ਅਸੀ ਇਸ ਦਾ ਸਖ਼ਤ ਵਿਰੋਧ ਕਰਨਗੇ ਕਿਉਂਕਿ ਡੇਰਾ ਮੁਖੀ ਰਾਮ ਰਹੀਮ ਨੇ ਸਿੱਖਾਂ ਦਾ ਅਪਮਾਨ ਕੀਤਾ ਹੈ। ਕਿਸੇ ਵੀ ਹਾਲਤ ਵਿੱਚ ਡੇਰਾ ਨਹੀਂ ਬਣਨ ਦਿੱਤਾ ਜਾਵੇਗਾ।  ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਫਿਰ ਉਨ੍ਹਾਂ ਨੂੰ ਗਰਮ ਖਿਆਲੀ ਕਹਿ ਕੇ ਬਦਨਾਮ ਕੀਤਾ ਜਾ ਰਿਹਾ ਹੈ, ਜਦਕਿ ਸਰਕਾਰ ਡੇਰਾ ਮੁਖੀ ਨੂੰ ਸੁਰੱਖਿਆ ਦੇ ਰਹੀ ਹੈ।

ਭਾਈ ਅੰਮ੍ਰਿਤਪਾਲ ਸਿੰਘ ਅੱਗੇ  ਨੇ ਕਿਹਾ ਕਿ ਜੇਕਰ ਸਰਕਾਰ ਨੇ  ਸੁਨਾਮ ‘ਚ ਬਣਨ ਜਾ ਰਹੇ ਡੇਰੇ ਨੂੰ ਨਾ ਰੋਕਿਆ ਤਾਂ ਅਸੀ ਰੋਕਾਂਗੇ। ਉਹ ਸਿੱਖ ਵਿਰੋਧੀ ਸਾਡਾ ਵੈਰੀ ਹੈ,  ਬਲਾਤਕਾਰੀ ਹੈ। ਪੰਜਾਬ ‘ਚ ਡੇਰਾ ਨਹੀਂ ਬਣਨਾ ਚਾਹੀਦਾ। ਉਨ੍ਹਾ ਕਿਹਾ ਕਿ ਸਿੱਖਾਂ ‘ਤੇ ਗਰਮ-ਖਿਆਲੀ ਹੋਣ ਦਾ ਦੋਸ਼ ਲਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਅਤੇ ਮੋੜ ਮੰਡੀ ਧਮਾਕੇ ਦੇ ਤਾਰ ਡੇਰੇ ਨਾਲ ਜੁੜੇ ਹੋਏ ਹਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਵੱਲੋਂ ਸੁਨਾਮ ’ਚ ਡੇਰਾ ਖੋਲ੍ਹਣ ਦੇ ਐਲਾਨ ’ਤੇ ਪ੍ਰਤੀਕਿਰਿਆ ਦਿੰਦਿਆਂ ਸਰਕਾਰ ਪਾਸੋਂ ਇਸ ਦੀਆਂ ਗਤੀਵਿਧੀਆਂ ’ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਡੇਰਾ ਸਿਰਸਾ ਮੁਖੀ ਰਾਮ ਰਹੀਮ ਦਾ ਕਿਰਦਾਰ ਗੈਰ ਸਮਾਜਿਕ ਹੈ ਅਤੇ ਉਸ ’ਤੇ ਲੱਗੇ ਦੋਸ਼ ਬੇਹੱਦ ਸੰਗੀਨ ਹਨ।

ਬਲਾਤਕਾਰ ਅਤੇ ਹੱਤਿਆ ਦੇ ਮਾਮਲਿਆਂ ਵਿਚ ਸਜ਼ਾਜਾਫਤਾ ਰਾਮ ਰਹੀਮ ਬੇਅਦਬੀ ਮਾਮਲਿਆਂ ਵਿਚ ਵੀ ਮੁੱਖ ਦੋਸ਼ੀ ਹੈ। ਉਨ੍ਹਾਂ ਆਖਿਆ ਕਿ ਇਸ ਵਿਵਾਦਤ ਵਿਅਕਤੀ ਵੱਲੋਂ ਪੰਜਾਬ ਅੰਦਰ ਡੇਰਾ ਖੋਲ੍ਹਣ ਦੇ ਐਲਾਨ ਨਾਲ ਸਿੱਖ ਭਾਵਨਾਵਾਂ ਨੂੰ ਭਾਰੀ ਸੱਟ ਵੱਜੀ ਹੈ ਅਤੇ ਇਸ ਨਾਲ ਪੰਜਾਬ ਦਾ ਸ਼ਾਂਤ ਮਾਹੌਲ ਖਰਾਬ ਹੋ ਸਕਦਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਬੇਹੱਦ ਸੰਜੀਦਾ ਮਾਮਲੇ ’ਤੇ ਜ਼ੁੰਮੇਵਾਰੀ ਨਾਲ ਆਪਣੀ ਭੂਮਿਕਾ ਨਿਭਾਵੇ ਅਤੇ ਇਹ ਸੰਕਲਪ ਕਰੇ ਕਿ ਡੇਰਾ ਸਿਰਸਾ ਦੀ ਕੋਈ ਵੀ ਸ਼ਾਖਾ ਪੰਜਾਬ ਵਿਚ ਨਾ ਬਣੇ

ਦੱਸ ਦਈਏ ਕਿ 40 ਦਿਨਾਂ ਦੀ ਪੈਰੋਲ ਉਤੇ ਬਾਹਰ ਆਏ ਗੁਰਮੀਤ ਰਾਮ ਰਹੀਮ ਨੇ ਬੀਤੇ ਦਿਨੀਂ ਆਨਲਾਈਨ ਪ੍ਰੋਗਰਾਮ ਵਿੱਚ ਐਲਾਨ ਕੀਤਾ ਸੀ ਉਹ ਸੁਨਾਮ ਵਿੱਚ ਨਵਾਂ ਡੇਰਾ ਖੋਲਣਗੇ, ਜਿਸ ਦਾ ਸਿੱਖ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਆਨਲਾਈਨ ਸਤਿਸੰਗ ‘ਚ ਗੁਰਮੀਤ ਰਾਮ ਰਹੀਮ ਨੇ ਜ਼ਿਲ੍ਹਾ ਸੰਗਰੂਰ ਦੇ ਸੁਨਾਮ ‘ਚ ਨਵਾਂ ਡੇਰਾ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ। ਬਠਿੰਡਾ ਦੇ ਸਲਾਬਤਪੁਰਾ ਤੋਂ ਬਾਅਦ ਪੰਜਾਬ ‘ਚ ਇਹ ਦੂਸਰਾ ਡੇਰਾ ਹੋਵੇਗਾ ,ਕਿਉਂਕਿ ਉਨ੍ਹਾਂ ਦਾ ਸਭ ਤੋਂ ਵੱਡਾ ਡੇਰਾ ਬਠਿੰਡਾ ਦੇ ਸਲਾਬਤਪੁਰਾ ਵਿੱਚ ਹੈ, ਜੋ ਕਿ ਹਰਿਆਣਾ ਦੇ ਸਿਰਸਾ ਹੈੱਡਕੁਆਰਟਰ ਤੋਂ ਬਾਅਦ ਦੂਜੇ ਨੰਬਰ ‘ਤੇ ਆਉਂਦਾ ਹੈ।

ਦੂਜੇ ਬੰਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਵੱਲੋਂ ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਰਾਜਾ ਵੜਿੰਗ ਵੱਲੋ ਜਥੇਬੰਦੀ ਦੇ ਖਿਲਾਫ ਕੀਤੀ ਗਈ ਬਿਆਨਬਾਜੀ ਨੂੰ ਲੈਕੇ  ਭੇਜਿਆ ਹੈ। ਦੱਸ ਦਈਏ ਕਿ ਬੀਤੇ ਦਿਨੀਂ ਰਾਜਾ ਵੜਿੰਗ ਨੇ ‘ਵਾਰਿਸ ਪੰਜਾਬ ਦੇ ਜਥੇਬੰਦੀ’ ਉਤੇ ਪਾਕਿਸਤਾਨ ਦੀ ਸ਼ਹਿ ਉਤੇ ਕੰਮ ਕਰਨ ਅਤੇ ਸੂਬੇ ਦਾ ਮਾਹੌਲ ਖਰਾਬ ਕਰਨ ਦੇ ਦੋਸ਼ ਲਾਏ ਸਨ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਪੱਤਰ ਲਿਖ ਕੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਦੀ ਅਪੀਲ ਕੀਤੀ ਸੀ। ਇਸ ਗੱਲ ਦੀ ਜਾਂਚ ਹੋਣੀ ਚਾਹੀਦੀ ਹੈ ਕਿ ‘ਵਾਰਿਸ ਪੰਜਾਬ ਦੇ’ ਦਾ ਅਸਲ ਮਕਸਦ ਕੀ ਹੈ ਅਤੇ ਅੰਮ੍ਰਿਤਪਾਲ ਸਿੰਘ ਦੁਬਈ ਵਿੱਚ ਸੈੱਟ ਹੋਣ ਦੇ ਬਾਵਜੂਦ ਇੱਥੇ ਕਿਵੇਂ ਅਤੇ ਕਿਉਂ ਆਇਆ।