ਅੰਮ੍ਰਿਤਸਰ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਇੱਕ ਖੁਫੀਆ ਕਾਰਵਾਈ ਤਹਿਤ ਇੱਕ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਇੱਕ ਮੈਂਬਰ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਜੱਗੂ ਭਗਵਾਨਪੁਰੀਆ ਗੈਂਗ ਨਾਲ ਜੁੜੇ ਗੁਰਬਾਜ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਟਵੀਟ ਕਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਖੁਫ਼ੀਆ ਜਾਣਕਾਰੀ ਤਹਿਤ ਕਾਰਵਾਈ ਕਰਦੇ ਹੋਏ ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਨੇ ਇਕ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਸਫ਼ਲਤਾਪੂਰਵਕ ਪਰਦਾਫਾਸ਼ ਕੀਤਾ ਅਤੇ ਜੱਗੂ ਭਗਵਾਨਪੁਰੀਆ ਗੈਂਗ ਦੇ ਇਕ ਸਾਥੀ ਗੁਰਬਾਜ਼ ਸਿੰਘ ਨੂੰ ਗ੍ਰਿਫ਼ਤਾਰ ਕਰ ਉਸ ਪਾਸੋਂ ਦਸ ਰੌਂਦ ਗੋਲਾ ਬਾਰੂਦ ਦੇ ਨਾਲ ਛੇ .32 ਬੋਰ ਪਿਸਤੌਲ ਬਰਾਮਦ ਕੀਤੇ ਹਨ।
ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਬਰਾਮਦ ਕੀਤੇ ਗਏ ਹਥਿਆਰ ਮੱਧ ਪ੍ਰਦੇਸ਼ ਤੋਂ ਪੰਜਾਬ ਵਿਚ ਅਪਰਾਧਿਕ ਗਤੀਵਿਧੀਆਂ ਵਿਚ ਵਰਤੋਂ ਲਈ ਤਸਕਰੀ ਕੀਤੇ ਗਏ ਸਨ। ਸਪਲਾਈ-ਚੇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਵਪਾਰ ਵਿਚ ਸ਼ਾਮਿਲ ਹੋਰ ਸਾਥੀਆਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।