Punjab

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੀ ਮਿਲੇਗਾ ਹੁਣ ਪੂਰਾ ਮਾਣ-ਸਨਮਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਕੂਲ ਸਿੱਖਿਆ ਸਕੱਤਰ ਨੇ ਸਕੂਲ ਮੁਖੀਆਂ ਨੂੰ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਬਣਦਾ ਮਾਣ-ਸਨਮਾਨ ਦੇਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਕੂਲ ਸਿੱਖਿਆ ਸਕੱਤਰ ਨੇ ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫਸਰਾਂ ਅਤੇ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ। ਬੁਲਾਰੇ ਅਨੁਸਾਰ ਬਹੁਤ ਸਾਰੇ ਸਕੂਲਾਂ ਵਿੱਚ ਆਂਗਨਵਾੜੀ ਸੈਂਟਰ ਚੱਲ ਰਹੇ ਹਨ ਅਤੇ ਆਂਗਨਵਾੜੀ ਵਰਕਰਾਂ ਵੱਲੋਂ ਪ੍ਰੀ-ਪ੍ਰਾਇਮਰੀ ਸਕੂਲਾਂ ਵਿੱਚ ਦਾਖਲੇ ਵਧਾਉਣ ਲਈ ਪ੍ਰਭਾਵੀ ਭੂਮਿਕਾ ਨਿਭਾਈ ਗਈ ਹੈ।

ਸਕੂਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਸਕੂਲ ਮੁਖੀਆਂ ਨੂੰ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਤਾਲਮੇਲ ਕਰਨ ਅਤੇ ਉਨਾਂ ਨਾਲ ਮਿਲਵਰਤਨ ਦੀ ਭਾਵਨਾ ਪੈਦਾ ਕਰਨ ਵਾਸਤੇ ਹਦਾਇਤ ਦਿੱਤੀ ਹੈ। ਉਨਾਂ ਕਿਹਾ ਕਿ ਆਂਗਨਵਾੜੀ ਵਰਕਰਾਂ ਦੀ ਬੱਚਿਆਂ ਦੀ ਪੜਾਈ ਵਿੱਚ ਵਿਸ਼ੇਸ਼ ਭੂਮਿਕਾ ਹੈ। ਜੇਕਰ ਆਂਗਨਵਾੜੀ ਵਰਕਰਾਂ ਨੂੰ ਸਕੂਲ ਵਿੱਚ ਕੋਈ ਸਮੱਸਿਆ ਆਉਂਦੀ ਹੈ ਤਾਂ ਇਸ ਦਾ ਹੱਲ ਮਿਲ-ਜੁਲ ਕੇ ਕੀਤਾ ਜਾਵੇ। ਉਨਾਂ ਕਿਹਾ ਕਿ ਛੋਟੇ ਬੱਚਿਆਂ ਦੇ ਵਿਕਾਸ ਲਈ ਸਾਂਝੇ ਤੌਰ ’ਤੇ ਕੀਤੇ ਉਪਰਾਲੇ ਹੀ ਸਾਰਥਕ ਨਤੀਜੇ ਕੱਢ ਸਕਦੇ ਹਨ।