‘ਦ ਖ਼ਾਲਸ ਬਿਊਰੋ :- ਕਿਸਾਨ ਅੰਦੋਲਨ ਮੂਹਰੇ ਕੇਂਦਰ ਸਰਕਾਰ ਨੂੰ ਝੁਕਣਾ ਪਿਆ ਤੇ ਤਿੰਨ ਖੇਤੀ ਕਾਨੂੰਨ ਵਾਪਸ ਲੈਣੇ ਪੈ ਗਏ। ਹੁਣ ਕਿਸਾਨਾਂ ਲਈ ਰਾਹਤ ਦੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਐਲਾਨ ਕੀਤਾ ਹੈ ਕਿ ਪਰਾਲੀ ਸਾੜਨਾ ਅਪਰਾਧ ਨਹੀਂ ਹੈ। ਤਿੰਨੇ ਖੇਤੀ ਕਾਨੂੰਨ ਵਾਪਸ ਲਏ ਜਾਣ ਤੋਂ ਬਾਅਦ ਕਿਸਾਨ ਹੋਰ ਮੰਗਾਂ ਮੰਨਵਾਉਣ ਲਈ ਬਾਰਡਰ ‘ਤੇ ਬੈਠੇ ਹਨ, ਉਨ੍ਹਾਂ ਵਿੱਚ ਐੱਸਐੱਸਪੀ ਦੀ ਗਾਰੰਟੀ ਦੇ ਨਾਲ ਪਰਾਲੀ ਸਾੜਨ ਨੂੰ ਅਪਰਾਧ ਮੁਕਤ ਕਰਨਾ ਵੀ ਸ਼ਾਮਿਲ ਸੀ। ਤੋਮਰ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਘਰ ਵਾਪਸ ਜਾਣ ਦੀ ਮੁੜ ਅਪੀਲ ਵੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਸਰਕਾਰ ਨੇ ਤਿੰਨੇ ਖੇਤੀ ਕਾਨੂੰਨ ਵਾਪਸ ਲੈ ਲਏ ਹਨ ਤਾਂ ਹੁਣ ਕਿਸਾਨਾਂ ਨੂੰ ਦਿੱਲੀ ਦੀਆਂ ਬਰੂਹਾਂ ‘ਤੇ ਬੈਠਣ ਦੀ ਲੋੜ ਨਹੀਂ।
ਐੱਮਐੱਸਪੀ ਬਾਰੇ ਪੁੱਛੇ ਸਵਾਲ ਦੇ ਇੱਕ ਜਵਾਬ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਇੱਕ ਕਮੇਟੀ ਦਾ ਗਠਨ ਕਰਨ ਦਾ ਭਰੋਸਾ ਦਿੱਤਾ ਗਿਆ ਹੈ, ਜਿਸ ਵਿੱਚ ਕਿਸਾਨ ਪ੍ਰਤੀਨਿਧ ਵੀ ਸ਼ਾਮਿਲ ਕੀਤੇ ਜਾਣਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕਿਸਾਨਾਂ ਖਿਲਾਫ ਦਰਜ ਕੇਸ ਵਾਪਸ ਲੈਣ ਦਾ ਮਾਮਲਾ ਵਿਚਾਰ ਅਧੀਨ ਹੈ।