Punjab

ਇੱਕ ਹੋਰ ਕੇਸ ‘ਚ ਫਸਿਆ ਲਾਰੈਂਸ ਬਿਸ਼ਨੋਈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੰਮ੍ਰਿਤਸਰ ਪੁਲਿਸ ਨੂੰ 3 ਅਗਸਤ 2021 ਨੂੰ ਕਤਲ ਕੀਤੇ ਗਏ ਰਾਣਾ ਕੰਧੋਵਾਲੀਆ ਕਤਲ ਕੇਸ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਅੱਠ ਦਿਨਾ ਦਾ ਰਿਮਾਂਡ ਮਿਲਿਆ ਹੈ। ਅੱਜ ਸਵੇਰੇ ਪੇਸ਼ੀ ਤੋਂ ਬਾਆਦ ਅਦਾਲਤ ਨੇ ਪੁਲਿਸ ਨੂੰ ਅੱਠ ਦਿਨਾਂ ਦਾ ਰਿਮਾਂਡ ਦਿੱਤਾ ਹੈ, ਜਦਕਿ ਪੁਲਿਸ ਨੇ 14 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ। ਸੋਮਵਾਰ ਸ਼ਾਮ ਮਾਨਸਾ ਅਦਾਲਤ ਵਿੱਚ ਪੇਸ਼ੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਪੁਲੀਸ ਨੇ 24 ਘੰਟੇ ਦੇ ਟਰਾਂਜ਼ਿਟ ਰਿਮਾਂਡ ’ਤੇ ਲਿਆ ਸੀ, ਜਿਸ ਤਹਿਤ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਲਿਆਂਦਾ ਗਿਆ ਸੀ।

ਲਾਰੈਂਸ ਦੇ ਆਉਣ ਤੋਂ ਪਹਿਲਾਂ ਹੀ ਪੰਜਾਬ ਦੀਆਂ ਵੱਖ-ਵੱਖ ਸੁਰੱਖਿਆ ਏਜੰਸੀਆਂ ਇੱਥੇ ਮੌਜੂਦ ਸਨ। SSOC ਦੀ ਸੁਰੱਖਿਆ ਪਹਿਲਾਂ ਨਾਲੋਂ ਹੋਰ ਸਖ਼ਤ ਕਰ ਦਿੱਤੀ ਗਈ ਸੀ। ਬਾਹਰ ਬਲੈਕ ਕਮਾਂਡੋ ਅਤੇ ਬਖਤਰਬੰਦ ਗੱਡੀਆਂ ਤਾਇਨਾਤ ਕੀਤੀਆਂ ਗਈਆਂ। ਥ੍ਰੀ ਲੇਅਰ ਸਕਿਓਰਿਟੀ ਲਗਾਈ ਗਈ ਸੀ। ਇਸ ਤੋਂ ਇਲਾਵਾ ਸੀਸੀਟੀਵੀ ਕੈਮਰੇ ਵੀ ਲਗਾਏ ਗਏ ਸਨ।

ਰਾਣਾ ਕੰਧੋਵਾਲੀਆ ਕੇਸ ‘ਚ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਹੋਵੇਗੀ। ਰਾਣਾ ਕੰਧੋਵਾਲੀਆ ਦੀ ਅਗਸਤ 2021 ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਕੰਧੋਵਾਲੀਆ ਕਤਲ ਕੇਸ ‘ਚ ਮਜੀਠਾ ਰੋਡ ਥਾਣੇ ਦੀ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਤੇ ਲਾਰੈਂਸ ਬਿਸ਼ਨੋਈ ਅਤੇ ਇਕ ਦਰਜਨ ਸ਼ਾਰਪ ਸ਼ੂਟਰਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਪੰਜਾਬ ਦੇ ਮਾਝਾ ਖੇਤਰ ਵਿੱਚ ਬਿਸ਼ਨੋਈ ਗੈਂਗ ਦਾ ਸਹਿਯੋਗੀ ਗੈਂਗਸਟਰ ਜੱਗੂ ਭਗਵਾਨਪੁਰੀਆ ਵੀ ਇਸ ਕੇਸ ਵਿੱਚ ਮੁੱਖ ਮੁਲਜ਼ਮ ਹੈ।

ਅਗਸਤ 2021 ਵਿੱਚ ਅੰਮ੍ਰਿਤਸਰ ਵਿੱਚ ਰਾਣਾ ਕੰਧੋਵਾਲੀਆ ਨੂੰ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਦੋਂ ਉਹ ਹਸਪਤਾਲ ਵਿਖੇ ਇੱਕ ਔਰਤ ਦਾ ਪਤਾ ਲੈਣ ਆਇਆ ਸੀ। ਕਤਲ ਤੋਂ ਅਗਲੇ ਦਿਨ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਇਸ ਮਗਰੋਂ ਪੁਲੀਸ ਨੇ ਜੱਗੂ, ਜਗਰੋਸ਼ਨ ਸਿੰਘ ਹੁੰਦਲ, ਮਨਪ੍ਰੀਤ ਸਿੰਘ ਉਰਫ਼ ਮਨੀ ਰਈਆ ਅਤੇ ਲਾਰੈਂਸ ਬਿਸ਼ਨੋਈ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਪੁਲਿਸ ਇਸ ਮਾਮਲੇ ਵਿੱਚ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਰਾਣਾ ਕੰਧੋਵਾਲੀਆ ਅਤੇ ਜੱਗੂ ਭਗਵਾਨਪੁਰੀਆ ਦੀ ਆਪਸ ਵਿਚ ਦੁਸ਼ਮਣੀ ਚੱਲ ਰਹੀ ਸੀ ,ਜਿਸ ਤੋਂ ਬਾਅਦ ਇਹ ਘਟਨਾ ਵਾਪਰੀ ਹੈl ਭਗਵਾਨਪੁਰੀਆ ਜੱਗੂ ਨਾਂ ਦੀ ਫੇਸਬੁੱਕ ਆਈ. ਡੀ. ’ਤੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਗਈ ਸੀ।

ਇਸ ਤੋਂ ਪਹਿਲਾਂ ਮੂਸੇਵਾਲਾ ਦੇ ਕਤਲ ਦੀ ਜਾਂਚ ਕਰ ਰਹੀ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਬਿਸ਼ਨੋਈ ਨੂੰ ਖਰੜ ਤੋਂ ਮਾਨਸਾ ਲੈ ਕੇ ਆਈ ਸੀ, ਜਿੱਥੇ ਸੋਮਵਾਰ ਨੂੰ ਉਸ ਦਾ ਪੁਲੀਸ ਰਿਮਾਂਡ ਖ਼ਤਮ ਹੋਣ ਮਗਰੋਂ ਸੀਆਈਏ ਦਫ਼ਤਰ ਵਿੱਚ ਉਸ ਤੋਂ ਪੁੱਛਗਿੱਛ ਚੱਲ ਰਹੀ ਸੀ। 15 ਜੂਨ ਨੂੰ ਪੰਜਾਬ ਪੁਲਿਸ ਨੇ ਬਿਸ਼ਨੋਈ ਨੂੰ ਨਵੀਂ ਦਿੱਲੀ ਤੋਂ ਟਰਾਂਜ਼ਿਟ ਰਿਮਾਂਡ ‘ਤੇ ਲਿਆ ਕੇ ਸੱਤ ਦਿਨਾਂ ਦੀ ਹਿਰਾਸਤ ‘ਚ ਲਿਆ ਸੀ। ਬਾਅਦ ਵਿਚ ਰਿਮਾਂਡ 27 ਜੁਲਾਈ ਤੱਕ ਵਧਾ ਦਿੱਤਾ ਗਿਆ।