‘ਦ ਖ਼ਾਲਸ ਬਿਊਰੋ (ਕੁਰਾਲੀ):- ਮੁਲਤਾਨੀ ਅਗਵਾ ਅਤੇ ਲਾਪਤਾ ਮਾਮਲੇ ਵਿੱਚ ਦੋਸ਼ੀ ਪਾਏ ਗਏ ਪੰਜਾਬ ਦੇ ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਅਜੇ ਤੱਕ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ। ਸੈਣੀ ਦੀ ਗ੍ਰਿਫਤਾਰੀ ਅਜੇ ਤੱਕ ਕਿਉਂ ਨਹੀਂ ਹੋ ਸਕੀ, ਇਹ ਪ੍ਰਸ਼ਨ ਹਰ ਇੱਕ ਵੱਲੋਂ ਪੁੱਛਿਆ ਜਾ ਰਿਹਾ ਹੈ। ਹੁਣ ਬਹੁਜਨ ਸਮਾਜ ਪਾਰਟੀ ਨੇ ਸੈਣੀ ਦੀ ਗ੍ਰਿਫਤਾਰੀ ਲਈ ਸੜਕਾਂ ‘ਤੇ ਉਤਰਨ ਦੀ ਚਿਤਾਵਨੀ ਦਿੱਤੀ ਹੈ।
ਬਸਪਾ ਦੇ ਸੂਬਾ ਜਨਰਲ ਸਕੱਤਰ ਰਾਜਿੰਦਰ ਸਿੰਘ ਰਾਜਾ ਨਨਹੇੜੀਆਂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ‘ਤੇ ਤਸ਼ੱਦਦ ਕਰਨ ਵਾਲੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਹੁਣ ਵੀ ਕੁਝ ਅਕਾਲੀ-ਭਾਜਪਾ ਤੇ ਕਾਂਗਰਸੀ ਨੇਤਾ ਬਚਾਉਣ ਦੀਆਂ ਕੋਸ਼ਿਸ਼ਾਂ ਕਰਨ ਵਿੱਚ ਲੱਗੇ ਹੋਏ ਹਨ। ਉਹਨਾਂ ਮੁੱਖ ਮੰਤਰੀ ਕੈਪਟਨ ਤੋਂ ਮੰਗ ਕੀਤੀ ਕਿ ਅਜਿਹੇ ਪੁਲਿਸ ਅਧਿਕਾਰੀਆਂ ਦੀ ਮੱਦਦ ਕਰਨ ਦੀ ਬਜਾਏ ਉਸਨੂੰ ਕਾਨੂੰਨ ਅਨੁਸਾਰ ਸਜ਼ਾ ਦਿਵਾਈ ਜਾਵੇ।
ਰਾਜਾ ਨਨਹੇੜੀਆਂ ਨੇ ਕਿਹਾ ਕਿ ਜੇਕਰ ਕੈਪਟਨ ਸਰਕਾਰ ਨੇ ਸੈਣੀ ਨੂੰ ਬਚਾਉਣ ਦੀ ਕੋਈ ਕੋਸ਼ਿਸ਼ ਕੀਤੀ ਤਾਂ ਬਹੁਜਨ ਸਮਾਜ ਪਾਰਟੀ ਸੜਕਾਂ ‘ਤੇ ਉੱਤਰੇਗੀ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਉਹਨਾਂ ਸੈਣੀ ਦੀ ਸਾਰੀ ਜਾਇਦਾਦ ਤੇ ਬੈਂਕ ਖਾਤੇ ਸੀਲ ਕਰਨ ਅਤੇ ਸੰਪਤੀ ਦੀ ਜਾਂਚ ਕਰਨ ਦੀ ਮੰਗ ਵੀ ਕੀਤੀ।