ਸ੍ਰੀ ਫ਼ਤਿਹਗੜ੍ਹ ਸਾਹਿਬ : 10 ਦਸੰਬਰ ਤੋਂ ਸੂਬੇ ਦੇ ਲੋਕਾਂ ਨੂੰ ਸਿਰਫ਼ ਇੱਕ ਫ਼ੋਨ ਕਾਲ ਨਾਲ ਹੀ 43 ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਘਰ ਦੇ ਦਰਵਾਜ਼ੇ ‘ਤੇ ਮਿਲਣਗੀਆਂ। ਇਨ੍ਹਾਂ ਵਿੱਚ ਜਨਮ ਅਤੇ ਮੌਤ ਸਰਟੀਫਿਕੇਟ, ਆਮਦਨ, ਰਿਹਾਇਸ਼, ਜਾਤੀ ਅਤੇ ਪੈਨਸ਼ਨ ਸਰਟੀਫਿਕੇਟ, ਬਿਜਲੀ ਬਿੱਲਾਂ ਦਾ ਭੁਗਤਾਨ ਅਤੇ ਹੋਰ ਸੇਵਾਵਾਂ ਸ਼ਾਮਲ ਹਨ। ਇਸ ਦੇ ਲਈ ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ ਸਕੀਮ ਸ਼ੁਰੂ ਕਰਨ ਜਾ ਰਹੀ ਹੈ।
ਇਹ ਗੱਲਾਂ ਮੁੱਖ ਮੰਤਰੀ ਭਗਵੰਤ ਮਾਨ ( Chief Minister Bhagwant Maan)ਨੇ ਵੀਰਵਾਰ ਨੂੰ ਸ੍ਰੀ ਫ਼ਤਿਹਗੜ੍ਹ ਸਾਹਿਬ ਅਤੇ ਬੱਸੀ ਪਠਾਣਾਂ ਦੇ ਸ਼ਾਮ ਕੇਂਦਰਾਂ ਦੇ ਅਚਨਚੇਤ ਦੌਰੇ ਦੌਰਾਨ ਕਹੀਆਂ। ਉਨ੍ਹਾਂ ਕਿਹਾ ਕਿ ਇਸ ਸਕੀਮ ਨਾਲ ਨਾ ਸਿਰਫ਼ ਲੋਕਾਂ ਨੂੰ ਫ਼ਾਇਦਾ ਹੋਵੇਗਾ ਸਗੋਂ ਪੈਸੇ ਲੈ ਕੇ ਕੰਮ ਕਰਵਾਉਣ ਵਾਲੇ ਵਿਚੋਲਿਆਂ ਦੀ ਭੂਮਿਕਾ ਵੀ ਖ਼ਤਮ ਹੋ ਜਾਵੇਗੀ। ਪ੍ਰਸ਼ਾਸਨ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਹੋਵੇਗੀ।
ਇਸ ਦੇ ਨਾਲ ਹੀ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ 100 ਹੋਰ ਆਮ ਆਦਮੀ ਕਲੀਨਿਕ ਜਲਦੀ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਨਾਲ ਹੀ ਆਉਣ ਵਾਲੇ ਸਾਲ ਵਿੱਚ ਸੂਬੇ ਵਿੱਚ ਪੰਜ ਨਵੇਂ ਮੈਡੀਕਲ ਕਾਲਜ ਖੋਲ੍ਹਣ ਦਾ ਟੀਚਾ ਮਿਥਿਆ ਗਿਆ ਹੈ। ਇਹ ਫ਼ੈਸਲਾ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਵਿੱਚ ਸਿਹਤ ਮੰਤਰੀ ਬਲਬੀਰ ਸਿੰਘ ਵੀ ਮੌਜੂਦ ਸਨ।
ਇੰਝ ਹੋਣਗੇ ਕੰਮ
ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਦਾ ਲਾਭ ਲੈਣ ਲਈ ਲੋਕਾਂ ਨੂੰ ਹੈਲਪਲਾਈਨ ਨੰਬਰ 1076 ‘ਤੇ ਕਾਲ ਕਰਨੀ ਪਵੇਗੀ ਅਤੇ ਆਪਣੀ ਸਹੂਲਤ ਅਨੁਸਾਰ ਸਮਾਂ ਦੇਣਾ ਹੋਵੇਗਾ। ਫ਼ੋਨ ‘ਤੇ ਹੀ ਬਿਨੈਕਾਰ ਨੂੰ ਸਬੰਧਤ ਸੇਵਾ ਦਾ ਲਾਭ ਲੈਣ ਲਈ ਲੋੜੀਂਦੇ ਦਸਤਾਵੇਜ਼ਾਂ, ਫ਼ੀਸਾਂ ਅਤੇ ਹੋਰ ਸ਼ਰਤਾਂ ਬਾਰੇ ਸੂਚਿਤ ਕੀਤਾ ਜਾਵੇਗਾ। ਇਸ ਦੇ ਲਈ, ਬਿਨੈਕਾਰ ਨੂੰ ਐਸਐਮਐਸ ਪ੍ਰਾਪਤ ਹੋਵੇਗਾ, ਜਿਸ ਰਾਹੀਂ ਉਸਨੂੰ ਲੋੜੀਂਦੇ ਦਸਤਾਵੇਜ਼, ਮਿਤੀ ਅਤੇ ਸਮੇਂ ਬਾਰੇ ਪਤਾ ਲੱਗ ਜਾਵੇਗਾ।
ਮਾਨ ਨੇ ਦੱਸਿਆ ਕਿ ਨਿਰਧਾਰਿਤ ਸਮੇਂ ਅਨੁਸਾਰ ਵਿਸ਼ੇਸ਼ ਤੌਰ ‘ਤੇ ਸਿਖਲਾਈ ਪ੍ਰਾਪਤ ਕਰਮਚਾਰੀ ਟੈਬਲੈੱਟ ਲੈ ਕੇ ਸਬੰਧਤ ਬਿਨੈਕਾਰ ਦੇ ਘਰ ਜਾਂ ਦਫ਼ਤਰ ਜਾ ਕੇ ਸਾਰੀਆਂ ਲੋੜੀਂਦੀਆਂ ਕਾਗ਼ਜ਼ੀ ਕਾਰਵਾਈਆਂ ਨੂੰ ਪੂਰਾ ਕਰਨਗੇ ਅਤੇ ਫ਼ੀਸ ਜਮ੍ਹਾਂ ਕਰਵਾਉਣਗੇ। ਬਿਨੈਕਾਰ ਨੂੰ ਇੱਕ ਰਸੀਦ ਵੀ ਦਿੱਤੀ ਜਾਵੇਗੀ। ਉਹ ਆਪਣੀ ਅਰਜ਼ੀ ‘ਤੇ ਚੱਲ ਰਹੀ ਪ੍ਰਕਿਰਿਆ ਬਾਰੇ ਜਾਣ ਸਕੇਗਾ।
ਮੀਟਿੰਗ ਵਿੱਚ ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਤੱਕ 664 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚ 84 ਜ਼ਰੂਰੀ ਦਵਾਈਆਂ ਅਤੇ 40 ਤੋਂ ਵੱਧ ਟੈੱਸਟ ਮੁਫ਼ਤ ਕੀਤੇ ਜਾ ਰਹੇ ਹਨ। ਅਜਿਹੇ ‘ਚ ਲੋਕਾਂ ਦੀਆਂ ਜ਼ਰੂਰਤਾਂ ਦੇ ਹਿਸਾਬ ਨਾਲ ਤਿਆਰ ਕੀਤੇ ਗਏ ਨਵੇਂ ਕਲੀਨਿਕ ਜਲਦ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ।
ਸਰਹੱਦੀ ਜ਼ਿਲ੍ਹਿਆਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਸੂਬੇ ਵਿੱਚ ਬਣਾਏ ਜਾ ਰਹੇ ਮੈਡੀਕਲ ਕਾਲਜਾਂ ਨੂੰ ਸ਼ੁਰੂ ਕਰਨ ਦੀ ਪ੍ਰਕਿਰਿਆ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ 75 ਸਾਲਾਂ ਬਾਅਦ ਸੂਬੇ ਵਿੱਚ ਸਿਰਫ਼ ਤਿੰਨ ਮੈਡੀਕਲ ਕਾਲਜ ਖੁੱਲ੍ਹੇ ਹਨ ਜਦਕਿ ਪੰਜ ਹੋਰ ਖੋਲ੍ਹਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਸ ਨਾਲ ਮੈਡੀਕਲ ਟੂਰਿਜ਼ਮ ਨੂੰ ਹੁਲਾਰਾ ਮਿਲੇਗਾ। ਇਸ ਤੋਂ ਇਲਾਵਾ ਉਹ ਆਪਣੇ ਘਰਾਂ ਦੇ ਨੇੜੇ ਉੱਚ ਪੱਧਰੀ ਸਿੱਖਿਆ ਪ੍ਰਾਪਤ ਕਰ ਸਕਣਗੇ।
ਮੀਟਿੰਗ ਵਿੱਚ ਮੁੱਖ ਮੰਤਰੀ ਨੇ ਜ਼ਿਲ੍ਹਾ ਅਧਿਕਾਰੀਆਂ ਤੋਂ ਡੇਂਗੂ, ਚਿਕਨਗੁਨੀਆ, ਮਲੇਰੀਆ ਅਤੇ ਸਵਾਈਨ ਫਲੂ ਸਬੰਧੀ ਸਿਹਤ ਵਿਭਾਗ ਵੱਲੋਂ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਹਾਸਲ ਕੀਤੀ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਪੱਸ਼ਟ ਕਿਹਾ ਕਿ ਲੋਕਾਂ ਨੂੰ ਹਸਪਤਾਲਾਂ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ। ਸਰਕਾਰੀ ਹਸਪਤਾਲਾਂ ਵਿੱਚ ਸਾਰੀਆਂ ਦਵਾਈਆਂ ਮੁਫ਼ਤ ਮੁਹੱਈਆ ਕਰਵਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ।