‘ਦ ਖ਼ਾਲਸ ਬਿਊਰੋ :- ਯੂਪੀ ਦੇ ਲਖੀਮਪੁਰ ਖੀਰੀ ਵਿੱਚ ਵਾਪਰੇ ਹਾਦਸੇ ਤੋਂ ਬਾਅਦ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤ ਅਤੇ ਕਥਿਤ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਅੰਤ ਨੂੰ ਪੁਲਿਸ ਦੀ ਕ੍ਰਾਈਮ ਬ੍ਰਾਂਚ ਅੱਗੇ ਪੇਸ਼ ਹੋ ਗਏ ਹਨ। ਯੂਪੀ ਪੁਲਿਸ ਵੱਲੋਂ ਉਸਦੀ ਭਾਲ ਕੀਤੀ ਜਾ ਰਹੀ ਸੀ। ਆਸ਼ੀਸ਼ ਮਿਸ਼ਰਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕਿਸਾਨਾਂ ਨੇ 11 ਅਕਤੂਬਰ ਤੱਕ ਗ੍ਰਿਫ਼ਤਾਰ ਕਰਨ ਦੀ ਮੋਹਲਤ ਦਿੰਦਿਆਂ 18 ਅਕਤੂਬਰ ਨੂੰ ਰੇਲਾਂ ਦਾ ਚੱਕਾ ਜਾਮ ਕਰਨ ਦੀ ਚਿਤਾਵਨੀ ਦੇ ਦਿੱਤੀ ਸੀ।
ਪੰਜਾਬ ਕਾਂਗਰਸ ਵੱਲੋਂ ਵੀ ਗ੍ਰਿਫ਼ਤਾਰੀ ਨੂੰ ਲੈ ਕੇ ਧਰਨਾ ਦਿੱਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਹਾਦਸੇ ਨਾਲ ਸਬੰਧਿਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਪਿਛਲੇ ਐਤਵਾਰ ਨੂੰ ਆਸ਼ੀਸ਼ ਮਿਸ਼ਰਾ ਨੇ ਅੰਦੋਲਨ ਕਰ ਰਹੇ ਕਿਸਾਨਾਂ ਉੱਤੇ ਆਪਣੀ ਥਾਰ ਚੜ੍ਹਾ ਕੇ ਦਰੜ ਦਿੱਤਾ ਸੀ, ਜਿਸ ਵਿੱਚ ਚਾਰ ਕਿਸਾਨਾਂ ਨੇ ਦਮ ਤੋੜ ਦਿੱਤਾ ਸੀ।