ਕੋਲਹਾਪੁਰ ਪੁਲਿਸ ਨੇ ਛੱਤਰਪਤੀ ਸ਼ਿਵਾਜੀ ਮਹਾਰਾਜ ਦੀ ਮੂਰਤੀ ਨੂੰ ਡੇਗਣ ਸਬੰਧੀ ਐਫਆਈਆਰ ਵਿੱਚ ਨਾਮਜ਼ਦ ਸਟ੍ਰਕਚਰਲ ਸਲਾਹਕਾਰ ਚੇਤਨ ਪਾਟਿਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਕੋਲਹਾਪੁਰ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ, “ਛਤਰਪਤੀ ਸ਼ਿਵਾਜੀ ਮਹਾਰਾਜ ਦੀ ਮੂਰਤੀ ਦੇ ਢਾਂਚਾਗਤ ਸਲਾਹਕਾਰ ਚੇਤਨ ਪਾਟਿਲ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ।”
ਸਿੰਧੂਦੁਰਗ ਪੁਲਿਸ ਦੀ ਐਫਆਈਆਰ ਵਿੱਚ ਉਸਦਾ ਨਾਮ ਦਰਜ ਕੀਤਾ ਗਿਆ ਹੈ। ਉਸਨੂੰ ਸਿੰਧੂਦੁਰਗ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ।” ਮਹਾਰਾਸ਼ਟਰ ਦੇ ਸਿੰਧੂਦੁਰਗ ਜ਼ਿਲ੍ਹੇ ਦੇ ਰਾਜਕੋਟ ਕਿਲ੍ਹੇ ਵਿੱਚ ਸਥਾਪਤ ਛਤਰਪਤੀ ਸ਼ਿਵਾਜੀ ਮਹਾਰਾਜ ਦੀ ਮੂਰਤੀ ਡਿੱਗ ਗਈ ਹੈ।
ਇਹ ਮੂਰਤੀ 4 ਦਸੰਬਰ 2023 ਨੂੰ ਜਲ ਸੈਨਾ ਦਿਵਸ ਦੇ ਮੌਕੇ ‘ਤੇ ਸਥਾਪਿਤ ਕੀਤੀ ਗਈ ਸੀ। ਇਸ ਬੁੱਤ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ। ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਇਹ ਮੂਰਤੀ ਜਲ ਸੈਨਾ ਦੁਆਰਾ ਬਣਾਈ ਗਈ ਸੀ ਅਤੇ ਹਵਾ ਕਾਰਨ ਡਿੱਗ ਗਈ ਸੀ।
ਉਨ੍ਹਾਂ ਇਹ ਵੀ ਕਿਹਾ ਹੈ ਕਿ ਜਲਦੀ ਤੋਂ ਜਲਦੀ ਉੱਥੇ ਨਵੀਂ ਮੂਰਤੀ ਸਥਾਪਿਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਦੋ ਸਾਂਝੀਆਂ ਕਮੇਟੀਆਂ ਬਣਾਈਆਂ ਗਈਆਂ ਹਨ। ਇਸ ਨੂੰ ਲੈ ਕੇ ਮਹਾਰਾਸ਼ਟਰ ‘ਚ ਸੱਤਾਧਾਰੀ ਮਹਾਯੁਤੀ ਗਠਜੋੜ ਸਰਕਾਰ ਅਤੇ ਵਿਰੋਧੀ ਮਹਾਵਿਕਾਸ ਅਗਾੜੀ ਵਿਚਾਲੇ ਟਕਰਾਅ ਵਧ ਗਿਆ ਹੈ।
ਮਹਾਵਿਕਾਸ ਅਗਾੜੀ ਨੇ ਐਤਵਾਰ ਨੂੰ ਪ੍ਰਦਰਸ਼ਨ ਦਾ ਸੱਦਾ ਦਿੱਤਾ ਹੈ।ਸੂਬੇ ‘ਚ ਇਸ ਸਾਲ ਦੇ ਅੰਤ ਤੱਕ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਇਸ ਲਈ ਇਸ ਮੁੱਦੇ ‘ਤੇ ਸਿਆਸਤ ਵੀ ਤੇਜ਼ ਹੋ ਗਈ ਹੈ।