‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਹਰਿਆਣਾ ਵਿੱਚ ਕਿਸਾਨਾਂ ਵੱਲੋਂ ਅੱਜ ਘਿਰਾਓ ਤੇ ਧਰਨੇ ਦੀ ਕਾਲ ਕੀਤੀ ਗਈ ਹੈ। ਇਸਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦਾ ਕਹਿਣਾ ਹੈ ਕਿ ਪ੍ਰਦਰਸ਼ਨ ਕਰਨਾ ਸਾਰਿਆਂ ਦਾ ਜ਼ਮਹੂਰੀ ਹੱਕ ਹੈ ਤੇ ਕਿਸਾਨਾਂ ਨਾਲ ਗੱਲਬਾਤ ਦੇ ਚੰਗੇ ਸਿੱਟੇ ਨਿੱਕਲਣਗੇ। ਉੱਧਰ, ਗ੍ਰਹਿ ਮੰਤਰੀ ਅਨਿਲ ਵਿਜ ਨੇ ਵੀ ਟਵੀਟ ਕਰਕੇ ਕਿਸਾਨਾਂ ਨੂੰ ਸ਼ਾਂਤਮਈ ਰਹਿਣ ਲਈ ਕਿਹਾ ਹੈ, ਹਾਲਾਂਕਿ ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।ਵਿਜ ਨੇ ਕਿਹਾ ਹੈ ਕਿ ਸਾਡੀ ਕਿਸਾਨ ਭਰਾਵਾਂ ਨੂੰ ਵੀ ਅਪੀਲ ਹੈ ਕਿ ਜੇ ਉਹ ਆਪਣੀ ਪਬਲਿਕ ਮੀਟਿੰਗ ਕਰਨਾ ਚਾਹੁੰਦੇ ਹਨ ਤਾਂ ਇਸ ਨੂੰ ਜਰੂਰ ਕਰੋ, ਪਰ ਸ਼ਾਂਤਮਈ ਤਰੀਕੇ ਨਾਲ।
ਦੂਜੇ ਪਾਸੇ ਹਰਿਆਣਾ ਦੇ ਖੇਤੀਬਾੜੀ ਮੰਤਰੀ ਜੇਪੀ ਦਲਾਲ ਨੇ ਵੀ ਕਿਸਾਨਾਂ ਨੂੰ ਅੰਦੋਲਨ ਵਾਪਸ ਲੈਣ ਦੀ ਅਪੀਲ ਕੀਤੀ ਹੈ ਤੇ ਕਿਹਾ ਹੈ ਕਿ ਜੇ ਕਿਸਾਨ ਸ਼ਾਂਤੀਪੂਰਵਕ ਵਿਰੋਧ ਕਰਦੇ ਹਨ ਤਾਂ ਕਿਸੇ ਨੂੰ ਕੋਈ ਸਮੱਸਿਆ ਨਹੀਂ ਆਵੇਗੀ।ਕਿਸਾਨਾਂ ਦੇ ਲੀਡਰਾਂ ਨੂੰ ਬੇਨਤੀ ਹੈ ਕਿ ਹਰਿਆਣਾ ਵਿੱਚ ਇਸ ਵੇਲੇ ਅੰਦੋਲਨ ਦੀ ਜ਼ਰੂਰਤ ਨਹੀਂ ਹੈ ਕਿਉਂਕਿ ਤਿੰਨ ਖੇਤੀ ਕਾਨੂੰਨ ਹਾਲੇ ਲਾਗੂ ਨਹੀਂ ਹੋਏ ਹਨ।
ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਹਰਿਆਣਾ ਦੇ ਕਰਨਾਲ ਵਿੱਚ ਕਿਸਾਨਾਂ ਦੀ ਮਹਾਪੰਚਾਇਤ ਦੇ ਮੱਦੇਨਜ਼ਰ ਭਾਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।ਇੰਟਰਨੈੱਟ ਬੰਦ ਹੈ ਤੇ ਸੜਕਾਂ ਉੱਤੇ ਵੀ ਰੂਟ ਬਦਲ ਦਿੱਤੇ ਗਏ ਹਨ। ਸਰਕਾਰ ਨੇ ਕਰਨਾਲ ਵਿੱਚ ਧਾਰਾ 144 ਵੀ ਲਗਾਈ ਹੋਈ ਹੈ।ਹਾਲਾਂਕਿ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਹੈ ਕਿ ਜੇਕਰ ਲੋੜ ਪਈ ਤਾਂ ਬੈਰੀਕੇਡ ਵੀ ਤੋੜ ਦਿੱਤੇ ਜਾਣਗੇ।ਦੱਸਦਈਏ ਕਿ 28 ਅਗਸਤ ਨੂੰ ਕਰਨਾਲ ਦੇ ਇੱਕ ਟੋਲ ਪਲਾਜ਼ਾ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ’ ਤੇ ਹਰਿਆਣਾ ਪੁਲਿਸ ਨੇ ਲਾਠੀਚਾਰਜ ਕੀਤਾ ਸੀ, ਜਿਸ ਵਿੱਚ ਕਈ ਪ੍ਰਦਰਸ਼ਨਕਾਰੀ ਜ਼ਖਮੀ ਹੋ ਗਏ ਸਨ, ਉਸੇ ਦਾ ਕਿਸਾਨ ਲਗਾਤਾਰ ਵਿਰੋਧ ਕਰ ਰਹੇ ਹਨ।