‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਦੇ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਹਾਈਕਮਾਨ ਨੂੰ ਚਿੱਠੀ ਲਿਖ ਕੇ ਲੀਡਰਾਂ ਨੂੰ ਬਿਆਨਬਾਜ਼ੀਆਂ ਕਰਨ ਤੋਂ ਵਰਜਣ ਦੀ ਅਪੀਲ ਕੀਤੀ ਹੈ। ਵੇਰਕਾ ਨੇ ਚਿੱਠੀ ਵਿੱਚ ਕਿਹਾ ਹੈ ਕਿ ਪਾਰਟੀ ਦੇ ਅੰਦਰੂਨੀ ਮਾਮਲਿਆਂ ‘ਤੇ ਸਾਰੇ ਲੀਡਰਾਂ ਨੂੰ ਹਦਾਇਤ ਜਾਰੀ ਕੀਤੀ ਜਾਵੇ ਕਿ ਬਿਆਨਬਾਜ਼ੀਆਂ ਨਾ ਕੀਤੀਆਂ ਜਾਣ, ਪਾਰਟੀ ਦੇ ਅੰਦਰੂਨੀ ਮਾਮਲੇ ਪਾਰਟੀ ਪੱਧਰ ‘ਤੇ ਹੀ ਨਿਬੇੜੇ ਜਾਣ। ਉਨ੍ਹਾਂ ਕਿਹਾ ਕਿ ਇਹ ਵੇਲਾ ਬਿਆਨਬਾਜ਼ੀਆਂ ਕਰਨ ਦਾ ਨਹੀਂ ਹੈ, ਬਲਕਿ ਕਿਸਾਨੀ ਮਸਲੇ ਦਾ ਹੱਲ ਅਤੇ ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਕੋਈ ਹੱਲ ਕੱਢਣ ਦਾ ਸਮਾਂ ਹੈ।
ਇਹ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਵੇਰਕਾ ਨੇ ਬਿਨਾਂ ਨਾਂ ਲਏ ਪਾਰਟੀ ਹਾਈਕਮਾਨ ਨੂੰ ਨਵਜੋਤ ਸਿੰਘ ਸਿੱਧੂ ਦੀ ਸ਼ਿਕਾਇਤ ਕੀਤੀ ਹੈ, ਕਿਉਂਕਿ ਨਵਜੋਤ ਸਿੰਘ ਸਿੱਧੂ ਨੇ ਅੱਜ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਮਾਮਲੇ ਵਿੱਚ ਆਪਣੀ ਕੈਪਟਨ ਸਰਕਾਰ ਨੂੰ ਇੱਕ ਵਾਰ ਫਿਰ ਤੋਂ ਸਵਾਲਾਂ ਦੇ ਘੇਰੇ ਵਿੱਚ ਖੜ੍ਹਾ ਕਰਦਿਆਂ ਅਸਿੱਧੇ ਤੌਰ ‘ਤੇ ਉਨ੍ਹਾਂ ‘ਤੇ ਦੋਸ਼ ਲਾਉਂਦਿਆਂ ਕਿਹਾ ਹੈ ਕਿ ਕੈਪਟਨ ਸਰਕਾਰ ਲਈ ਇਹ ਕੇਸ ਅਹਿਮ ਨਹੀਂ ਸੀ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ‘ਕੀ ਗ੍ਰਹਿ ਮੰਤਰੀ ਲਈ ਬੇਅਦਬੀ ਕੇਸ ਸਭ ਤੋਂ ਅਹਿਮ ਨਹੀਂ ਸੀ? ਆਪਣੀ ਜ਼ਿੰਮੇਵਾਰੀ ਕਿਸੇ ਸਿਰ ਮੜ੍ਹਣੀ ਅਤੇ ਕੇਵਲ ਐਡਵੋਕੇਟ ਜਨਰਲ ਨੂੰ ਹੀ ਬਲੀ ਦਾ ਬੱਕਰਾ ਬਨਾਉਣ ਦਾ ਮਤਲਬ ਹੈ ਕਿ ਨਜ਼ਰਸਾਨੀ ਦਾ ਕੰਟਰੋਲ ਕਾਰਜਕਾਰੀ ਅਥਾਰਟੀ ਦੇ ਹੱਥਾਂ ‘ਚ ਨਹੀਂ ਹੈ। ਫਿਰ AG ਦੀ ਲਗਾਮ ਕਿਸ ਦੇ ਹੱਥ ਹੈ ? ਜ਼ਿੰਮੇਵਾਰੀਆਂ ਤੋਂ ਭੱਜਣ ਦੀ ਇਸ ਖੇਡ ਵਿੱਚ ਲੀਗਲ ਟੀਮ ਦੇ ਮੈਂਬਰ ਤਾਂ ਮਹਿਜ ਪਿਆਦੇ ਹਨ’।