Punjab

“ਆਨੰਦ ਮੈਰਿਜ ਐਕਟ” ਨੂੰ ਪੂਰੀ ਤਰ੍ਹਾਂ ਕੀਤਾ ਜਾਵੇਗਾ ਲਾਗੂ,ਮੁੱਖ ਮੰਤਰੀ ਪੰਜਾਬ ਦਾ ਗੁਰਪੁਰਬ ਮੌਕੇ ਐਲਾਨ

ਸ਼੍ਰੀ ਅਨੰਦਪੁਰ ਸਾਹਿਬ : ਅੱਜ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਦੀ ਦੇ ਜਨਮ ਦਿਹਾੜੇ ਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਾਸੀਆਂ ਨਾਲ ਇੱਕ ਵੱਡੀ ਖ਼ਬਰ ਸਾਂਝੀ ਕੀਤੀ ਹੈ। ਉਹਨਾਂ ਐਲਾਨ ਕੀਤਾ ਹੈ ਕਿ ਅੱਜ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੁਰਬ ਦੇ ਮੌਕੇ ‘ਤੇ ਅਸੀਂ “ਆਨੰਦ ਮੈਰਿਜ ਐਕਟ” ਨੂੰ ਪੂਰੀ ਤਰ੍ਹਾਂ ਲਾਗੂ ਕਰ ਰਹੇ ਹਾਂ, ਜਿਸਦੀ ਲੰਬੇ ਸਮੇਂ ਤੋਂ ਸਿੱਖ ਕੌਮ ਵੱਲੋਂ ਮੰਗ ਕੀਤੀ ਜਾ ਰਹੀ ਹੈ।

ਹੁਣ ਸਿੱਖ ਸੰਗਤਾਂ ਐਕਟ ਤਹਿਤ ਆਪਣੇ ਵਿਆਹ ਰਜਿਸਟਰ ਕਰਵਾ ਸਕਦੀਆਂ ਹਨ। ਉਹਨਾਂ ਇਹ ਵੀ ਕਿਹਾ ਹੈ ਕਿ ਇਸ ਐਕਟ ਲਈ 2016 ਵਿੱਚ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਪਰ ਉਦੋਂ ਤੋਂ ਇਹ ਲਟਕ ਰਿਹਾ ਹੈ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਦੇ 22 ਰਾਜਾਂ ਵਿੱਚ ਇਹ ਐਕਟ ਪਹਿਲਾਂ ਹੀ ਲਾਗੂ ਹੋ ਚੁੱਕਿਆ ਹੈ ਪਰ ਪੰਜਾਬ ਵਿੱਚ ਵੀ ਹੁਣ ਇਸ ਨੂੰ ਲਾਗੂ ਕੀਤਾ ਜਾਵੇਗਾ ਤੇ ਪ੍ਰਚਾਰਿਆ ਵੀ ਜਾਵੇਗਾ।

ਮੁੱਖ ਮੰਤਰੀ ਪੰਜਾਬ ਆਪਣੀ ਪਤਨੀ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਪੁਰਬ ਦੇ ਸ਼ੁੱਭ ਦਿਹਾੜੇ ਤੇ ਉਹਨਾਂ ਪੰਜਾਬ ਵਿੱਚ ਫ਼ਿਰਕੂ ਸਾਂਝ, ਸ਼ਾਂਤੀ ਅਤੇ ਭਾਈਚਾਰੇ ਦੀਆਂ ਭਾਵਨਾਵਾਂ ਹੋਰ ਮਜ਼ਬੂਤ ਹੋਣ ਲਈ ਅਰਦਾਸ ਕੀਤੀ।

ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ‘ਤੇ ਸੰਗਤ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਇੱਕ ਮਹਾਨ ਅਧਿਆਤਮਕ ਆਗੂ ਸਨ, ਜਿਨ੍ਹਾਂ ਮਨੁੱਖਤਾ ਨੂੰ ਪਰਮਾਤਮਾ ਦੀ ਭਗਤੀ ਰਾਹੀਂ ਮੁਕਤੀ ਪ੍ਰਾਪਤ ਕਰਨ ਦਾ ਰਾਹ ਦਿਖਾਇਆ। ਭਗਵੰਤ ਮਾਨ ਨੇ ਕਿਹਾ ਕਿ ਗੁਰੂ ਜੀ ਦੀਆਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੀਆਂ ਸਿੱਖਿਆਵਾਂ ਅਜੋਕੇ ਪਦਾਰਥਵਾਦੀ ਸਮਾਜ ਵਿੱਚ ਵੀ ਪ੍ਰਸੰਗਿਕ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜਾਤ-ਪਾਤ ਰਹਿਤ ਸਮਾਜ ਦੀ ਕਲਪਨਾ ਕੀਤੀ ਸੀ ਤਾਂ ਕਿ ਦੁਖੀ ਮਨੁੱਖਤਾ ਨੂੰ ਤਕਲੀਫ਼ਾਂ ਤੋਂ ਮੁਕਤ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਨਵੇਂ ਵਿਚਾਰਾਂ, ਆਦਰਸ਼ਾਂ ਅਤੇ ਜਿਗਿਆਸਾਵਾਂ ਨਾਲ ਪ੍ਰੇਰਿਤ ਕੀਤਾ ਅਤੇ ਪਾਖੰਡ, ਝੂਠ, ਫ਼ਰੇਬ ਅਤੇ ਜਾਤ-ਪਾਤ ਦੀਆਂ ਬੁਰਾਈਆਂ ਤੋਂ ਛੁਟਕਾਰਾ ਪਾਉਣ ਦਾ ਸੱਦਾ ਦਿੱਤਾ। ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਹਾਨ ਗੁਰੂ ਦੁਆਰਾ ਦਰਸਾਈ ਸੇਵਾ ਅਤੇ ਨਿਮਰਤਾ ਦੀ ਭਾਵਨਾ ਨੂੰ ਅਪਨਾਉਣ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਡਮੁੱਲੀ ਵਿਰਾਸਤ ‘ਤੇ ਚੱਲਦਿਆਂ ਸ਼ਾਂਤਮਈ, ਖ਼ੁਸ਼ਹਾਲ ਅਤੇ ਨਰੋਏ ਸਮਾਜ ਦੀ ਸਿਰਜਣਾ ਲਈ ਤਨਦੇਹੀ ਨਾਲ ਯਤਨ ਕਰਨ।

ਮੁੱਖ ਮੰਤਰੀ ਨੇ ਲੋਕਾਂ ਨੂੰ ਇਸ ਪਵਿੱਤਰ ਮੌਕੇ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉੱਠ ਕੇ ਪੂਰੀ ਸ਼ਰਧਾ ਅਤੇ ਲਗਨ ਨਾਲ ਮਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਆਪਣੀਆਂ ਉਦਾਸੀਆਂ ਕਾਰਨ ਸੰਸਾਰ ਭਰ ਵਿੱਚ ਜਗਤ ਗੁਰੂ ਵਜੋਂ ਸਤਿਕਾਰੇ ਜਾਂਦੇ ਗੁਰੂ ਨਾਨਕ ਦੇਵ ਜੀ ਨੇ ਫ਼ਿਰਕੂ ਸਾਂਝ ਅਤੇ ਭਾਈਚਾਰਕ ਤੰਦਾਂ ਨੂੰ ਮਜ਼ਬੂਤ ਕਰਨ ਦਾ ਪ੍ਰਚਾਰ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀਆਂ ਸਿੱਖਿਆਵਾਂ ਰਾਹੀਂ ਮੁਗਲ ਬਾਦਸ਼ਾਹ ਬਾਬਰ ਦੇ ਹਮਲੇ ਸਮੇਂ ਜ਼ੁਲਮ, ਅਨਿਆ ਅਤੇ ਅੱਤਿਆਚਾਰ ਦਾ ਡਟ ਕੇ ਵਿਰੋਧ ਕੀਤਾ।

ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਜੀ ਨੇ ਹਵਾ ਨੂੰ ਗੁਰੂ, ਪਾਣੀ ਨੂੰ ਪਿਤਾ ਅਤੇ ਧਰਤ ਦੀ ਮਾਤਾ ਨਾਲ ਤੁਲਨਾ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਗੁਰੂ ਜੀ ਦੀ ਦੂਰਅੰਦੇਸੀ ਦਾ ਪਤਾ ਇਸ ਗੱਲੋਂ ਲੱਗਦਾ ਹੈ ਕਿ ਉਨ੍ਹਾਂ ਉਸ ਸਮੇਂ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਦਾ ਉਪਦੇਸ਼ ਦਿੱਤਾ ਸੀ, ਜਦੋਂ ਹਵਾ ਪ੍ਰਦੂਸ਼ਣ ਕਿਤੇ ਵੀ ਨਹੀਂ ਸੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨਾਰੀ ਸ਼ਕਤੀਕਰਨ ਅਤੇ ਸਮਾਜ ਵਿੱਚ ਔਰਤਾਂ ਨੂੰ ਬਰਾਬਰੀ ਦਾ ਦਰਜਾ ਦੇਣ ਦੇ ਪੱਕੇ ਪੈਰੋਕਾਰ ਸਨ।