ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਵਿੱਢੀ ਗਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ( Punjab Vigilance Bureau, ) ਨੇ ਪੰਚਾਇਤੀ ਰਾਜ ਵਿਭਾਗ ਦੇ ਜੂਨੀਅਰ ਇੰਜੀਨੀਅਰ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਜੇ.ਈ. ਬਲਬੀਰ ਕੁਮਾਰ ਨੂੰ ਸਰਪੰਚ ਅਪਾਰ ਸਿੰਘ ਵਾਸੀ ਪਿੰਡ ਜੁਲਕਾਂ ਜ਼ਿਲ੍ਹਾ ਪਟਿਆਲਾ ਦੀ ਸ਼ਿਕਾਇਤ ਦੇ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਇਲਜ਼ਾਮ ਲਗਾਇਆ ਕਿ ਇਸ ਜੇ.ਈ. ਵੱਲੋਂ ਉਸ ਨੂੰ ਗ੍ਰਾਮ ਪੰਚਾਇਤ ਵੱਲੋਂ ਮੁਕੰਮਲ ਕੀਤੇ ਵਿਕਾਸ ਕਾਰਜਾਂ ਲਈ ਵਰਤੋਂ ਸਰਟੀਫਿਕੇਟ ਜਾਰੀ ਕਰਨ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਹੈ।
ਬੁਲਾਰੇ ਨੇ ਇਸ ਸਬੰਧੀ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ ਪਟਿਆਲਾ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਪੰਚਾਇਤਾਂ ਅਤੇ ਪੇਂਡੂ ਵਿਕਾਸ ਵਿਭਾਗ, ਪੰਜਾਬ ਦੇ ਇਸ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਜੇ.ਈ. ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ , ਰਿਸ਼ਵਤ ਲੈਂਦਾ SHO ਰੰਗੇ ਹੱਥੀ ਕਾਬੂ
ਇਸ ਤੋਂ ਪਹਿਲਾਂ ਵੀ ਪੰਜਾਬ ਵਿਜੀਲੈਂਸ ਨੇ ਐਸ.ਐਚ.ਓ ਬਲਕੌਰ ਸਿੰਘ ਅਤੇ ਏ.ਐਸ.ਆਈ ਪਰਮਜੀਤ ਸਿੰਘ, ਥਾਣਾ ਨੇਹੀਆ ਵਾਲਾ ਜਿਲ੍ਹਾ ਬਠਿੰਡਾ ਨੂੰ 50,000 ਰੂਪਏ ਬਤੌਰ ਰਿਸ਼ਵਤ ਲੈਂਦਿਆ ਰੰਗੇ ਹੱਥੀ ਗ੍ਰਿਫਤਾਰ ਕੀਤਾ ਸੀ।