Punjab

ਝੂਠੇ ਪੁਲਿਸ ਮੁਕਾਬਲੇ ‘ਚ CBI ਅਦਾਲਤ ਨੇ 3 ਪੁਲਿਸ ਅਫਸਰਾਂ ਨੂੰ ਦਿੱਤਾ ਦੋਸ਼ੀ ਕਰਾਰ , ਦੋ-ਦੋ ਲੱਖ ਰੁਪਏ ਜੁਰਮਾਨਾ

Amritsar fake police encounter, family got justice after 31 years, CBI court sentenced 3 police officers to life imprisonment

ਅੰਮ੍ਰਿਤਸਰ : ਸੀਬੀਆਈ ਅਦਾਲਤ ਨੇ 1992 ਵਿੱਚ ਹੋਏ ਝੂਠੇ ਮੁਕਾਬਲੇ ਦੇ ਕੇਸ ਵਿੱਚ ਫੈਸਲਾ ਸੁਣਾਉਂਦੇ ਹੋਏ ਅੰਮ੍ਰਿਤਸਰ ਦੇ ਤਿੰਨ ਤਤਕਾਲੀ ਪੁਲਿਸ ਮੁਲਾਜ਼ਮਾਂ ਇੰਸਪੈਕਟਰ ਧਰਮ ਸਿੰਘ, ਏਐਸਆਈ ਸੁਰਿੰਦਰ ਸਿੰਘ ਅਤੇ ਗੁਰਦੇਵ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਤਿੰਨਾਂ ਪੁਲਿਸ ਮੁਲਾਜ਼ਮਾਂ ‘ਤੇ 2 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਸਾਲ 1992 ਵਿੱਚ ਤਿੰਨ ਨੌਜਵਾਨਾਂ ਹਰਜੀਤ ਸਿੰਘ, ਲਖਵਿੰਦਰ ਸਿੰਘ ਅਤੇ ਜਸਪਿੰਦਰ ਸਿੰਘ ਦਾ 9 ਪੁਲਿਸ ਵਾਲਿਆਂ ਨੇ ਫਰਜ਼ੀ ਐਨਕਾਊਂਟਰ ਕਰ ਦਿੱਤੀ ਸੀ।

31 ਸਾਲ ਬਾਅਦ ਆਪਣੇ ਪਿਤਾ ਦੀ ਮੌਤ ਦਾ ਇਨਸਾਫ਼ ਮਿਲਣ ‘ਤੇ ਮ੍ਰਿਤਕ ਹਰਜੀਤ ਸਿੰਘ ਦੇ ਪੁੱਤਰ ਰਾਮਪ੍ਰੀਤ ਸਿੰਘ ਵਾਸੀ ਬੁੱਟਰ ਸੇਵੀਆਂ ਨੇ ਦੱਸਿਆ ਕਿ ਉਹ ਇਕ ਸਾਲ ਦਾ ਸੀ ਜਦੋਂ ਉਸ ਦੇ ਪਿਤਾ ਦਾ ਇਨ੍ਹਾਂ ਪੁਲਸੀਆਂ ਵੱਲੋਂ ਕਤਲ ਕਰ ਦਿੱਤਾ ਗਿਆ।ਉਸਨੇ ਕਿਹਾ ਕਿ ਰੱਬ ਦੇ ਘਰ ਵਿੱਚ ਦੇਰ ਹੈ, ਹਨੇਰਾ ਨਹੀਂ।

ਰਾਮਪ੍ਰੀਤ ਸਿੰਘ ਨੇ ਦੱਸਿਆ ਕਿ ਪਰਿਵਾਰ ਇਕ ਸਮੇਂ ਹਿੰਮਤ ਹਾਰ ਗਿਆ ਸੀ। ਲੱਗਦਾ ਸੀ ਕਿ ਇਨਸਾਫ਼ ਨਹੀਂ ਮਿਲੇਗਾ, ਪਰ ਉਸਦੇ ਦਾਦੇ ਨੇ ਹਿੰਮਤ ਨਹੀਂ ਹਾਰੀ। ਉਸ ਨੇ ਸਾਰੀ ਉਮਰ ਆਪਣੇ ਪਿਤਾ ਤੋਂ ਬਿਨਾਂ ਗੁਜ਼ਾਰੀ ਹੈ।ਇਸ ਕੇਸ ਵਿੱਚ ਸੀਬੀਆਈ ਵੱਲੋਂ 57 ਗਵਾਹ ਪੇਸ਼ ਕੀਤੇ ਗਏ ਸਨ ਅਤੇ 9 ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਗਈ ਸੀ, ਪਰ ਇਨ੍ਹਾਂ 31 ਸਾਲਾਂ ਵਿੱਚ ਜਦੋਂ ਕਿ 5 ਮੁਲਜ਼ਮਾਂ ਦੀ ਮੌਤ ਹੋ ਗਈ ਸੀ, 27 ਗਵਾਹ ਵੀ ਨਹੀਂ ਰਹੇ।

ਇਸ ਮਾਮਲੇ ਵਿੱਚ ਮ੍ਰਿਤਕ ਹਰਜੀਤ ਸਿੰਘ ਦੇ ਪਿਤਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਰਿੱਟ ਦਾਇਰ ਕੀਤੀ ਸੀ। ਉਸ ਸਮੇਂ ਮ੍ਰਿਤਕ ਦੇ ਪਿਤਾ ਨੂੰ ਨਹੀਂ ਪਤਾ ਸੀ ਕਿ ਪੁਲਿਸ ਨੇ ਉਸ ਦੇ ਪੁੱਤਰ ਦਾ ਕਤਲ ਕਰ ਦਿੱਤਾ ਹੈ। ਪਿਤਾ ਨੇ ਦੋਸ਼ ਲਾਇਆ ਸੀ ਕਿ ਉਸ ਦੇ ਪੁੱਤਰ ਹਰਜੀਤ ਸਿੰਘ ਨੂੰ ਪੁਲਿਸ ਨੇ 29 ਅਪਰੈਲ 1992 ਨੂੰ ਅੰਮ੍ਰਿਤਸਰ ਦੇ ਸਠਿਆਲਾ ਨੇੜੇ ਠੱਠੀਆਂ ਬੱਸ ਸਟੈਂਡ ਤੋਂ ਚੁੱਕ ਕੇ ਮਾਲ ਮੰਡੀ ਦੇ ਪੁੱਛਗਿੱਛ ਕੇਂਦਰ ਵਿੱਚ ਰੱਖਿਆ ਸੀ।

1997 ਵਿੱਚ ਜਾਂਚ ਸੀਬੀਆਈ ਨੂੰ ਸੌਂਪੀ ਗਈ ਸੀ

ਹਾਈਕੋਰਟ ਨੇ ਤੁਰੰਤ ਕਾਰਵਾਈ ਕਰਦਿਆਂ ਹਰਜੀਤ ਸਿੰਘ ਦੀ ਗੈਰ-ਕਾਨੂੰਨੀ ਪੁਲਿਸ ਹਿਰਾਸਤ ਤੋਂ ਰਿਹਾਈ ਨੂੰ ਯਕੀਨੀ ਬਣਾਉਣ ਲਈ ਵਾਰੰਟ ਅਫਸਰ ਨਿਯੁਕਤ ਕੀਤਾ। ਇਸ ਮਾਮਲੇ ਨੂੰ ਅੱਗੇ ਲੈ ਕੇ ਹਾਈ ਕੋਰਟ ਨੇ ਦਸੰਬਰ 1992 ਵਿੱਚ ਜ਼ਿਲ੍ਹਾ ਤੇ ਸੈਸ਼ਨ ਜੱਜ ਚੰਡੀਗੜ੍ਹ ਨੂੰ ਮਾਮਲੇ ਦੀ ਨਿਆਂਇਕ ਜਾਂਚ ਲਈ ਹੁਕਮ ਜਾਰੀ ਕੀਤੇ ਸਨ।

ਜਿਸਦੀ ਰਿਪੋਰਟ ਸਾਲ 1995 ਵਿੱਚ ਪੇਸ਼ ਕੀਤੀ ਗਈ ਸੀ। ਰਿਪੋਰਟ ਦੇ ਆਧਾਰ ‘ਤੇ 30 ਮਈ 1997 ਨੂੰ ਹਾਈ ਕੋਰਟ ਨੇ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਸੀ।

ਸਾਲ 1998 ਵਿੱਚ ਸੀਬੀਆਈ ਨੇ ਕੇਸ ਦਰਜ ਕਰਕੇ ਜਾਂਚ ਵਿੱਚ ਪਾਇਆ ਕਿ ਹਰਜੀਤ ਸਿੰਘ ਨੂੰ ਦਲਜੀਤ ਸਿੰਘ ਉਰਫ ਮੋਟੂ, ਸਤਬੀਰ ਸਿੰਘ ਅਤੇ ਇੱਕ ਹੋਰ ਵਿਅਕਤੀ ਨੇ 29 ਅਪਰੈਲ 1992 ਨੂੰ ਬੱਸ ਸਟੈਂਡ ਠੱਠੀਆਂ ਤੋਂ ਅਗਵਾ ਕਰ ਲਿਆ ਸੀ। 12 ਮਈ 1992 ਨੂੰ ਹਰਜੀਤ ਸਿੰਘ ਦਾ ਦੋ ਹੋਰ ਵਿਅਕਤੀਆਂ ਲਖਵਿੰਦਰ ਅਤੇ ਜਸਪਿੰਦਰ ਸਿੰਘ ਨਾਲ ਕਤਲ ਕਰ ਦਿੱਤਾ ਗਿਆ ਸੀ।

ਤਤਕਾਲੀ ਐਸਐਚਓ ਪੀਐਸ ਲੋਪੋਕੇ ਦੇ ਐਸਆਈ ਧਰਮ ਸਿੰਘ ਦੀ ਅਗਵਾਈ ਵਿੱਚ ਇੱਕ ਪੁਲਿਸ ਪਾਰਟੀ ਨੇ ਇਸ ਨੂੰ ਪੁਲਿਸ ਮੁਕਾਬਲਾ ਦੱਸਿਆ। ਇੰਨਾ ਹੀ ਨਹੀਂ ਉਨ੍ਹਾਂ ਦੀਆਂ ਲਾਸ਼ਾਂ ਵੀ ਪਰਿਵਾਰ ਨੂੰ ਨਹੀਂ ਸੌਂਪੀਆਂ ਗਈਆਂ। ਪੁਲਿਸ ਨੇ ਤਿੰਨਾਂ ਦੀਆਂ ਲਾਸ਼ਾਂ ਲਾਵਾਰਿਸ ਹੋਣ ਕਾਰਨ ਉਨ੍ਹਾਂ ਦਾ ਸਸਕਾਰ ਵੀ ਕਰ ਦਿੱਤਾ ਸੀ।

ਇਸ ਮਾਮਲੇ ਵਿੱਚ ਸੀਬੀਆਈ ਨੇ ਪੰਜਾਬ ਪੁਲਿਸ ਦੇ 9 ਅਧਿਕਾਰੀਆਂ ਇੰਸਪੈਕਟਰ ਧਰਮ ਸਿੰਘ, ਐਸਆਈ ਰਾਮ ਲੁਭਿਆ, ਐਚ.ਸੀ ਸਤਬੀਰ ਸਿੰਘ, ਦਲਜੀਤ ਸਿੰਘ ਉਰਫ ਮੋਟੂ, ਇੰਸਪੈਕਟਰ ਹਰਭਜਨ ਰਾਮ, ਏਐਸਆਈ ਸੁਰਿੰਦਰ ਸਿੰਘ, ਏਐਸਆਈ ਗੁਰਦੇਵ ਸਿੰਘ, ਐਸਆਈ ਅਮਰੀਕ ਸਿੰਘ ਅਤੇ ਏਐਸਆਈ ਭੁਪਿੰਦਰ ਸਿੰਘ ਦੇ ਵਿਰੁੱਧ ਆਈਪੀਸੀ ਦੀ ਧਾਰਾ 364,120-ਬੀ, 302 ਅਤੇ 218 ਤਹਿਤ ਪੱਤਰ ਪੇਸ਼ ਕੀਤਾ ਗਿਆ ਸੀ।

ਪਰ ਇਨ੍ਹਾਂ ਵਿੱਚੋਂ 5 ਮੁਲਜ਼ਮ ਹਰਭਜਨ ਰਾਮ, ਰਾਮ ਲੁਭਿਆ, ਸਤਬੀਰ ਸਿੰਘ, ਦਲਜੀਤ ਸਿੰਘ ਅਤੇ ਅਮਰੀਕ ਸਿੰਘ ਦੀ ਪੇਸ਼ੀ ਦੌਰਾਨ ਮੌਤ ਹੋ ਗਈ ਅਤੇ ਇੱਕ ਮੁਲਜ਼ਮ ਭੁਪਿੰਦਰ ਸਿੰਘ ਨੂੰ ਪੀ.ਓ. ਘੋਸ਼ਿਤ ਕਰ ਦਿੱਤੀ ਗਿਆ ਸੀ। ਇਸ ਦੌਰਾਨ ਇੰਸਪੈਕਟਰ ਧਰਮ ਸਿੰਘ, ਏਐਸਆਈ ਸੁਰਿੰਦਰ ਸਿੰਘ ਅਤੇ ਗੁਰਦੇਵ ਸਿੰਘ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ।