ਚੰਡੀਗੜ੍ਹ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਸਣੇ ਕਈ ਹੋਰ ਮਾਮਲਿਆਂ ਵਿੱਚ ਨਾਮਜ਼ਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਪਹਿਲੇ ਇੰਟਰਵਿਊ ਦੇ ਚਰਚੇ ਹਾਲੇ ਖ਼ਤਮ ਨਹੀਂ ਹੋਏ ਸਨ ਕਿ ਇਸ ਦੌਰਾਨ ਉਸ ਦਾ ਦੂਜਾ ਇੰਟਰਵਿਊ ਸਾਹਮਣੇ ਆਇਆ ਹੈ। ਜਿਸ ਨੇ ਪੁਲਿਸ,ਜੇਲ੍ਹ ਪ੍ਰਸ਼ਾਸਨ ਤੇ ਜੇਲ੍ਹ ਦੇ ਸੁਰੱਖਿਆ ਪ੍ਰਬੰਧਾਂ ’ਤੇ ਸਵਾਲ ਖੜੇ ਕਰ ਦਿੱਤੇ ਹਨ।
ਗੈਂਗਸਟਰ ਲਾਰੈਂਸ ਬਿਸ਼ਨੋਈ ਇਸ ਵੇਲੇ ਬਠਿੰਡਾ ਜੇਲ੍ਹ ਵਿੱਚ ਬੰਦ ਹੈ ਤੇ ਆਪਣੀ ਇਸ ਦੂਸਰੀ ਇੰਟਰਵਿਊ ਵਿੱਚ ਲਾਰੈਂਸ ਬਿਸ਼ਨੋਈ ਉਨ੍ਹਾਂ ਕੱਪੜਿਆਂ, ਛੋਟੇ ਵਾਲਾਂ ਅਤੇ ਕੱਟੀ ਹੋਈ ਦਾੜ੍ਹੀ ਵਿੱਚ ਨਜ਼ਰ ਆ ਰਿਹਾ ਹੈ,ਜਿਸ ਦੀ ਤਸਵੀਰ ਡੀਜੀਪੀ ਗੌਰਵ ਯਾਦਵ ਨੇ ਜਾਰੀ ਕੀਤੀ ਸੀ ਅਤੇ ਦਾਅਵਾ ਕੀਤਾ ਸੀ ਕਿ ਪਹਿਲੀ ਇੰਟਰਵਿਊ ਪੰਜਾਬ ਦੀ ਕਿਸੇ ਵੀ ਜੇਲ੍ਹ ’ਚ ਨਹੀਂ ਹੋਈ। ਡੀਜੀਪੀ ਦਾ ਕਹਿਣਾ ਸੀ ਕਿ ਇਹ ਤਸਵੀਰ 16 ਮਾਰਚ ਨੂੰ ਬਠਿੰਡਾ ਜੇਲ੍ਹ ਵਿੱਚ ਲਈ ਗਈ ਹੈ।ਇੰਟਰਵਿਊ ਦੌਰਾਨ ਉਸ ਨੇ ਜੇਲ੍ਹ ਦੀ ਬੈਰਕ ਵੀ ਦਿਖਾਈ ਹੈ। ਉਸ ਨੇ ਇਹ ਵੀ ਮੰਨਿਆ ਕਿ ਜੇਲ੍ਹ ਵਿੱਚ ਮੋਬਾਈਲ ਫੋਨ ਆਸਾਨੀ ਨਾਲ ਮਿਲ ਜਾਂਦਾ ਹੈ।
ਪੂਰੇ 37 ਮਿੰਟ ਤੋਂ ਵੱਧ ਸਮੇਂ ਦੇ ਇੰਟਰਵਿਊ ’ਚ ਲਾਰੈਂਸ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਉਸ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਕਿਸੇ ਕਿਸਮ ਦੀਆਂ ਧਮਕੀਆਂ ਨਹੀਂ ਦਿੱਤੀਆਂ ਹਨ ਤੇ ਨਾ ਹੀ ਧਮਕੀਆਂ ਦੇਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਨਾਲ ਉਸ ਦਾ ਕੋਈ ਸੰਬੰਧ ਹੈ।
ਉਸ ਨੇ ਕਿਹਾ ਕਿ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦਾ ਕਤਲ ਕਰ ਕੇ ਆਪਣਾ ਬਦਲਾ ਪੂਰਾ ਕਰ ਲਿਆ ਹੈ। ਲਾਰੈਂਸ ਬਿਸ਼ਨੋਈ ਨੇ ਕਿਹਾ ਕਿ ਉਹ ਸਲਮਾਨ ਖਾਨ ਨੂੰ ਮਾਰਨਾ ਚਾਹੁੰਦਾ ਹੈ, ਜਿਸ ਨੇ ਹਿਰਨ ਦਾ ਸ਼ਿਕਾਰ ਕਰ ਕੇ ਉਨ੍ਹਾਂ ਸਮਾਜ ਨੂੰ ਨੀਵਾਂ ਦਿਖਾਇਆ ਹੈ, ਜਦੋਂ ਤੱਕ ਉਹ ਮੁਆਫੀ ਨਹੀਂ ਮੰਗਦਾ, ਉੱਦੋਂ ਤੱਕ ਸਲਮਾਨ ਖਾਨ ਨੂੰ ਮੁਆਫ ਨਹੀਂ ਕੀਤਾ ਜਾਵੇਗਾ। ਉਸ ਨੇ ਮੰਨਿਆ ਕਿ ਲਾਰੈਂਸ ਗੈਂਗ ਦਾ ਮੁੱਖ ਸਰਗਨਾ ਗੋਲਡੀ ਬਰਾੜ ਵਿਦੇਸ਼ ਵਿੱਚ ਬੈਠਾ ਹੈ, ਜਿਸ ਨੇ ਸਿੱਧੂ ਮੂਸੇਵਾਲਾ ਦੀ ਹੱਤਿਆ ਦੀ ਯੋਜਨਾ ਬਣਾਈ ਸੀ। ਬਿਸ਼ਨੋਈ ਨੇ ਇਸ ਇੰਟਰਵਿਊ ਵਿੱਚ ਗੋਇੰਦਵਾਲ ਜੇਲ੍ਹ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਸ ਸਮੇਂ ਹਮਲੇ ਦਾ ਜਵਾਬ ਦਿੰਦਿਆ ਦੋ ਜਣਿਆਂ ਦਾ ਕਤਲ ਕੀਤਾ ਹੈ। ਇਸ ਤੋਂ ਇਲਾਵਾ ਲਾਰੈਂਸ ਬਿਸ਼ਨੋਈ ਨੇ ਆਪਣੇ ਇੰਟਰਵਿਊ ਵਿੱਚ ਵੱਖ-ਵੱਖ ਗੈਂਗਾਂ ਨਾਲ ਸਬੰਧਿਤ ਮੁੱਦਿਆਂ ’ਤੇ ਗੱਲਬਾਤ ਕੀਤੀ। ਗੌਰਤਲਬ ਹੈ ਕਿ ਲਾਰੈਂਸ ਬਿਸ਼ਨੋਈ ਪਿਛਲੇ ਲੰਬੇ ਸਮੇਂ ਤੋਂ ਬਠਿੰਡਾ ਦੀ ਜੇਲ੍ਹ ਵਿੱਚ ਬੰਦ ਹੈ, ਜਿੱਥੋਂ ਮੁੜ ਮੋਬਾਈਲ ਫੋਨ ਰਾਹੀਂ ਲਾਈਵ ਹੋ ਕੇ ਇੰਟਰਵਿਊ ਦੇਣ ਦੇ ਮਾਮਲੇ ਨੇ ਪੰਜਾਬ ’ਚ ਸਿਆਸੀ ਮਾਹੌਲ ਭਖਾ ਦਿੱਤਾ ਹੈ।ਜਿਸ ਦੇ ਚੱਲਦਿਆਂ ਹੁਣ ਪੰਜਾਬ ਸਰਕਾਰ ਇੱਕ ਵਾਰ ਫਿਰ ਤੋਂ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਈ ਹੈ।