Punjab

ਅੰਮ੍ਰਿਤਸਰ ਵਿਖੇ ਹੋ ਰਹੇ ਪੰਥਕ ਇਕੱਠ ਨੂੰ ਰੋਕਣ ਲਈ ਸਿੱਖ ਆਗੂਆਂ ਦੀ ਫੜੋ-ਫੜਾਈ ਸ਼ੁਰੂ…

Arrest of Sikh leaders started to stop panthak meeting taking place at Amritsar...

ਅੰਮ੍ਰਿਤਸਰ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਆਸਾਮ ਦੀ ਜੇਲ੍ਹ ਡਿਬਰੂਗੜ੍ਹ ਤੋਂ ਪੰਜਾਬ ਦੇ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਸੱਦੇ ਗਏ ਪੰਥਕ ਇਕੱਠ ਵਿੱਚ ਸ਼ਾਮਲ ਹੋਣ ਲਈ ਭਾਰੀ ਗਿਣਤੀ ਵਿੱਚ ਸਿੱਖ ਸੰਗਤ ਅੰਮ੍ਰਿਤਸਰ ਪਹੁੰਚ ਰਹੀ ਹੈ।

ਦੂਜੇ ਬੰਨੇ ਸਰਕਾਰ ਨੇ ਇਸ ਪੰਥਕ ਇਕੱਠ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਨੂੰ ਨਜ਼ਰਬੰਦ ਕਰਨਾ ਸ਼ੁਰੂ ਕਰ ਦਿੱਤਾ ਹੈ। ਇਕੱਠ ਵਿਚ ਸ਼ਾਮਿਲ ਹੋਣ ਤੋਂ ਰੋਕਣ ਲਈ ਜਗਰਾਉਂ ਤੋ ਸ਼੍ਰੋਮਣੀ ਅਕਾਲੀ ਦਲ ਦੇ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ ਨੂੰ ਰੋਕਣ ਲਈ ਉਨ੍ਹਾਂ ਦੇ ਘਰ ਦੇ ਬਾਹਰ ਵੱਡੀ ਗਿਣਤੀ ਵਿਚ ਪੁਲਿਸ ਨੇ ਪਹੁੰਚ ਕੇ ਭਾਈ ਗੁਰਚਰਨ ਗਰੇਵਾਲ ਨੂੰ ਉਨ੍ਹਾਂ ਦੇ ਘਰ ਵਿਚ ਹੀ ਨਜ਼ਰਬੰਦ ਕਰ ਲਿਆ।

ਸ਼੍ਰੋਮਣੀ ਅਕਾਲੀ ਦਲ ਸ਼ੇਰ-ਏ-ਪੰਜਾਬ’ ਦੇ ਮੁਖੀ ਭਾਈ ਗੁਰਦੀਪ ਸਿੰਘ ਬਠਿੰਡਾ ਨੂੰ ਉਨ੍ਹਾਂ ਦੀ ਸਥਾਨਕ ਰਿਹਾਇਸ਼ ਵਿਖੇ ਬਠਿੰਡਾ ਪੁਲਿਸ ਵਲੋਂ ਘਰ ਵਿਚ ਨਜ਼ਰਬੰਦ ਕੀਤਾ ਗਿਆ ਹੈ। ਭਾਈ ਬਠਿੰਡਾ ਦੇ ਸ਼ੋਸਲ ਮੀਡੀਆ ਪੇਜ ਵੀ ਬੰਦ ਕਰ ਦਿੱਤੇ ਗਏ ਹਨ। ਇਸੇ ਤਰ੍ਹਾਂ ਨੌਜਵਾਨ ਆਗੂ ਲੱਖਾ ਸਿਧਾਣਾ ਨੂੰ ਵੀ ਉਸ ਵੇਲੇ ਪੁਲਿਸ ਵਲੋਂ ਹਿਰਾਸਤ ਵਿੱਚ ਲੈ ਲਿਆ ਗਿਆ, ਜਦੋਂ ਉਹ ਅੱਖ ਬਚਾ ਕੇ ਪੰਥਕ ਇਕੱਠ ਵਿਚ ਸ਼ਾਮਿਲ ਹੋਣ ਲਈ ਜਾ ਰਿਹਾ ਸੀ। ਜਦਕਿ ਭਾਈ ਅੰਮਿ੍ਤਪਾਲ ਸਿੰਘ ਦੇ ਵਕੀਲ ਹਰਪਾਲ ਸਿੰਘ ਖਾਰਾ ਨੂੰ ਵੀ ਪੁਲਿਸ ਨੇ ਘਰ ਵਿਚ ਨਜ਼ਰਬੰਦ ਕਰ ਦਿੱਤਾ ਹੈ।

ਦੂਜੇ ਪਾਸੇ ਭਾਈ ਅੰਮ੍ਰਿਤਪਾਲ ਸਮੇਤ ਉਨ੍ਹਾਂ ਦੇ ਸਾਥੀਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਨੇ ਪੰਜਾਬ ਦੀਆਂ ਜੇਲ੍ਹਾਂ ਵਿਚ ਸਿਫ਼ਟ ਕਰਨ ਦੀ ਮੰਗ ਨੂੰ ਲੈ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਅਪਣੀ ਭੁੱਖ ਹੜਤਾਲ ਜਾਰੀ ਰੱਖੀ ਹੋਈ ਹੈ। ਇਸੇ ਸੰਘਰਸ਼ ਨੂੰ ਅੱਗੇ ਵਧਾਉਂਦਿਆਂ ਅੱਜ ਐਤਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਉਪਰ ਪੰਥਕ ਇਕੱਠ ਸੱਦਿਆ ਹੋਇਆ ਹੈ, ਜਿਸਦੇ ਵਿਚ ਅਗਲਾ ਪ੍ਰੋਗਰਾਮ ਉਲੀਕਿਆ ਜਾਣਾ ਹੈ। ਪਰ ਇਸਤੋਂ ਪਹਿਲਾਂ ਹੀ ਪੁਲਿਸ ਵੱਲੋਂ ਬੀਤੀ ਰਾਤ ਇਸ ਪੰਥਕ ਇਕੱਠ ਵਿਚ ਪੁੱਜਣ ਵਾਲੇ ਸੰਭਾਵੀ ਆਗੂਆਂ ਦੀਆਂ ਲਿਸਟਾਂ ਬਣਾ ਕੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਤੋਂ ਇਲਾਵਾ ਘਰਾਂ ਵਿਚ ਨਜ਼ਰਬੰਦ ਕੀਤਾ ਜਾ ਰਿਹਾ। ਘਰ ਵਿਚ ਨਜ਼ਰਬੰਦ ਕੀਤੇ ਹੋਏ ਭਾਈ ਗੁਰਦੀਪ ਸਿੰਘ ਬਠਿੰਡਾ ਨੇ ਕਿਹਾ ਕਿ ਅਜਿਹਾ ਕਰਕੇ ਸਰਕਾਰ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਾ ਰਹੀ ਹੈ।