Punjab

ਲੋਕਾਂ ਤੱਕ ਸਰਕਾਰ ਦੀਆਂ ਪ੍ਰਾਪਤੀਆਂ ਪਹੁੰਚਾਉਣ ਲਈ ਸੋਸ਼ਲ ਮੀਡੀਆ ਰਾਹੀਂ ਕੀਤਾ ਜਾਵੇ ਪ੍ਰਚਾਰ : ਅਨਿੰਦਿਤਾ

ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੂੰ ਨਵੇਂ ਯੁੱਗ ਦੇ ਪ੍ਰਚਾਰ ਸਾਧਨ ਸੋਸ਼ਲ ਮੀਡੀਆ ਦੀ ਵੱਧ ਤੋਂ ਵੱਧ ਵਰਤੋਂ ਕਰਨੀ ਚਾਹੀਦੀ ਹੈ। ਵਿਭਾਗ ਦੇ ਡਾਇਰੈਕਟਰ ਅਨਿੰਦਿਤਾ ਮਿੱਤਰਾ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਸੂਚਨਾ ਤੇ ਲੋਕ ਸੰਪਰਕ ਵਿਭਾਗ ਸਰਕਾਰ ਅਤੇ ਲੋਕਾਂ ਵਿਚਕਾਰ ਪੁੱਲ ਦਾ ਕੰਮ ਕਰਦਾ ਹੈ ਜੋਕਿ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਅਤੇ ਸਰਕਾਰ ਵੱਲੋਂ ਲੋਕ-ਹਿੱਤ ਵਿੱਚ ਲਏ ਫ਼ੈਸਲਿਆਂ ਅਖ਼ਬਾਰਾਂ, ਟੀ.ਵੀ., ਰੇਡੀਓ ਰਾਹੀਂ ਪ੍ਰਚਾਰ ਕਰਦੇ ਆ ਰਹੇ ਹਨ। ਪਰੰਤੂ ਹੁਣ ਦਿਨੋਂ- ਦਿਨ ਸੂਚਨਾ ਤਕਨਾਲੋਜੀ ਸਦਕੇ ਪ੍ਰਚਾਰ ਸਾਧਨਾਂ ਵਿੱਚ ਆ ਰਹੀਆਂ ਤਬਦੀਲੀਆਂ ਨੂੰ ਦੇਖਦੇ ਹੋਏ ਸਮੇਂ ਦੀ ਮੰਗ ਅਨੁਸਾਰ ਸਰਕਾਰ ਦੇ ਕਾਰਜਾਂ ਦਾ ਪ੍ਰਚਾਰ ਸੋਸ਼ਲ ਮੀਡੀਆ ਰਾਹੀਂ ਵੀ ਕੀਤਾ ਜਾਣਾ ਚਾਹੀਦਾ ਹੈ।

ਉਹਨਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਫੀਡਬੈਕ ਤੁਰੰਤ ਵਿਭਾਗ ਨੂੰ ਦੇਣ ਤਾਂ ਜੋ ਸਰਕਾਰ ਇਹਨਾਂ ਸਮੱਸਿਆਵਾਂ ਨੂੰ ਜਲਦ ਦੂਰ ਕਰ ਸਕੇ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ-ਪੱਖੀ ਨੀਤੀਆਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ 100 ਤੋਂ ਵੱਧ ਵੱਖ-ਵੱਖ ਸਥਾਨਾਂ ‘ਤੇ ਐਲ.ਐਫ.ਡੀ. ਸਥਾਪਤ ਕੀਤੀਆਂ ਗਈਆਂ ਹਨ। ਇਹ ਐਲ.ਐਫ.ਡੀਜ਼. ਸਥਾਪਤ ਕਰਨ ਦਾ ਕਾਰਜ ਅਗਸਤ ਮਹੀਨੇ ਦੇ ਅੰਤ ਤੱਕ ਮੁਕੰਮਲ ਕਰ ਦਿੱਤਾ ਜਾਵੇਗਾ।