ਲੁਧਿਆਣਾ : ਸੰਯੁਕਤ ਕਿਸਾਨ ਮੋਰਚਾ (SKM) ਦੀ ਮੀਟਿੰਗ ਅੱਜ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਲੁਧਿਆਣਾ ਦੇ ਈਸੜੂ ਭਵਨ ਵਿਖੇ ਹੋਈ। ਮੀਟਿੰਗ ਵਿੱਚ ਕੁੱਲ 37 ਗਰੁੱਪਾਂ ਨੇ ਭਾਗ ਲਿਆ। ਇਸ ਦੌਰਾਨ ਕਿਸਾਨ ਆਗੂ ਰਾਜੇਵਾਲ ਨੇ ਪੰਜਾਬ ਦੇ ਸਾਰੇ ਟੋਲ ਪਲਾਜ਼ੇ 22 ਫਰਵਰੀ ਤੱਕ ਬੰਦ ਰੱਖਣ ਦਾ ਐਲਾਨ ਕੀਤਾ।
ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ ਸਰਕਾਰ ਖ਼ਿਲਾਫ਼ ਅਗਲੀ ਰਣਨੀਤੀ ਤੈਅ ਕਰਨ ਲਈ ਅੱਜ ਮੀਟਿੰਗ ਕੀਤੀ ਹੈ। ਇਸ ਵਿਚ ਵੱਡੇ ਫੈਸਲੇ ਲਏ ਗਏ ਹਨ।
ਜਥੇਬੰਦੀਆਂ ਨੇ ਫੈਸਲਾ ਲਿਆ ਹੈ ਕਿ 20, 21 ਅਤੇ 22 ਫਰਵਰੀ ਤੱਕ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਬੰਦ ਕੀਤੇ ਜਾਣਗੇ। ਇਸ ਤੋਂ ਇਲਾਵਾ ਪੂਰੇ ਸੂਬੇ ਵਿਚ ਭਾਜਪਾ ਦੇ ਵੱਡੇ ਲੀਡਰ ਅਤੇ ਜ਼ਿਲ੍ਹਾ ਭਾਜਪਾ ਦੇ ਲੀਡਰਾਂ ਦੇ ਘਰਾਂ ਅੱਗੇ ਧਰਨੇ ਦਿੱਤੇ ਜਾਣਗੇ। 22 ਫਰਵਰੀ ਨੂੰ ਮੀਟਿੰਗ ਵਿਚ ਅਗਲੀ ਰਣਨੀਤੀ ਉਲੀਕੀ ਜਾਵੇਗੀ।
ਦੱਸ ਦਈਏ ਕਿ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਰਵਣ ਸਿੰਘ ਪੰਧੇਰ ਦੀ ਅਗਵਾਈ ‘ਚ ਦਿੱਲੀ ਕੂਚ ਦਾ ਐਲਾਨ ਕੀਤਾ ਹੋਇਆ ਹੈ। ਇਸ ਤਹਿਤ ਪੰਜਾਬ-ਹਰਿਆਣਾ ਦੇ ਬਾਰਡਰਾਂ ਉਤੇ ਕਿਸਾਨ ਡੇਰੇ ਲਾਈ ਬੈਠੇ ਹਨ।
ਹੁਣ ਦੇਸ਼ ਦੀਆਂ ਹੋਰ ਜਥੇਬੰਦੀਆਂ ਉਨ੍ਹਾਂ ਦਾ ਸਮਰਥਨ ਕਰ ਰਹੀਆਂ ਹਨ। ਜਦੋਂਕਿ ਸੂਬੇ ਦੀਆਂ 32 ਕਿਸਾਨ ਜਥੇਬੰਦੀਆਂ ਇਸ ਤੋਂ ਬਾਹਰ ਹਨ। ਹੁਣ ਇਨ੍ਹਾਂ ਜਥੇਬੰਦੀਆਂ ਦੇ ਪ੍ਰਧਾਨਾਂ ਦੀ ਮੀਟਿੰਗ ਲੁਧਿਆਣਾ ਵਿੱਚ ਹੋਈ ਹੈ ਅਤੇ ਅਹਿਮ ਫੈਸਲੇ ਲਏ ਗਏ ਹਨ।