‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਵੱਲੋਂ ਲਗਾਤਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਕੀਤੀ ਜਾ ਰਹੀ ਤਿੱਖੀ ਬਿਆਨਬਾਜ਼ੀ ਦੇ ਖਿਲਾਫ ਪੰਜਾਬ ਦੇ ਤਿੰਨ ਮੰਤਰੀਆਂ ਬ੍ਰਹਮ ਮਹਿੰਦਰਾ, ਸੁੰਦਰ ਸ਼ਾਮ ਅਰੋੜਾ ਅਤੇ ਸਾਧੂ ਸਿੰਘ ਧਰਮਸੋਤ ਨੇ ਕੈਪਟਨ ਦੇ ਪੱਖ ਵਿੱਚ ਉਤਰਦਿਆਂ ਕਾਂਗਰਸ ਪਾਰਟੀ ਹਾਈ ਕਮਾਂਡ ਨੂੰ ਨਵਜੋਤ ਸਿੰਘ ਸਿੱਧੂ ਖਿਲਾਫ ਸਖਤ ਅਨੁਸ਼ਾਸਨੀ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।
ਤਿੰਨੇ ਲੀਡਰਾਂ ਨੇ ਨਵਜੋਤ ਸਿੰਘ ਸਿੱਧੂ ਦੇ ਬਿਆਨ ਨੂੰ ਬੇਹੱਦ ਅਨੁਸ਼ਾਸਨਹੀਣ ਅਤੇ ਸੂਬੇ ਵਿੱਚ ਕਾਂਗਰਸ ਸਰਕਾਰ ਨੂੰ ਨੀਵਾਂ ਦਿਖਾਉਣ ਦੀ ਕਾਰਵਾਈ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਸਿੱਧੂ ਦੇ ਬਿਆਨ ਨੂੰ ਸਿਰਫ ਪਾਰਟੀ ਦੇ ਨਿਰਾਸ਼ ਲੀਡਰ ਵਜੋਂ ਨਹੀਂ ਦੇਖਿਆ ਜਾ ਸਕਦਾ।
ਇਨ੍ਹਾਂ ਲੀਡਰਾਂ ਨੇ ਕਿਹਾ ਕਿ ਸਿੱਧੂ ਵੱਲੋਂ ਕੈਪਟਨ ਖਿਲਾਫ਼ ਲਗਾਤਾਰ ਕੀਤੀਆਂ ਜਾ ਰਹੀਆਂ ਟਿੱਪਣੀਆਂ ਨੂੰ ਇੱਕ ਲੋਕਤੰਤਰੀ ਪਾਰਟੀ ਦੇ ਨਾਰਾਜ਼ ਮੈਂਬਰ ਦਾ ਗੁੱਸਾ ਕਹਿ ਕੇ ਹੁਣ ਹੋਰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਇਹ ਖੁੱਲ੍ਹੀ ਬਗਾਵਤ ਉਸ ਵੇਲੇ ਕਾਂਗਰਸ ਦੇ ਹਿੱਤਾਂ ਨੂੰ ਢਾਹ ਲਾ ਰਹੀ ਹੈ, ਜਦੋਂ ਅਸੈਂਬਲੀ ਚੋਣਾਂ ਵਿੱਚ ਇੱਕ ਸਾਲ ਤੋਂ ਵੀ ਘੱਟ ਦਾ ਸਮਾਂ ਰਹਿ ਗਿਆ ਹੈ।
ਉਨ੍ਹਾਂ ਨੇ ਕਿਹਾ ਕਿ ਜੇਕਰ ਸਿੱਧੂ ਖ਼ਿਲਾਫ਼ ਹੁਣ ਕਾਰਵਾਈ ਨਾ ਕੀਤੀ ਗਈ ਤਾਂ ਇਸ ਨਾਲ ਪਾਰਟੀ ਦੀ ਸੂਬਾ ਇਕਾਈ ਵਿੱਚ ਬਦਅਮਨੀ ਫੈਲੇਗੀ। ਇਹ ਹੁਣ ਸਪੱਸ਼ਟ ਹੋ ਚੁੱਕਿਆ ਹੈ ਕਿ ਸਿੱਧੂ ਦੀ ਨੀਅਤ ਠੀਕ ਨਹੀਂ ਹੈ ਅਤੇ ਉਸ ਨੂੰ ਸਿਰਫ਼ ਆਪਣੇ ਨਿੱਜੀ ਤੇ ਸਿਆਸੀ ਹਿੱਤਾਂ ਦੀ ਹੀ ਚਿੰਤਾ ਹੈ ਅਤੇ ਉਹ ਪੰਜਾਬ ’ਚ ਕੈਪਟਨ ਦੇ ਖਿਲਾਫ਼ ਮਾਹੌਲ ਸਿਰਜਣਾ ਚਾਹੁੰਦੇ ਹਨ। ਜੇਕਰ ਪਾਰਟੀ ਖ਼ਿਲਾਫ਼ ਲਗਾਤਾਰ ਹੋ ਰਹੇ ਕੂੜ ਪ੍ਰਚਾਰ ਨੂੰ ਰੋਕਣ ਲਈ ਕੋਈ ਕਦਮ ਨਾ ਚੁੱਕਿਆ ਗਿਆ ਤਾਂ ਇਸ ਨਾਲ ਹੋਰ ਬਾਗੀ ਅਤੇ ਉੱਚਾ ਉੱਡਣ ਦੇ ਚਾਹਵਾਨ ਮੈਂਬਰਾਂ ਨੂੰ ਖੁੱਲ੍ਹੇ ਤੌਰ ਉੱਤੇ ਕਾਂਗਰਸ ਦੀ ਲੀਡਰਸ਼ਿਪ ਖ਼ਿਲਾਫ਼ ਆਵਾਜ਼ ਚੁੱਕਣ ਦੀ ਸ਼ਹਿ ਮਿਲੇਗੀ।
ਭੂੰਦੜ ਨੇ ਨਵਜੋਤ ਸਿੱਧੂ ਨੂੰ ਸੁਣਾਈਆਂ ਖਰੀਆਂ-ਖਰੀਆਂ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿਘ ਭੂੰਦੜ ਨੇ ਦੋਸ਼ ਲਾਇਆ ਹੈ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲੇ ਸਬੰਧੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਸਜ਼ਾਵਾਂ ਦਿਵਾਉਣ ਵਿੱਚ ਨਾਕਾਮ ਰਹੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਾਂਗ ਨਵਜੋਤ ਸਿੰਘ ਸਿੱਧੂ ਵੀ ਬਰਾਬਰ ਜ਼ਿੰਮੇਵਾਰ ਹੈ। ਭੂੰਦੜ ਨੇ ਕਿਹਾ ਕਿ ਇਹ ਦੋਵੇਂ ਕਾਂਗਰਸੀ ਲੀਡਰ ਹੁਣ ਕੇਸ ਵਿੱਚ ਨਿਆਂ ਮਿਲਣਾ ਯਕੀਨੀ ਬਣਾਉਣ ਦੇ ਕੀਤੇ ਵਾਅਦੇ ਨੂੰ ਪੂਰਾ ਕਰਨ ਦੀ ਥਾਂ ਮਾਮਲੇ ’ਤੇ ਰਾਜਨੀਤੀ ਕਰ ਰਹੇ ਹਨ।
ਭੂੰਦੜ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਨਵਜੋਤ ਸਿੱਧੂ ਚਾਰ ਸਾਲ ਲੰਘਣ ਮਗਰੋਂ ਹੁਣ ਬੇਅਦਬੀ ਦਾ ਮੁੱਦਾ ਸਿਰਫ਼ ਕੈਪਟਨ ਅਮਰਿੰਦਰ ਸਿੰਘ ਤੋਂ ਮੁੱਖ ਮੰਤਰੀ ਦੀ ਕੁਰਸੀ ਹਥਿਆਉਣ ਵਾਸਤੇ ਚੁੱਕ ਰਿਹਾ ਹੈ, ਜਦ ਕਿ ਪਿਛਲੇ ਸਾਲਾਂ ਦੌਰਾਨ ਉਸ ਨੇ ਕਸੂਰਵਾਰਾਂ ਨੂੰ ਸਜ਼ਾ ਦਿਵਾਉਣ ਲਈ ਕੋਈ ਉਪਰਾਲਾ ਨਹੀਂ ਕੀਤਾ।
ਪੀਰ ਮੁਹੰਮਦ ਨੇ ਸਿੱਧੂ ਦੀ ਕਾਰਗੁਜ਼ਾਰੀ ‘ਤੇ ਚੁੱਕੇ ਸਵਾਲ
ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਅਤੇ ਅਕਾਲੀ ਲੀਡਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਕਾਂਗਰਸ ਵਿੱਚ ਰਹਿ ਕੇ ਪੰਜਾਬ ਦੀ ਸੇਵਾ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਕਾਂਗਰਸ ’ਚ ਰਹਿ ਕੇ ਪੰਜਾਬ ਦੀ ਸੇਵਾ ਨਹੀਂ ਕੀਤੀ ਜਾ ਸਕਦੀ। ਸਿੱਧੂ ਪੰਜਾਬ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਅ ਕੇ ਅਗਲੀਆਂ ਚੋਣਾਂ ਜਿੱਤਣ ਲਈ ਕਾਂਗਰਸ ਦਾ ਮੋਹਰਾ ਤਾਂ ਹੋ ਸਕਦੇ ਹਨ ਪਰ ਕਾਂਗਰਸ ਉਨ੍ਹਾਂ ਨੂੰ ਮੁੱਖ ਮੰਤਰੀ ਕਦੇ ਨਹੀਂ ਬਣਾਵੇਗੀ।
ਉਨ੍ਹਾਂ ਕਿਹਾ ਕਿ ਜੇ ਸੱਚਮੁਚ ਸਿੱਧੂ ਸੂਬੇ ਦੇ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਕਾਂਗਰਸ ਤੋਂ ਬਾਹਰ ਆ ਕੇ ਪੰਜਾਬ ਦੇ ਲੋਕਾਂ ਨਾਲ ਖੜ੍ਹਨਾ ਚਾਹੀਦਾ ਹੈ। ਪੀਰ ਮੁਹੰਮਦ ਨੇ ਕਾਂਗਰਸ ਪਾਰਟੀ ‘ਤੇ ਵਿਧਾਨ ਸਭਾ ਅਤੇ ਸੰਸਦੀ ਚੋਣਾਂ ਜਿੱਤਣ ਲਈ ਪੰਜਾਬ ਵਿੱਚ ਧਾਰਮਿਕ ਭਾਵਨਾਵਾਂ ਨਾਲ ਖੇਡਣ ਦਾ ਦੋਸ਼ ਲਾਇਆ ਹੈ।