ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਨਸ਼ਿਆਂ ਦੀ ਅਲਾਮਤ ਨੂੰ ਠੱਲ੍ਹ ਪਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ।
ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ-ਕੌਰਡ) ਦੀ ਸੂਬਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਸ੍ਰੀ ਵਰਮਾ ਨੇ ਪੰਜਾਬ ਪੁਲਿਸ ਦੀ ਵਿਸ਼ੇਸ਼ ਟਾਸਕ ਫੋਰਸ (ਐਸ.ਟੀ.ਐਫ.) ਨੂੰ ਵੱਡੇ ਪੱਧਰ ‘ਤੇ ਨਸ਼ਿਆ ਦਾ ਵਪਾਰ ਕਰਨ ਵਾਲੇ ਨਸ਼ਾ ਤਸਕਰਾਂ ‘ਤੇ ਪੈਣੀ ਨਜ਼ਰ ਰੱਖਣ ਅਤੇ ਉਨ੍ਹਾਂ ਵੱਲੋਂ ਕੀਤੇ ਅਪਰਾਧਾਂ ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਵਾਸਤੇ ਕਿਹਾ ਹੈ। ਐਨ.ਡੀ.ਪੀ.ਐਸ ਐਕਟ ਦੀ ਧਾਰਾ 31 ਦੇ ਪ੍ਰਚਾਰ ਦੀ ਲੋੜ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਆਦਤਨ ਅਪਰਾਧੀਆਂ ਨੂੰ ਸਜ਼ਾ ਦੇਣ ਲਈ ਇਸ ਐਕਟ ਦੀਆਂ ਸਖ਼ਤ ਧਾਰਾਵਾਂ ਬਾਰੇ ਪ੍ਰਚਾਰ ਕਰਨਾ ਸਮੇਂ ਦੀ ਲੋੜ ਹੈ। ਵਰਮਾ ਨੇ ਜਾਂਚ ਅਧਿਕਾਰੀਆਂ/ਜ਼ਿਲ੍ਹਾ ਅਟਾਰਨੀ ਅਫ਼ਸਰਾਂ ਨੂੰ ਪ੍ਰਭਾਵੀ ਸਿਖਲਾਈ ਦੇਣ ਦੀ ਵਕਾਲਤ ਕੀਤੀ ਤਾਂ ਜੋ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਈ ਜਾ ਸਕੇ।
ਮੁੱਖ ਸਕੱਤਰ ਸ੍ਰੀ ਵਰਮਾ ਨੇ ਕਿਹਾ ਕਿ ਅਧਿਕਾਰੀ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਨ ਸਬੰਧੀ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ ਕਿਉਂਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਲਾਹਨਤ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਹੈ। ਵਰਮਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਆਮ ਲੋਕਾਂ ਦੇ ਸਹਿਯੋਗ ਨਾਲ ਲੋਕ ਲਹਿਰ ਬਣਾਇਆ ਜਾਵੇ। ਸਬੰਧਤ ਵਿਭਾਗਾਂ ਅਤੇ ਕੇਂਦਰੀ ਤੇ ਸੂਬਾਈ ਏਜੰਸੀਆਂ ਦਰਮਿਆਨ ਬਿਹਤਰ ਤਾਲਮੇਲ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਵਿਸਥਾਰਤ ਐਸ.ਓ.ਪੀ. ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ।
ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਦੀ ਸੰਧਿਆ ਮੌਕੇ ਨਸ਼ਿਆਂ ਵਿਰੁੱਧ ਜੰਗ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ‘ਤੇ ਜ਼ੋਰ ਦਿੰਦਿਆਂ ਮੁੱਖ ਸਕੱਤਰ ਨੇ ਇਹ ਵੀ ਕਿਹਾ ਕਿ ਜਾਂਚ ਕਾਰਵਾਈ ਦੌਰਾਨ ਸਬੰਧਤ ਅਧਿਕਾਰੀ ਆਪਣੇ ਕੋਲ ਐਸ.ਓ.ਪੀ. ਦੀ ਚੈਕ ਲਿਸਟ ਰੱਖਣ ਅਤੇ ਰਿਪੋਰਟ ਨੂੰ ਅੰਤਿਮ ਰੂਪ ਦੇਣ ਸਮੇਂ ਚੁੱਕੇ ਗਏ ਸਾਰੇ ਕਦਮਾਂ ਨੂੰ ਨਿਸ਼ਾਨ ਲਗਾ ਕੇ ਉਜਾਗਰ ਕਰਨ। ਸੂਬੇ ਭਰ ਦੇ ਕੈਮਿਸਟਾਂ ‘ਤੇ ਨਿਗਰਾਨੀ ਵਧਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਵਾਰ-ਵਾਰ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕੈਮਿਸਟਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਉਂਦਿਆਂ ਉਨ੍ਹਾਂ ਦੇ ਲਾਇਸੈਂਸ ਰੱਦ ਕੀਤੇ ਜਾਣ। ਉਨ੍ਹਾਂ ਅੱਗੇ ਦੱਸਿਆ ਕਿ ਲਗਭਗ 30,000 ਰਿਟੇਲ ਸੇਲ ਅਤੇ ਹੋਲਸੇਲ ਕੈਮਿਸਟਾਂ ਵਿੱਚੋਂ ਸਿਰਫ 134 ਹੋਲਸੇਲ ਕੈਮਿਸਟਾਂ ਅਤੇ 463 ਰਿਟੇਲ ਸੇਲ ਕੈਮਿਸਟਾਂ ਨੂੰ ਪਾਬੰਦੀਸ਼ੁਦਾ ਦਵਾਈਆਂ ਰੱਖਣ ਅਤੇ ਵੇਚਣ ਦੀ ਇਜਾਜ਼ਤ ਦਿੱਤੀ ਗਈ ਹੈ।
ਵਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲਾਂ ਅਤੇ ਕਾਲਜਾਂ ਵਿੱਚ ਖੇਡ ਗਤੀਵਿਧੀਆਂ ਨੂੰ ਪ੍ਰਫੁੱਲਤ ਕਰਨ ਦੇ ਨਾਲ-ਨਾਲ ਵੱਡੇ ਪੱਧਰ ‘ਤੇ ਜਾਗਰੂਕਤਾ ਗਤੀਵਿਧੀਆਂ ਸ਼ੁਰੂ ਕੀਤੀਆਂ ਜਾਣ ਤਾਂ ਜੋ ਨੌਜਵਾਨਾਂ ਦੀ ਅਸੀਮ ਊਰਜਾ ਨੂੰ ਉਸਾਰੂ ਪਾਸੇ ਲਾਇਆ ਜਾ ਸਕੇ। ਸ੍ਰੀ ਵਰਮਾ ਨੇ ਕਰ ਵਿਭਾਗ ਨੂੰ ਪਾਬੰਦੀਸ਼ੁਦਾ ਵਸਤੂਆਂ ਲਿਆਉਣ-ਲਿਜਾਣ ਵਾਲੇ ਟਰੱਕਾਂ ਦੀ ਆਵਾਜਾਈ ਨੂੰ ਨਿਯਮਤ ਕਰਨ ਲਈ ਜੀ.ਐਸ.ਟੀ.ਆਈ.ਐਨ. ਅਤੇ ਈ ਵੇਅ ਬਿੱਲਾਂ ਦੀ ਪੜਤਾਲ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਪੱਧਰ ‘ਤੇ ਸਾਰੀਆਂ ਏਜੰਸੀਆਂ ਵਿਚਕਾਰ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਨਿਯਮਤ ਤੌਰ ‘ਤੇ ਜ਼ਿਲ੍ਹਾ ਪੱਧਰੀ ਐਨ-ਕੌਰਡ ਮੀਟਿੰਗਾਂ ਹੋਣੀਆਂ ਚਾਹੀਦੀਆਂ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਨੇ ਅੱਜ ਨਸ਼ਿਆਂ ਦੀ ਦੁਰਵਰਤੋਂ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮੌਕੇ ਸੂਬੇ ਭਰ ਵਿੱਚ 10 ਵੱਖ-ਵੱਖ ਥਾਵਾਂ ‘ਤੇ 83 ਕਿਲੋ ਹੈਰੋਇਨ, 10,000 ਕਿਲੋ ਭੁੱਕੀ, 100 ਕਿਲੋਗ੍ਰਾਮ ਗਾਂਜਾ, 4.52 ਲੱਖ ਗੋਲੀਆਂ/ਕੈਪਸੂਲ ਨਸ਼ਟ ਕੀਤੇ।
ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਪੂਰਥਲਾ, ਐਸ.ਏ.ਐਸ.ਨਗਰ, ਫਤਹਿਗੜ੍ਹ ਸਾਹਿਬ, ਰੂਪਨਗਰ ਜ਼ਿਲ੍ਹਿਆਂ ਅਤੇ ਸਾਰੀਆਂ ਐਸਟੀਐਫ ਰੇਜਾਂ ਨਾਲ ਸਬੰਧਤ ਨਸ਼ਿਆਂ ਦੀ ਖੇਪ ਦੇ ਚੱਲ ਰਹੇ ਨਿਪਟਾਰੇ ਦੀ ਜਾਂਚ ਕਰਨ ਲਈ ਡੇਰਾਬਸੀ, ਐਸ.ਏ.ਐਸ.ਨਗਰ ਵਿਖੇ ਨਸ਼ਾ ਨਸ਼ਟ ਕਰਨ ਵਾਲੀ ਥਾਂ – ਪੰਜਾਬ ਕੈਮੀਕਲ ਐਂਡ ਕਰੌਪ ਪ੍ਰੋਟੈਕਸ਼ਨ ਲਿਮਟਿਡ – ਦਾ ਅਚਨਚੇਤ ਦੌਰਾ ਕੀਤਾ।
ਡੀਜੀਪੀ ਗੌਰਵ ਯਾਦਵ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਦੇ 33 ਜ਼ਿਲ੍ਹਿਆਂ/ਕਮਿਸ਼ਨਰੇਟਾਂ ਅਤੇ ਯੂਨਿਟਾਂ ਵੱਲੋਂ ਸੂਬੇ ਭਰ ਵਿੱਚ 10 ਵੱਖ-ਵੱਖ ਥਾਵਾਂ ‘ਤੇ 626 ਐਨਡੀਪੀਐਸ ਕੇਸਾਂ ਨਾਲ ਸਬੰਧਤ ਨਸ਼ਿਆਂ ਦੀ ਇਸ ਵੱਡੀ ਖੇਪ ਦਾ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਵੈਬੈਕਸ ਮੀਟਿੰਗ ਜ਼ਰੀਏ ਬਾਕੀ ਜ਼ਿਲ੍ਹਿਆਂ/ਯੂਨਿਟਾਂ ‘ਤੇ ਚੱਲ ਰਹੇ ਨਸ਼ਿਆਂ ਦੇ ਨਿਪਟਾਰੇ/ਨਸ਼ਟ ਕਰਨ ਦੀ ਪ੍ਰਕਿਰਿਆ ਦਾ ਜਾਇਜ਼ਾ ਵੀ ਲਿਆ।
ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਘੱਟੋ-ਘੱਟ 2700 ਕਿਲੋਗ੍ਰਾਮ ਹੈਰੋਇਨ, 3450 ਕਿਲੋ ਅਫੀਮ, 1.77 ਲੱਖ ਕਿਲੋ ਭੁੱਕੀ, 1.40 ਕਰੋੜ ਗੋਲੀਆਂ/ਕੈਪਸੂਲ ਅਤੇ 2 ਲੱਖ ਟੀਕਿਆਂ ਨੂੰ ਨਸ਼ਟ ਕੀਤਾ ਹੈ। ਪੰਜਾਬ ਵਿੱਚ ਨਸ਼ਿਆਂ ਨੂੰ ਨਸ਼ਟ ਕਰਨ ਸਬੰਧੀ ਆਖਰੀ ਕਾਰਵਾਈ 7 ਜੂਨ 2024 ਨੂੰ ਕੀਤੀ ਗਈ ਸੀ।
ਡੀਜੀਪੀ ਨੇ “ਨਸ਼ਿਆਂ ਨੂੰ ਨਾਂਹ ਕਹੋ” ਦਾ ਸਪੱਸ਼ਟ ਸੰਦੇਸ਼ ਦਿੰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਕਿਸਮ ਦੇ ਨਸ਼ਿਆਂ ਤੋਂ ਦੂਰ ਰਹਿਣ ਕਿਉਂਕਿ ਨਸ਼ਿਆਂ ਦੀ ਲਤ ਉਨ੍ਹਾਂ ਦੀ ਜਾਨ ਲਈ ਖ਼ਤਰਾ ਬਣ ਸਕਦੀ ਹੈ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਪੰਜਾਬ ਪੁਲਿਸ ਦੀ ਨਸ਼ਿਆਂ ਵਿਰੁੱਧ ਲੜਾਈ ਵਿੱਚ ਸ਼ਾਮਲ ਹੋਣ ਅਤੇ ਜੇਕਰ ਕੋਈ ਵੀ ਨਸ਼ਾ ਤਸਕਰੀ ਜਾਂ ਸਪਲਾਈ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਦੀ ਸੂਚਨਾ ਪੁਲਿਸ ਨਾਲ ਸਾਂਝੀ ਕਰਨ ਲਈ ਵੀ ਕਿਹਾ।
ਉਨ੍ਹਾਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਪੰਜਾਬ ਪੁਲਿਸ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ, “ਆਓ ਰਲ ਕੇ ਇਸ ਠੋਸ ਸੰਕਲਪ ਨਾਲ ਨਸ਼ਿਆਂ ਵਿਰੁੱਧ ਲੜਾਈ ਦਾ ਅਹਿਦ ਲਈਏ। ਆਓ ਅਸੀਂ ਆਪਣੇ ਨੌਜਵਾਨਾਂ, ਆਪਣੇ ਪਰਿਵਾਰਾਂ ਅਤੇ ਆਪਣੇ ਭਵਿੱਖ ਦੀ ਰਾਖੀ ਕਰੀਏ।”
ਜ਼ਿਕਰਯੋਗ ਹੈ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਪੁੱਟਣ ਲਈ ਪੰਜਾਬ ਪੁਲਿਸ ਦੇ ਠੋਸ ਯਤਨਾਂ ਸਦਕਾ, ਹੈਰੋਇਨ ਦੀ ਬਰਾਮਦਗੀ ਵਿੱਚ 2017 ਤੋਂ 6.83 ਗੁਣਾ (683 ਫੀਸਦੀ) ਵਾਧਾ ਹੋਇਆ ਹੈ।
ਇਹ ਵੀ ਪੜ੍ਹੋ – ਅਗਲੇ ਮਹੀਨੇ ਪੈਰਿਸ ਓਲੰਪਕਿ ਲਈ ਭਾਰਤੀ ਹਾਕੀ ਟੀਮ ਦਾ ਐਲਾਨ! ਕਪਤਾਨ, ਉੱਪ ਕਪਤਾਨ ਸਮੇਤ ਪੰਜਾਬ ਤੋਂ 6 ਖਿਡਾਰੀ