‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਮੁੱਦੇ ਨੂੰ ਲੈ ਕੇ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਲਿਖੀ ਹੈ। ਮਾਨ ਨੇ ਚਿੱਠੀ ਵਿੱਚ ਚੰਡੀਗੜ੍ਹ ਵਿੱਚ ਅਫਸਰਾਂ ਦੀ ਨਿਯੁਕਤੀ ਵਿੱਚ ਪੰਜਾਬ ਕੇਡਰ ਦਾ ਅਨੁਪਾਤ (60:40) ਬਰਕਰਾਰ ਰੱਖਣ ਦੀ ਮੰਗ ਕੀਤੀ ਹੈ।
ਕੇਂਦਰ ਸਰਕਾਰ ਵੱਲੋਂ ਹਰਿਆਣਾ ਨੂੰ ਚੰਡੀਗੜ੍ਹ ਵਿੱਚ ਵੱਖਰੀ ਵਿਧਾਨ ਸਭਾ ਲਈ ਜ਼ਮੀਨ ਦੇਣ ਦੇ ਐਲਾਨ ਨੇ ਪੰਜਾਬ ਦੀ ਸਿਆਸਤ ਭਖਾ ਦਿੱਤੀ ਸੀ। ਹਰਿਆਣਾ ਦੀ ਵੱਖਰੀ ਵਿਧਾਨ ਸਭਾ ਲਈ ਜ਼ਮੀਨ ਦੇਣ ਦੇ ਐਲਾਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਕੇਂਦਰ ਤੋਂ ਹਰਿਆਣਾ ਦੀ ਤਰਜ਼ ’ਤੇ ਪੰਜਾਬ ਵਿਧਾਨ ਸਭਾ ਬਣਾਉਣ ਲਈ ਜ਼ਮੀਨ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਮਾਨ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਸੀ।
ਵਿਰੋਧੀ ਧਿਰਾਂ ਨੇ ਮੁੱਖ ਮੰਤਰੀ ਮਾਨ ਉੱਤੇ ਤੰਜ ਕੱਸਦਿਆਂ ਕਿਹਾ ਸੀ ਕਿ ਜਦ ਚੰਡੀਗੜ੍ਹ ਹੀ ਪੰਜਾਬ ਦਾ ਹੈ ਤਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੇਂਦਰ ਸਰਕਾਰ ਤੋਂ ਚੰਡੀਗੜ੍ਹ ਵਿੱਚ ਵਿਧਾਨ ਸਭਾ ਲਈ ਜ਼ਮੀਨ ਮੰਗਣ ਦੀ ਕੀ ਲੋੜ ਸੀ। ਵਿਰੋਧੀਆਂ ਨੇ ਮਾਨ ਨੂੰ ਅਜਿਹੇ ਬਿਆਨਾਂ ਨਾਲ ਚੰਡੀਗੜ੍ਹ ‘ਤੇ ਪੰਜਾਬ ਦੇ ਹੱਕ ਨੂੰ ਕਮਜ਼ੋਰ ਨਾ ਕਰਨ ਦੀ ਤਾੜਨਾ ਕੀਤੀ ਹੈ ਅਤੇ ਨਾਲ ਹੀ ਕਿਹਾ ਹੈ ਕਿ ਚੰਡੀਗੜ੍ਹ ਦੀਆਂ ਜ਼ਮੀਨਾਂ ਅਤੇ ਸਰਕਾਰੀ ਇਮਾਰਤਾਂ ‘ਤੇ ਸਿਰਫ਼ ਪੰਜਾਬ ਦਾ ਹੀ ਹੱਕ ਹੈ।