Punjab

ਅਰਵਿੰਦ ਕੇਜਰੀਵਾਲ ਅੱਜ ਪੰਜਾਬ ਆਉਣਗੇ, ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ

ਪੰਜਾਬ ਵਿੱਚ ਹੜ੍ਹਾਂ ਅਤੇ ਭਾਰੀ ਮੀਂਹ ਕਾਰਨ ਹੋਈ ਤਬਾਹੀ ਦੇ ਵਿਚਕਾਰ, ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ, ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਇਸ ਦੌਰੇ ਦਾ ਮਕਸਦ ਜ਼ਮੀਨੀ ਪੱਧਰ ‘ਤੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਣਾ, ਪ੍ਰਸ਼ਾਸਨਿਕ ਤਿਆਰੀਆਂ ਦੀ ਸਮੀਖਿਆ ਕਰਨਾ ਅਤੇ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਮਨੋਬਲ ਵਧਾਉਣਾ ਹੈ।

ਦੋਵੇਂ ਨੇਤਾ ਰਾਹਤ ਕੈਂਪਾਂ ਦਾ ਦੌਰਾ ਕਰਨਗੇ ਅਤੇ ਪ੍ਰਭਾਵਿਤ ਲੋਕਾਂ ਨੂੰ ਮਿਲਣਗੇ, ਸਹੂਲਤਾਂ ਦਾ ਮੁਆਇਨਾ ਕਰਨਗੇ। ‘ਆਪ’ ਨੇ ਕਿਹਾ ਕਿ ਇਹ ਦੌਰਾ ਸਿਰਫ਼ ਰਸਮੀ ਨਹੀਂ, ਸਗੋਂ ਪੰਜਾਬ ਦੇ ਲੋਕਾਂ ਪ੍ਰਤੀ ਪਾਰਟੀ ਦੀ ਵਚਨਬੱਧਤਾ ਅਤੇ ਏਕਤਾ ਦਾ ਪ੍ਰਤੀਕ ਹੈ। ਇਸ ਸੰਕਟ ਵਿੱਚ ਇਕਜੁੱਟਤਾ ਦਿਖਾਉਂਦਿਆਂ, ‘ਆਪ’ ਦੇ ਸਾਰੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੇ ਆਪਣੀ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦਾਨ ਕਰਨ ਦਾ ਫੈਸਲਾ ਕੀਤਾ ਹੈ। ਪਾਰਟੀ ਨੇ ਇਸਨੂੰ ਸੇਵਾ ਅਤੇ ਸਮਰਪਣ ਦਾ ਪ੍ਰਤੀਕ ਦੱਸਿਆ, ਜੋ ਦਰਸਾਉਂਦਾ ਹੈ ਕਿ ਉਹ ਸੰਕਟ ਦੀ ਇਸ ਘੜੀ ਵਿੱਚ ਪੰਜਾਬ ਦੇ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ।